ਬਰਨਾਲਾ: ਪੈਟਰੋਲ ਤੇ ਡੀਜ਼ਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਦਾ ਆਮ ਜਨਤਾ ਦੀ ਜ਼ਿੰਦਗੀ 'ਤੇ ਭਾਰੀ ਅਸਰ ਪੈ ਰਿਹਾ ਹੈ। ਪਿਛਲੇ ਲਗਾਤਾਰ 15 ਦਿਨਾਂ ਤੋਂ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ, ਜਿਸ ਕਾਰਨ ਆਮ ਜਨਤਾ ਅਤੇ ਕਿਸਾਨਾਂ ਦਾ ਕੇਂਦਰ ਸਰਕਾਰ ਪ੍ਰਤੀ ਰੋਸ ਹੈ। ਹੁਣ ਪੈਟਰੋਲ ਦੀ ਕੀਮਤ 80 ਰੁਪਏ ਤੋਂ ਪਾਰ ਹੋ ਗਈ ਹੈ ਜਦਕਿ ਡੀਜ਼ਲ 71 ਰੁਪਏ 'ਤੇ ਪਹੁੰਚ ਗਿਆ ਹੈ।
ਇਸ ਸਬੰਧੀ ਈ.ਟੀ.ਵੀ ਭਾਰਤ ਨਾਲ ਗੱਲਬਾਤ ਕਰਦਿਆਂ ਪੈਟਰੋਲ ਪੰਪ ਦੇ ਮੁਲਾਜ਼ਮ ਨੇ ਦੱਸਿਆ ਕਿ ਪਿਛਲੇ 15 ਦਿਨਾਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ 50 ਪੈਸੇ, 60 ਪੈਸੇ ਦੀ ਦਰ ਨਾਲ ਵਾਧਾ ਹੋ ਰਿਹਾ ਹੈ। ਇਨ੍ਹਾਂ 15 ਦਿਨਾਂ ਵਿੱਚ ਪੈਟਰੋਲ ਦੀ ਕੀਮਤ 10 ਰੁਪਏ ਅਤੇ ਡੀਜ਼ਲ ਦੀ ਕੀਮਤ 9 ਰੁਪਏ ਵਧ ਚੁੱਕੀ ਹੈ।
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਸੰਦੀਪ ਸਿੰਘ ਅਤੇ ਦਰਸ਼ਨ ਸਿੰਘ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਕੋਰੋਨਾ ਵਾਇਰਸ ਕਰਕੇ ਲੌਕਡਾਊਨ 'ਚ ਜਿੱਥੇ ਸਰਕਾਰਾਂ ਨੂੰ ਲੋਕਾਂ ਨੂੰ ਰਾਹਤ ਦੇਣੀ ਚਾਹੀਦੀ ਸੀ ਉੱਥੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਕਰਕੇ ਲੋਕਾਂ 'ਤੇ ਵਾਧੂ ਦਾ ਬੋਝ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੰਤਰਰਾਸ਼ਟਰੀ ਬਜ਼ਾਰ ਵਿੱਚ ਪੈਟਰੋਲੀਅਮ ਪਦਾਰਥਾਂ ਦੀ ਕੀਮਤਾਂ ਘੱਟ ਰਹੀਆਂ ਹਨ ਪਰ ਭਾਰਤ ਵਿੱਚ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਲਗਾਤਾਰ ਵਧਾ ਰਹੀਆਂ ਹਨ।