ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੇ ਬਾਰਡਰਾਂ 'ਤੇ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਕਿਸਾਨ ਅੰਦੋਲਨ ਦੌਰਾਨ ਹੁਣ ਤੱਕ ਕਈ ਕਿਸਾਨ ਸ਼ਹੀਦ ਹੋ ਚੁੱਕੇ ਹਨ। ਬਰਨਾਲਾ ਜ਼ਿਲ੍ਹੇ ਦੇ ਸ਼ਹੀਦ ਹੋਏ ਤਿੰਨ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਨਾ ਮਿਲਣ ਕਾਰਨ ਲੋਕਾਂ ਰੋਸ 'ਚ ਭਾਰੀ ਰੋਸ ਹੈ।
ਇਸ ਦੇ ਚਲਦੇ ਕਿਸਾਨ ਜੱਥੇਬੰਦੀਆਂ ਦਾ ਡੀਸੀ ਦਫ਼ਤਰ ਦੇ ਬਾਹਰ ਦੂਜੇ ਦਿਨ ਵੀ ਧਰਨਾ ਜਾਰੀ ਹੈ। ਇਸ ਮੌਕੇ ਕਿਸਾਨਾਂ ਨੇ ਡੀਸੀ ਦੀ ਗੱਡੀ ਦਫ਼ਤਰ ਤੋਂ ਬਾਹਰ ਨਹੀਂ ਨਿਕਲਣ ਦਿੱਤੀ ਤੇ ਉਨ੍ਹਾਂ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ।
ਮੁਆਵਜ਼ਾ ਨਾ ਮਿਲਣ ’ਤੇ ਡੀਸੀ ਦਫ਼ਤਰ ਲਾਇਆ ਧਰਨਾ ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਲਖਵੀਰ ਸਿੰਘ ਦੁੱਲਮਸਰ ਤੇ ਪਰਮਿੰਦਰ ਸਿੰਘ ਨੇ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਤਿੰਨ ਕਿਸਾਨ ਕੁਲਵਿੰਦਰ ਸਿੰਘ, ਗੁਰਦੇਵ ਸਿੰਘ ਅਤੇ ਬਲਵੀਰ ਸਿੰਘ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋ ਗਏ। ਇਨ੍ਹਾਂ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵਾਅਦੇ ਮੁਤਾਬਕ ਮੁਆਵਜ਼ਾ ਰਾਸ਼ੀ ਦੇ ਚੈਕ ਦੇਣ ਤੋਂ ਕੰਨੀ ਕਤਰਾ ਰਹੀ ਹੈ। ਬਲਵੀਰ ਸਿੰਘ ਦਾ ਅਜੇ ਅੰਤਿਮ ਸਸਕਾਰ ਵੀ ਨਹੀਂ ਕੀਤਾ ਗਿਆ।
ਕਿਸਾਨ ਆਗੂਆਂ ਨੇ ਕਿਹਾ ਕਿ ਜਿੰਨਾ ਸਮਾਂ ਪ੍ਰਸ਼ਾਸ਼ਨ ਮੁਆਵਜ਼ਾ ਰਾਸ਼ੀ ਦੇ ਚੈਕ ਨਹੀਂ ਸੌਂਪਦਾ, ਉਦੋਂ ਤੱਕ ਸਮਾਂ ਮ੍ਰਿਤਕ ਕਿਸਾਨ ਦਾ ਅੰਤਮ ਸਸਕਾਰ ਤੇ ਪੋਸਟ ਮਾਰਟਮ ਵੀ ਨਹੀਂ ਕਰਵਾਇਆ ਜਾਵੇਗਾ। ਕਿਸਾਨ ਆਗੂਆਂ ਨੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਜਲਦ ਤੋਂ ਜਲਦ ਮੁਆਵਜ਼ਾ ਦੇਣ ਦੀ ਮੰਗ ਕੀਤੀ ਤੇ ਮੁਆਵਜ਼ਾ ਨਾ ਮਿਲਣ ਤੱਕ ਉਨ੍ਹਾਂ ਆਪਣਾ ਸੰਘਰਸ਼ ਜਾਰੀ ਰੱਖਣ ਦੀ ਗੱਲ ਕਹੀ।