ਬਰਨਾਲਾ: ਜ਼ਿਲ੍ਹੇ ਦੇ ਕਸਬਾ ਧਨੌਲਾ ਦੀ ਸਹਿਕਾਰੀ ਸੁਸਾਇਟੀ ਦੇ ਮੈਨੇਜਰ ਨੇ ਸੁਸਾਇਟੀ ਪ੍ਰਧਾਨ ਸਮੇਤ ਅਤੇ 3 ਹੋਰ ਲੋਕਾਂ ਤੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਵਿਸ਼ੇਸ਼ ਵਰਗ ਨਾਲ ਸਬੰਧਤ ਹੋਣ ਕਾਰਨ ਮ੍ਰਿਤਕ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕੀਤਾ ਜਾਂਦਾ ਸੀ ਜਿਸ ਤੋਂ ਤੰਗ ਹੋ ਕੇ ਉ੍ਨ੍ਹਾਂ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਕਰਦਿਆਂ ਮ੍ਰਿਤਕ ਦੀ ਲਾਸ਼ ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਰੱਖ ਕੇ ਧਰਨਾ ਦਿੱਤਾ ਗਿਆ ਸੀ।
ਇਸ ਧਰਨੇ ਵਿੱਚ ਪਰਿਵਾਰ ਮੈਂਬਰਾਂ ਸਣੇ ਵਿਦਿਆਰਥੀ ਆਗੂ ਵੀ ਸ਼ਾਮਲ ਸਨ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਨ੍ਹਾਂ ਉੱਤੇ ਲਾਠੀਚਾਰਜ ਕੀਤਾ ਗਿਆ ਹੈ ਜਿਸ ਨਾਲ ਇੱਕ ਨੌਜਵਾਨ ਗੰਭੀਰ ਜਖ਼ਮੀ ਹੋ ਗਿਆ ਹੈ। ਮਹਿਲਾ ਪ੍ਰਦਰਸ਼ਨਕਾਰੀ ਨੇ ਕਿਹਾ ਕਿ ਪੁਲਿਸ ਵਲੋਂ ਉਨ੍ਹਾਂ ਦੇ ਗਲੇ ਨੂੰ ਹੱਥ ਪਾਇਆ ਗਿਆ ਹੈ। ਕਰੀਬ 4 ਘੰਟੇ ਰੋਡ ਜਾਮ ਰੱਖਣ ਤੋਂ ਬਾਅਦ ਪ੍ਰਸ਼ਾਸ਼ਨ ਵੱਲੋਂ ਪ੍ਰਦਰਸ਼ਨਕਾਰੀਆਂ ਦੀਆਂ ਮੰਗਾਂ ਮੰਨੇ ਜਾਣ ਤੋਂ ਬਾਅਦ ਇਹ ਧਰਨਾ ਮੁੱਖ ਮਾਰਗ ਤੋਂ ਚੁੱਕਿਆ ਗਿਆ ਹੈ।