ਬਰਨਾਲਾ: ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਕੋਠੀ ਅੱਗੇ ਦੋ ਦਿਨਾਂ ਤੋਂ ਲੱਗਿਆ ਈਟੀਟੀ ਅਧਿਆਪਕਾਂ ਦਾ ਪੱਕਾ ਮੋਰਚਾ ( dharna in front of Education Minister's residence ) ਅੱਜ ਸ਼ਾਮ ਸਮਾਪਤ ਕਰ ਦਿੱਤਾ ਗਿਆ। ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਵਿਭਾਗ ਵੱਲੋਂ ਲਿਖਤੀ ਪੈਨਲ ਮੀਟਿੰਗ ਦਾ ਵਿਸਵਾਸ ਦੁਆਇਆ ਗਿਆ ਹੈ। ਇਸ ਮਿਲੇ ਲਿਖਤੀ ਭਰੋਸੇ ਤੋਂ ਬਾਅਦ ਜੇਤੂ ਨਾਅਰਿਆਂ ਦੀ ਆਵਾਜ਼ ਵਿੱਚ ਇਸ ਧਰਨੇ ਨੂੰ ਖਤਮ ਕੀਤਾ ਗਿਆ ਹੈ। ਪ੍ਰਦਰਸ਼ਨਕਾਰੀ ਅਧਿਆਪਕ ਆਗੂਆਂ ਨੇ ਦੱਸਿਆ ਕਿ ਸਰਕਾਰ ਨਾਲ ਬਣੀ ਸਹਿਮਤੀ ਵਿੱਚ 6 ਅਪ੍ਰੈਲ ਨੂੰ ਚੰਡੀਗੜ੍ਹ ਦੇ ਸਕੱਤਰੇਤ ਵਿਖੇ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਹੋਵੇਗੀ।
ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿੱਚ ਕਿਸਾਨ ਆਗੂ ਮਨਜੀਤ ਧਨੇਰ ਸਮੇਤ ਪ੍ਰਦਰਸ਼ਨਕਾਰੀ ਅਧਿਆਪਕ ਆਗੂਆਂ ਦਾ ਵਫ਼ਦ ਸ਼ਾਮਲ ਹੋਵੇਗਾ। ਇਸਦੇ ਨਾਲ ਹੀ ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਮੀਟਿੰਗ ਵਿਚ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਆਪਣਾ ਧਰਨਾ ਪ੍ਰਦਰਸ਼ਨ ਮੁੜ ਸ਼ੁਰੂ ਕਰਨਗੇ। ਇਸ ਮੌਕੇ ਵਿਸਥਾਰ ਵਿੱਚ ਗੱਲਬਾਤ ਕਰਦਿਆਂ ਅਧਿਆਪਕ ਆਗੂਆਂ ਨੇ ਦੱਸਿਆ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਬੀਤੇ ਕੱਲ੍ਹ ਤੋਂ ਸਿੱਖਿਆ ਮੰਤਰੀ ਮੀਤ ਹੇਅਰ ਦੀ ਕੋਠੀ ਅੱਗੇ ਧਰਨਾ ਲਗਾਈ ਬੈਠੇ ਸਨ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮੰਗ ਪਿਛਲੇ ਇੱਕ ਸਾਲ ਤੋਂ ਚੱਲ ਰਹੀ ਡੈਪੂਟੇਸ਼ਨ ਬਦਲੀਆਂ ਨੂੰ ਰੱਦ ਕਰਨ ਦੀ ਹੈ ਜਿਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਲਿਖਤੀ ਤੌਰ ’ਤੇ ਉਨ੍ਹਾਂ ਨੂੰ ਪੈਨਲ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਿਲੇ ਭਰੋਸੇ ਤੋਂ ਅੱਜ ਉਨ੍ਹਾਂ ਨੇ ਆਪਣਾ ਧਰਨਾ ਸਮਾਪਤ ਕਰ ਦਿੱਤਾ ਹੈ।