ਬਰਨਾਲਾ/ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਦੇਸ਼ ਭਰ ਦੇ ਕਿਸਾਨਾਂ ਵਲੋਂ ਰਾਜਾਂ ਦੇ ਗਵਰਨਰਾਂ ਨੂੰ ਮੰਗ ਪੱਤਰ ਦਿੱਤੇ ਜਾਣੇ ਹਨ। ਪੰਜਾਬ ਦੇ ਗਵਰਨਰ ਨੂੰ ਮੰਗ ਪੱਤਰ ਦੇਣ ਲਈ ਪੰਜਾਬ ਦੇ ਕਿਸਾਨ ਪਿੰਡਾਂ ਵਿੱਚੋਂ ਆਪੋ ਆਪਣੀ਼ਏ ਵਹੀਕਲਾਂ ਰਾਹੀਂ ਚੰਡੀਗੜ੍ਹ ਲਈ ਰਵਾਨਾ ਹੋਏ। ਕਿਸਾਨ ਅੰਦੋਲਨ ਦੀ ਸਮਾਪਤੀ ਮੌਕੇ ਕੇਂਦਰ ਸਰਕਾਰ ਵਲੋਂ ਮੰਨੀਆਂ ਮੰਗਾਂ ਲਾਗੂ ਨਾ ਕਰਨ ਦੇ ਦੋਸ਼ ਲਗਾਏ ਹਨ। ਕਿਸਾਨਾਂ ਵੱਲੋਂ ਲਖੀਮਪੁਰ ਖੀਰੀ ਦੇ ਇਨਸਾਫ, ਐਮਐਸਪੀ ਦੀ ਗਾਰੰਟੀ ਕਾਨੂੰਨ, ਕਿਸਾਨਾਂ ਤੇ ਦਰਜ ਪਰਚੇ ਰੱਦ ਕਰਨ ਸਮੇਤ ਹੋਰ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਕੇਂਦਰ ਸਰਕਾਰ ਵਿਰੁੱਧ ਮੁੜ ਮੋਰਚਾ ਲਗਾਉਣ ਦਾ ਐਲਾਨ ਕੀਤਾ ਗਿਆ ਹੈ।
ਰਾਜ ਭਵਨ ਵੱਲ ਕੱਢਿਆ ਦ ਜਾਵੇਗਾ ਮਾਰਚ:ਭਲਕੇ ਐਤਵਾਰ ਨੂੰ ਸੰਯੁਕਤ ਕਿਸਾਨ ਮੋਰਚਾ ਰਾਜ ਭਵਨ ਵੱਲ ਮਾਰਚ ਕੱਢੇਗਾ। ਪੰਜਾਬ ਰਾਜ ਭਵਨ ਮਾਰਚ ਲਈ ਕਿਸਾਨ ਸਵੇਰੇ 11 ਵਜੇ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਨੇੜੇ ਇਕੱਠੇ ਹੋਣਗੇ। ਕਿਸਾਨ ਸਵੇਰੇ 11:00 ਵਜੇ ਪੰਚਕੂਲਾ ਦੇ ਯਾਵਨਿਕਾ ਗਾਰਡਨ ਨੇੜੇ ਹਰਿਆਣਾ ਰਾਜ ਭਵਨ ਮਾਰਚ ਲਈ ਇਕੱਠੇ ਹੋਣਗੇ।
ਕੇਂਦਰ ਸਰਕਾਰ ਨੂੰ ਅਲਟੀਮੇਟਮ: ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅੱਜ ਦੇਸ਼ ਭਰ ਦੇ ਰਾਜਾਂ ਦੇ ਰਾਜਪਾਲਾਂ ਨੂੰ ਕਿਸਾਨਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਦੇਣੇ ਹਨ। ਖੇਤੀ ਕਾਨੂੰਨਾਂ ਦੇ ਸੰਘਰਸ਼ ਦੀ ਸਮਾਪਤੀ ਮੌਕੇ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਸਨ, ਪ੍ਰੰਤੂ ਉਹਨਾਂ ਮੰਗਾਂ ਨੂੰ ਅੱਜ ਤੱਕ ਲਾਗੂ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਇਹਨਾ ਮੰਗਾਂ ਵਿੱਚ ਐਮਐਸਪੀ ਕਾਨੂੰਨ ਦੀ ਗਾਰੰਟੀ, ਕਿਸਾਨਾਂ ਉਪਰ ਦਰਜ਼ ਪਰਚੇ ਰੱਦ ਕਰਨ, ਲਖੀਮਪੁਰ ਖੀਰੀ ਘਟਨਾ ਦੇ ਦੋਸ਼ੀਆਂ ਨੂੰ ਸਜਾਵਾਂ ਦੇਣ ਤੋਂ ਇਲਾਵਾ ਹੋਰ ਜ਼ਰੂਰੀ ਮੰਗਾ ਸ਼ਾਮਲ ਸਨ। ਉਹਨਾਂ ਕਿਹਾ ਕਿ ਇਹਨਾਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿੱਚ ਕਿਸਾਨ ਜੱਥੇਬੰਦੀਆਂ ਮੁੜ ਸੰਘਰਸ਼ ਕਰਨ ਲਈ ਤਿਆਰ ਹਨ।