ਬਰਨਾਲਾ: ਜ਼ਿਲ੍ਹਾ ਬਰਨਾਲਾ ਦੇ ਪਿੰਡ ਰਾਮਗੜ੍ਹ ਵਿਖੇ ਕੁੱਝ ਦਿਨ ਪਹਿਲਾਂ ਇੱਕ ਕਿਸਾਨ ਭੋਲਾ ਸਿੰਘ ਵਲੋਂ ਖ਼ੁਦਕੁਸ਼ੀ ਕਰ ਲਈ ਗਈ ਸੀ, ਜਿਸ ਸਬੰਧੀ ਥਾਣਾ ਟੱਲੇਵਾਲ ਵਿਖੇ ਪਿੰਡ ਦੇ ਕਾਂਗਰਸੀ ਸਰਪੰਚ ਅਤੇ ਇੱਕ ਪੰਚ ’ਤੇ ਖ਼ੁਦਕੁਸ਼ੀ ਲਈ ਮਜ਼ਬੂਰ ਕਰਨ ਦਾ ਪਰਚਾ ਦਰਜ਼ ਕੀਤਾ ਗਿਆ ਸੀ। ਪਰ ਦੋਵੇਂ ਮੁਲਾਜ਼ਮਾਂ ਦੀ ਗ੍ਰਿਫ਼ਤਾਰੀ ਨਾ ਹੋਣ ਦੇ ਰੋਸ ਵਜੋਂ ਮ੍ਰਿਤਕ ਦੇ ਪਰਿਵਾਰ ਮੈਂਬਰਾਂ ਵਲੋਂ ਥਾਣਾ ਟੱਲੇਵਾਲ ਅੱਗੇ ਧਰਨਾ ਦੇ ਕੇ ਪੁਲੀਸ ਵਿਰੁੱਧ ਨਾਅਰੇਬਾਜੀ ਕੀਤੀ ਗਈ।
ਇਸ ਮੌਕੇ ਗੱਲਬਾਤ ਕਰਦਿਆਂ ਮ੍ਰਿਤਕ ਦੇ ਭਰਾ ਜਗਰਾਜ ਸਿੰਘ, ਬੀ.ਕੇ.ਯੂ ਉਗਰਾਹਾਂ ਦੇ ਆਗੂ ਹਰਪ੍ਰੀਤ ਸਿੰਘ, ਮੇਲਾ ਸਿੰਘ, ਸੰਸਾਰ ਸਿੰਘ ਅਤੇ ਜੀਵਨ ਸਿੰਘ ਨੇ ਕਿਹਾ ਕਿ ਕਿਸਾਨ ਭੋਲਾ ਸਿੰਘ ਵਲੋਂ ਕਰੀਬ ਛੇ ਦਿਨ ਪਹਿਲਾਂ ਪਿੰਡ ਦੇ ਸਰਪੰਚ ਅਤੇ ਪੰਚ ਤੋਂ ਦੁਖ਼ੀ ਹੋ ਕੇ ਜ਼ਹਿਰ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਸੀ। ਭਾਵੇਂ ਪੁਲਿਸ ਨੇ ਦੋਵੇਂ ਮੁਲਜ਼ਮਾਂ ’ਤੇ ਪਰਚਾ ਦਰਜ਼ ਕਰ ਲਿਆ ਹੈ, ਪਰ ਪੁਲਿਸ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਕਿਨਾਰਾ ਕਰ ਰਹੀ ਹੈ। ਜਿਸ ਕਰਕੇ ਦੁਖ਼ੀ ਹੋ ਕੇ ਉਨ੍ਹਾਂ ਨੂੰ ਥਾਣੇ ਦਾ ਘਿਰਾਉ ਕਰਨਾ ਪਿਆ ਹੈ।