ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਦੇ ਕਿਸਾਨਾਂ ਵੱਲੋਂ ਸੰਘਰਸ਼ ਦਿਨੋਂ-ਦਿਨ ਤੇਜ਼ ਹੁੰਦਾ ਜਾ ਰਿਹਾ ਹੈ। ਇਸ ਕਰਕੇ ਅਗਲੇ ਸੰਘਰਸ਼ ਦੇ ਪੜਾਅ ਤਹਿਤ ਪੰਜਾਬ ਸਮੇਤ ਪੂਰੇ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਦੇ ਘਿਰਾਓ ਦਾ ਐਲਾਨ ਕੀਤਾ ਗਿਆ ਹੈ। 26 ਅਤੇ 27 ਨਵੰਬਰ ਨੂੰ ਦੇਸ਼ ਭਰ ਦੇ ਕਿਸਾਨਾਂ ਵੱਲੋਂ ਦਿੱਲੀ ਦਾ ਘਿਰਾਓ ਕੀਤਾ ਜਾਣਾ ਹੈ ਜਿਸ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਵੱਲੋਂ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ।
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਆਗੂ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਦਿੱਲੀ ਨੂੰ ਲੈ ਕੇ ਪੰਜਾਬ ਦੇ ਪਿੰਡਾਂ ਵਿੱਚ ਕਿਸਾਨਾਂ ਵੱਲੋਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਰਾਸ਼ਨ ਅਤੇ ਹੋਰ ਲੋੜੀਂਦਾ ਸਾਮਾਨ ਟਰਾਲੀਆਂ ਵਿੱਚ ਰੱਖਿਆ ਜਾ ਰਿਹਾ ਹੈ। ਸੂਬੇ ਦੇ ਲੱਖਾਂ ਲੋਕ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਵੱਲ ਚਾਲੇ ਪਾਉਣਗੇ।
ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਕਿਸਾਨਾਂ ਦੇ ਰਸਤੇ ਰੋਕਣ ਦੀ ਕੋਸ਼ਿਸ਼ ਨਾ ਕਰੇ, ਕਿਉਂਕਿ ਕਿਸਾਨਾਂ ਦੀ ਲੜਾਈ ਕੇਂਦਰ ਸਰਕਾਰ ਨਾਲ ਹੈ। ਕੇਂਦਰ ਸਰਕਾਰ ਭਾਵੇਂ ਕਿਸਾਨਾਂ ਦੇ ਗੋਲੀਆਂ ਮਾਰੇ ਜਾਂ ਜੇਲ੍ਹਾਂ ਵਿੱਚ ਡੱਕੇ, ਉਹ ਆਪਣੇ ਮਰਦੇ ਦਮ ਤੱਕ ਸੰਘਰਸ਼ ਜਾਰੀ ਰੱਖਣਗੇ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਦਮ ਲੈਣਗੇ।
ਮਨਜੀਤ ਧਨੇਰ ਨੇ ਕਿਹਾ ਕਿ ਕਿਸਾਨਾਂ ਦੀ ਮੰਗ ਬਿਲਕੁਲ ਜਾਇਜ਼ ਹੈ। ਸ਼ਾਂਤਮਈ ਤਰੀਕੇ ਨਾਲ ਪਿਛਲੇ ਲੰਮੇ ਸਮੇਂ ਤੋਂ ਕਿਸਾਨ ਸੰਘਰਸ਼ ਕਰ ਰਹੇ ਹਨ। ਜੇਕਰ ਸਰਕਾਰ ਸੰਘਰਸ਼ ਕਰ ਰਹੇ ਕਿਸਾਨਾਂ 'ਤੇ ਤਸ਼ੱਦਦ ਕਰਦੀ ਹੈ ਤਾਂ ਇਹ ਵੀ ਝੱਲ ਲਿਆ ਜਾਵੇਗਾ। ਕਿਉਂਕਿ ਪਿਛਲੇ 40 ਸਾਲਾਂ ਤੋਂ ਕਿਸਾਨ ਹੁਣ ਤਕ ਇਹ ਜ਼ਬਰ ਅਤੇ ਧੱਕੇਸ਼ਾਹੀ ਝੱਲਦੇ ਹੀ ਆ ਰਹੇ ਹਨ। ਇਹ ਲੜਾਈ ਇਕੱਲੀ ਖੇਤੀ ਕਾਨੂੰਨਾਂ ਦੀ ਨਹੀਂ, ਬਲਕਿ ਸਾਡੀ ਹੋਂਦ ਦੀ ਹੈ। ਕਿਉਂਕਿ ਦੇਸ਼ ਸਮੇਤ ਪੰਜਾਬ ਦਾ ਸਾਰਾ ਤਾਣਾ-ਬਾਣਾ ਖੇਤੀ ਨਾਲ ਜੁੜਿਆ ਹੋਇਆ ਹੈ। ਜੇਕਰ ਕਾਨੂੰਨ ਲਾਗੂ ਹੋ ਜਾਂਦੇ ਹਨ ਤਾਂ ਸਭ ਕੁਝ ਬਰਬਾਦ ਹੋ ਜਾਵੇਗਾ। ਇਨ੍ਹਾਂ ਤਿੰਨੇ ਖੇਤੀ ਕਾਨੂੰਨਾਂ ਦੇ ਨਾਲ ਨਾਲ ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ 'ਤੇ ਬਣਾਏ ਗਏ ਨਵੇਂ ਆਰਡੀਨੈਂਸ ਅਤੇ ਬਿਜਲੀ ਐਕਟ 2020 ਨੂੰ ਵੀ ਰੱਦ ਕਰਵਾਉਣਾ ਮੁੱਖ ਮਕਸਦ ਹੈ।