ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਇਸੇ ਸੰਘਰਸ਼ ਦੇ ਚੱਲਦਿਆਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੇ ਘਰ ਅੱਗੇ ਕਿਸਾਨ ਸੁਖਦੇਵ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨ ਯੂਨੀਅਨ ਉਗਰਾਹਾਂ ਦਾ ਧਰਨਾ ਜਾਰੀ ਸੀ। ਇਸ ਤਹਿਤ ਅੱਜ ਸਵੇਰ ਤੋਂ ਹੀ ਬਰਨਾਲਾ ਦੇ ਸਹਾਇਕ ਕਮਿਸ਼ਨਰ ਨੂੰ ਉਨ੍ਹਾਂ ਦੇ ਦਫ਼ਤਰ ਵਿੱਚ ਕਿਸਾਨਾਂ ਵੱਲੋਂ ਘੇਰਿਆ ਹੋਇਆ ਸੀ। ਦੇਰ ਰਾਤ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਮੁਆਵਜ਼ਾ ਰਾਸ਼ੀ ਮਿਲਣ 'ਤੇ ਕਿਸਾਨਾਂ ਵੱਲੋਂ ਕਮਿਸ਼ਨ ਦੇ ਦਫ਼ਤਰ ਅੱਗਿਓਂ ਧਰਨਾ ਚੁੱਕਿਆ ਗਿਆ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਸੰਦੀਪ ਸਿੰਘ ਚੀਮਾ ਅਤੇ ਕ੍ਰਿਸ਼ਨ ਸਿੰਘ ਛੰਨਾ ਨੇ ਦੱਸਿਆ ਕਿਸਾਨ ਸੁਖਦੇਵ ਸਿੰਘ ਦੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੇ ਘਰ ਅੱਗੇ ਮੌਤ ਹੋ ਗਈ ਸੀ। ਜਿਸ ਨੂੰ ਲੈ ਕੇ ਕਿਸਾਨ ਜਥੇਬੰਦੀ ਵੱਲੋਂ ਸਰਕਾਰ ਤੋਂ ਮ੍ਰਿਤਕ ਦੇ ਪਰਿਵਾਰ ਲਈ 10 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਪੂਰਨ ਕਰਜ਼ਾ ਮੁਆਫ਼ੀ ਅਤੇ ਇੱਕ ਸਰਕਾਰੀ ਨੌਕਰੀ ਦੀ ਮੰਗ ਕੀਤੀ ਗਈ ਸੀ। ਪਰ ਪੰਜ ਦਿਨਾਂ ਤੋਂ ਪ੍ਰਸ਼ਾਸਨ ਅਤੇ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ। ਜਿਸ ਕਰਕੇ ਉਨ੍ਹਾਂ ਨੂੰ ਕਮਿਸ਼ਨਰ ਦੇ ਦਫ਼ਤਰ ਦਾ ਘਿਰਾਓ ਕਰਨਾ ਪਿਆ ਹੈ।