ਬਰਨਾਲਾ: ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਜਾ ਰਹੇ ਕਿਸਾਨ ਤੇ ਮਜ਼ਦੂਰ ਵਿਰੋਧੀ ਖੇਤੀ ਆਰਡੀਨੈਂਸਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿੱਚ ਸੋਮਵਾਰ ਨੂੰ ਡੀਸੀ ਦਫ਼ਤਰ ਬਾਹਰ ਰੋਸ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਵਿੱਚ ਕਿਸਾਨਾਂ, ਔਰਤਾਂ ਅਤੇ ਨੌਜਵਾਨਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।
ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀ ਆਰਡੀਨੈਂਸ ਨੂੰ ਲੈ ਕੇ ਲਗਾਤਾਰ ਕਿਸਾਨ ਜਥੇਬੰਦੀਆਂ ਤੇ ਕਿਸਾਨਾਂ ਵੀਰਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਕਿਸਾਨ ਪਹਿਲੇ ਹੀ ਦਿਨ ਤੋਂ ਸੜਕ 'ਤੇ ਉੱਤਰ ਕੇ ਇਨ੍ਹਾਂ ਆਰਡੀਨੈਂਸਾਂ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਅੰਮ੍ਰਿਤਸਰ ਵਿੱਚ ਸਤਨਾਮ ਪੰਨੂੰ ਦੀ ਐਕਸ਼ਨ ਕਮੇਟੀ ਵੱਲੋਂ ਆਰਡੀਨੈਂਸਾਂ ਦੇ ਵਿਰੋਧ ਵਿੱਚ ਗ੍ਰਿਫ਼ਤਾਰੀਆ ਦਿੱਤੀਆਂ ਜਾ ਰਹੀਆਂ ਹਨ ਜਿਸ ਨੂੰ ਲੈ ਕੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਤਾਲਮੇਲ ਸੰਘਰਸ਼ ਤਹਿਤ ਡੀਸੀ ਦਫ਼ਤਰ ਅੱਗੇ ਧਰਨਾ ਲਗਾ ਕੇ ਪ੍ਰਦਰਸ਼ਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 15 ਸਤੰਬਰ ਤੋਂ ਲੈ ਕੇ 20 ਸਤੰਬਰ ਤੱਕ ਪਟਿਆਲਾ ਜ਼ਿਲ੍ਹੇ ਵਿੱਚ ਅਤੇ ਬਾਦਲ ਵਿੱਚ ਵੱਡਾ ਮੋਰਚਾ ਲਗਾਇਆ ਜਾਵੇਗਾ।