ਪੰਜਾਬ

punjab

ETV Bharat / state

ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਸਕੂਲ ਸਮੇਂ ਤੋਂ ਵੱਧ ਜਮਾਤਾਂ ਲਗਾਉਣ ਦਾ ਉਪਰਾਲਾ

ਆਗਾਮੀ ਸਾਲਾਨਾ ਪ੍ਰੀਖਿਆਵਾਂ ਦੌਰਾਨ ਵਿਦਿਆਰਥੀਆਂ ਦੀ ਸਫ਼ਲਤਾ ਯਕੀਨੀ ਬਣਾਉਣ ਲਈ ਅਧਿਆਪਕਾਂ ਵੱਲੋਂ ਸਵੈ-ਇੱਛਾ ਨਾਲ ਸਕੂਲ ਸਮੇਂ ਤੋਂ ਵਾਧੂ ਸਮੇਂ ਦੌਰਾਨ ਵੀ ਵਿਦਿਆਰਥੀਆਂ ਦੀਆਂ ਜਮਾਤਾਂ ਲਗਾਈਆਂ ਜਾ ਰਹੀਆਂ ਹਨ।

ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਸਕੂਲ ਸਮੇਂ ਤੋਂ ਵੱਧ ਜਮਾਤਾਂ ਲਗਾਉਣ ਦਾ ਉਪਰਾਲਾ
ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਸਕੂਲ ਸਮੇਂ ਤੋਂ ਵੱਧ ਜਮਾਤਾਂ ਲਗਾਉਣ ਦਾ ਉਪਰਾਲਾ

By

Published : Jan 16, 2021, 10:02 PM IST

ਬਰਨਾਲਾ: ਸੈਸ਼ਨ 2020-21 ਦੀਆਂ ਸਾਲਾਨਾ ਪ੍ਰੀਖਿਆਵਾਂ ਦੌਰਾਨ ਸਰਕਾਰੀ ਸਕੂਲਾਂ ਦੇ ਸਮੂਹ ਵਿਦਿਆਰਥੀਆਂ ਦੀ ਬਿਹਤਰ ਕਾਰਗੁਜ਼ਾਰੀ ਨਾਲ 100 ਫ਼ੀਸਦੀ ਸਫ਼ਲਤਾ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਕੈਪਟਨ ਵੱਲੋਂ ਲਾਂਚ ਕੀਤੇ ਮਿਸ਼ਨ ਸ਼ਤ ਪ੍ਰਤੀਸ਼ਤ ਦੀ ਸਫ਼ਲਤਾ ਲਈ ਸਕੂਲ ਸਿੱਖਿਆ ਵਿਭਾਗ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਰਬਜੀਤ ਸਿੰਘ ਤੂਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹਰਕੰਵਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਸਰਕਾਰੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਕੋਰੋਨਾ ਪਾਬੰਦੀਆਂ ਦੀ ਪਾਲਣਾ ਕਰਦਿਆਂ ਆਮ ਦਿਨਾਂ ਵਾਂਗ ਪੜ੍ਹਾਈ ਕਰਵਾਈ ਜਾ ਰਹੀ ਹੈ।

ਆਗਾਮੀ ਸਾਲਾਨਾ ਪ੍ਰੀਖਿਆਵਾਂ ਦੌਰਾਨ ਵਿਦਿਆਰਥੀਆਂ ਦੀ 100 ਫੀਸਦੀ ਸਫ਼ਲਤਾ ਯਕੀਨੀ ਬਣਾਉਣ ਲਈ ਮਿਸ਼ਨ ਸ਼ਤ ਪ੍ਰਤੀਸ਼ਤ ਅਧੀਨ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸਿੱਖਣ ਪੱਧਰ ਮੁਤਾਬਕ ਪੜ੍ਹਨ ਸਮੱਗਰੀ ਮੁਹੱਈਆ ਕਰਵਾਉਣ ਤੋਂ ਇਲਾਵਾ ਹਫ਼ਤਾਵਾਰੀ ਟੈਸਟਾਂ ਜ਼ਰੀਏ ਵੀ ਵਿਦਿਆਰਥੀਆਂ ਦੇ ਸਿੱਖਣ ਪੱਧਰ ਦਾ ਲਗਾਤਾਰ ਮੁਲਾਂਕਣ ਕੀਤਾ ਜਾ ਰਿਹਾ ਹੈ।

ਇਨ੍ਹਾਂ ਤਮਾਮ ਵਿਭਾਗੀ ਕੋਸ਼ਿਸ਼ਾਂ ਦੇ ਨਾਲ-ਨਾਲ ਅਧਿਆਪਕਾਂ ਵੱਲੋਂ ਸਵੈ-ਇੱਛਾ ਨਾਲ ਸਕੂਲ ਸਮੇਂ ਤੋਂ ਵਾਧੂ ਸਮੇਂ ਦੌਰਾਨ ਵੀ ਵਿਦਿਆਰਥੀਆਂ ਦੀਆਂ ਜਮਾਤਾਂ ਲਗਾਈਆਂ ਜਾ ਰਹੀਆਂ ਹਨ। ਅਧਿਆਪਕਾਂ ਵੱਲੋਂ ਸਮੇਤ ਐਤਵਾਰ ਅਤੇ ਬਾਕੀ ਛੁੱਟੀਆਂ ਦੇ ਦਿਨਾਂ ਦੌਰਾਨ ਵੀ ਵਿਦਿਆਰਥੀਆਂ ਦੀ ਸਹੂਲਤ ਮੁਤਾਬਕ ਵਾਧੂ ਜਮਾਤਾਂ ਲਗਾਈਆਂ ਜਾ ਰਹੀਆਂ ਹਨ।

ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਅਧਿਆਪਕਾਂ ਸਮੇਤ ਸਕੂਲਾਂ ਦੇ ਪ੍ਰਿੰਸੀਪਲ, ਹੈਡਮਾਸਟਰ ਅਤੇ ਇੰਚਾਰਜ ਵੀ ਵਾਧੂ ਜਮਾਤਾਂ ਲਗਾ ਰਹੇ ਹਨ। ਅਧਿਕਾਰੀਆਂ ਨੇ ਅੱਗੇ ਦੱਸਿਆ ਕਿ ਸਿੱਖਿਆ ਸਕੱਤਰ ਵੱਲੋਂ ਵਾਧੂ ਜਮਾਤਾਂ ਲਗਾਉਣ ਵਾਲੇ ਅਧਿਆਪਕਾਂ ਨੂੰ ਪ੍ਰਸ਼ੰਸਾ ਪੱਤਰ ਵੀ ਜਾਰੀ ਕੀਤੇ ਜਾ ਰਹੇ ਹਨ।

ABOUT THE AUTHOR

...view details