ਬਰਨਾਲਾ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਲਗਾਤਾਰ ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨ ਦਿੱਲੀ ਵਿਖੇ ਸੰਘਰਸ਼ ਕਰ ਰਹੇ ਹਨ। ਉੱਥੇ ਪੰਜਾਬ ਵਿੱਚ ਵੀ ਕਿਸਾਨਾਂ ਵੱਲੋਂ ਆਪਣੇ ਮੋਰਚੇ ਸੰਭਾਲੇ ਹੋਏ ਹਨ। ਕੇਂਦਰ ਸਰਕਾਰ ਵੱਲੋਂ ਕਿਸਾਨ ਜਥੇਬੰਦੀਆਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਪਰ ਇਸ ਮਸਲੇ ਦਾ ਹੱਲ ਨਹੀਂ ਕੱਢਿਆ ਜਾ ਰਿਹਾ। ਜਿਸ ਦੇ ਰੋਸ ਵਜੋਂ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਅੱਜ ਦੇਸ਼ ਭਰ ਵਿੱਚ ਕੇਂਦਰ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕੇ ਜਾ ਰਹੇ ਹਨ। ਜਿਸ ਤਹਿਤ ਬਰਨਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਵੱਡੀ ਗਿਣਤੀ ਵਿੱਚ ਕਿਸਾਨਾਂ ਔਰਤਾਂ ਅਤੇ ਨੌਜਵਾਨਾਂ ਨੇ ਕਚਹਿਰੀ ਚੌਕ ਵਿੱਚ ਮੋਦੀ ਸਰਕਾਰ ਅਤੇ ਅੰਬਾਨੀ-ਅਡਾਨੀ ਦੇ ਪੁਤਲੇ ਫੂਕ ਕੇ ਪ੍ਰਦਰਸ਼ਨ ਕੀਤਾ।
'ਅਸੀਂ ਮੋਦੀ ਦੀ ਧੌਣ 'ਚੋਂ ਕਿੱਲਾ ਕੱਢ ਕੇ ਹੀ ਰਹਾਂਗੇ' - modi to repeal farm laws
ਦਿੱਲੀ ਵਿਖੇ ਪ੍ਰਦਰਸ਼ਨ ਕਰ ਰਹੀਆਂ ਕਿਸਾਨਾਂ ਜਥੇਬੰਦੀਆਂ ਦੇ ਸੱਦੇ ਹੇਠ ਬਰਨਾਲਾ ਵਿਖੇ ਅੰਬਾਨੀਆਂ-ਅੰਡਾਨੀਆਂ ਦੇ ਪੁਤਲੇ ਫੂਕੇ ਗਏ।
ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਦੱਸਿਆ ਕਿ ਖੇਤੀ ਕਾਨੂੰਨਾਂ ਸਬੰਧੀ ਚੱਲ ਰਹੇ ਸੰਘਰਸ਼ ਤਹਿਤ ਕੇਂਦਰ ਸਰਕਾਰ ਲਗਾਤਾਰ ਕਿਸਾਨ ਜਥੇਬੰਦੀਆਂ ਨਾਲ ਮੀਟਿੰਗਾਂ ਕਰਕੇ ਇਸ ਮਸਲੇ ਦਾ ਹੱਲ ਕੱਢਣ ਦੀ ਬਜਾਏ ਕਿਸਾਨ ਆਗੂਆਂ ਨੂੰ ਜ਼ਲੀਲ ਕਰਨ 'ਤੇ ਲੱਗੀ ਹੋਈ ਹੈ। ਜਿਸ ਕਾਰਨ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਦੇਸ਼ ਭਰ ਵਿੱਚ ਕੇਂਦਰ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕਣ ਦਾ ਸੱਦਾ ਦਿੱਤਾ ਗਿਆ ਸੀ, ਜਿਸ ਤਹਿਤ ਅੱਜ ਉਨ੍ਹਾਂ ਵਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਕੇਂਦਰ ਸਰਕਾਰ ਖੇਤੀ ਕਾਨੂੰਨਾਂ ਵਿੱਚ ਸੋਧ ਕਰਨ ਦੀ ਗੱਲ ਆਖ ਰਹੀ ਹੈ, ਪਰ ਕਿਸਾਨ ਜਥੇਬੰਦੀਆਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੀਆਂ ਹਨ। ਕਿਸਾਨ ਜਥੇਬੰਦੀਆਂ ਵੱਲੋਂ ਅੱਠ ਨਵੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ, ਜਿਸ ਦੀਆਂ ਤਿਆਰੀਆਂ ਅੱਜ ਤੋਂ ਹੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ। 8 ਨਵੰਬਰ ਨੂੰ ਬਰਨਾਲਾ ਜ਼ਿਲ੍ਹੇ ਵਿੱਚ ਵੱਖ ਵੱਖ ਮਾਰਗਾਂ ਨੂੰ ਜਾਮ ਕਰਕੇ ਪੂਰਾ ਮੁਕੰਮਲ ਬੰਦ ਕੀਤਾ ਜਾਵੇਗਾ। ਜਿੰਨਾ ਸਮਾਂ ਇਹ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ, ਉਨ੍ਹਾਂ ਸਮਾਂ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ।