ਬਰਨਾਲਾ: ਕੇਂਦਰ ਸਰਕਾਰ ਵੱਲੋਂ ਬਣਾਏ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਲਗਾਤਾਰ ਪੰਜਾਬ ਦੇ ਕਿਸਾਨਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਸੱਤ ਦਿਨਾਂ ਦਾ ਅਲਟੀਮੇਟਮ ਦੇ ਕੇ ਵਿਧਾਨ ਸਭਾ ਸੈਸ਼ਨ ਸੱਦ ਕੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਜਿਸ ਦੇ ਜਵਾਬ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਜਥੇਬੰਦੀਆਂ 'ਤੇ ਦਬਾਅ ਪਾਉਣ ਦੀ ਗੱਲ ਕਹੀ ਸੀ।
ਕਿਸਾਨ ਹੁਣ ਕੈਪਟਨ ਨੂੰ ਹੋਏ ਸਿੱਧੇ, ਦਿੱਤਾ ਸੱਤ ਦਿਨਾਂ ਦਾ ਅਲਟੀਮੇਟਮ ਇਸੇ ਨਾਲ ਹੀ ਮੁੱਖ ਮੰਤਰੀ ਨੇ ਸੈਸ਼ਨ ਕੋਰੋਨਾ ਵਾਇਰਸ ਕਾਰਨ ਅਜੇ ਨਾ ਬੁਲਾਉਣ ਦੀ ਗੱਲ ਆਖੀ ਹੈ। ਧਰਨੇ ਲਗਾ ਕੇ ਬੈਠੇ ਕਿਸਾਨਾਂ ਨੇ ਕੈਪਟਨ ਨੂੰ ਦੋ ਟੁੱਕ ਜਵਾਬ ਦਿੱਤਾ ਹੈ ਕਿ ਜੇਕਰ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਵਿਧਾਨ ਸਭਾ ਦਾ ਸੈਸ਼ਨ ਬੁਲਾ ਕੇ ਬਿੱਲ ਰੱਦ ਨਾ ਕੀਤੇ ਤਾਂ ਕਾਂਗਰਸੀਆਂ ਦਾ ਹਾਲ ਵੀ ਅਕਾਲੀਆਂ ਅਤੇ ਭਾਜਪਾਈਆਂ ਵਾਲਾ ਕਰਾਂਗੇ।
ਹੁਣ ਕੈਪਟਨ ਨੂੰ ਹੋਏ ਸਿੱ ਕਿਸਾਨ, ਦਿੱਤਾ ਸੱਤ ਦਿਨਾਂ ਦਾ ਅਲਟੀਮੇਟਮ ਇਸ ਸਬੰਧੀ ਬਰਨਾਲਾ ਵਿਖੇ ਪੱਕੇ ਮੋਰਚੇ ਲਗਾ ਕੇ ਬੈਠੇ ਕਿਸਾਨਾਂ ਨੇ ਕਿਹਾ ਕਿ ਹੁਣ ਕੈਪਟਨ ਅਮਰਿੰਦਰ ਸਿੰਘ ਨੂੰ ਕੋਰੋਨਾ ਵਾਇਰਸ ਯਾਦ ਆਇਆ ਹੈ। ਪਿਛਲੇ ਦਿਨੀਂ ਰਾਹੁਲ ਗਾਂਧੀ ਨਾਲ ਟਰੈਕਟਰ ਮਾਰਚ ਕਰਕੇ ਕੋਰੋਨਾ ਵਾਇਰਸ ਦੇ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਗਈਆਂ ਸਨ। ਹੁਣ ਕੈਪਟਨ ਅਮਰਿੰਦਰ ਸਿੰਘ ਜਾਣ ਬੁੱਝ ਕੇ ਇਸ ਦੇ ਵਿਰੋਧ ਵਿੱਚ ਸੈਸ਼ਨ ਨਹੀਂ ਬੁਲਾ ਰਹੇ। ਕਿਉਂਕਿ ਕੈਪਟਨ ਸਰਕਾਰ ਵੀ ਮੋਦੀ ਸਰਕਾਰ ਨਾਲ ਮਿਲੀ ਹੋਈ ਹੈ ਅਤੇ ਖੇਤੀ ਕਾਨੂੰਨਾਂ ਦਾ ਸਮਰਥਨ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਹੀ ਇਸ ਤਰ੍ਹਾਂ ਦੇ ਕਾਨੂੰਨ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤੇ ਜਾ ਚੁੱਕੇ ਹਨ, ਜਿਸ ਕਰਕੇ ਕਾਂਗਰਸ ਸਰਕਾਰ ਇਸ ਦੇ ਵਿਰੋਧ ਕਰਨ ਦੀ ਡਰਾਮੇਬਾਜ਼ੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਨੇ ਸੱਤ ਦਿਨਾਂ ਦੇ ਵਿੱਚ ਵਿਧਾਨ ਸਭਾ ਦਾ ਸੈਸ਼ਨ ਬੁਲਾ ਕੇ ਖੇਤੀ ਕਾਨੂੰਨ ਰੱਦ ਨਾ ਕੀਤੇ ਤਾਂ ਜਿਸ ਤਰ੍ਹਾਂ ਅਕਾਲੀਆਂ ਤੇ ਭਾਜਪਾਈਆਂ ਦਾ ਪਿੰਡਾਂ ਵਿੱਚ ਸਮਾਜਿਕ ਬਾਈਕਾਟ ਹੋਇਆ ਹੈ ਉਸੇ ਤਰ੍ਹਾਂ ਕਾਂਗਰਸੀ ਲੀਡਰਾਂ ਨੂੰ ਵੀ ਪਿੰਡਾਂ ਵਿੱਚ ਵੜਨ ਨਹੀਂ ਦੇਵਾਂਗੇ ਅਤੇ ਇਨ੍ਹਾਂ ਦਾ ਬਾਈਕਾਟ ਕਰਾਂਗੇ।