ਬਰਨਾਲਾ: ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਜਾ ਰਹੇ ਖੇਤੀ ਆਰਡੀਨੈਂਸਾਂ ਦਾ ਕਿਸਾਨਾਂ ਵੱਲੋਂ ਪਹਿਲੇ ਹੀ ਦਿਨ ਤੋਂ ਵਿਰੋਧ ਕੀਤਾ ਜਾ ਰਿਹਾ ਹੈ। ਜਿਸ ਦੇ ਸਬੰਧ ਵਿੱਚ ਜਿੱਥੇ ਸੋਮਵਾਰ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਲਲਕਾਰ ਰੈਲੀਆਂ ਕਰਕੇ ਸਰਕਾਰ ਨੂੰ ਲਲਕਾਰਿਆ ਗਿਆ, ਉੱਥੇ ਮੰਗਲਵਾਰ ਨੂੰ ਪੰਜਾਬ ਭਰ ਦੇ ਨੈਸ਼ਨਲ ਹਾਈਵੇ ਜਾਮ ਕਰਕੇ ਕਿਸਾਨ ਸੜਕਾਂ 'ਤੇ ਉਤਰੇ।
ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਕਿਸਾਨ ਉਤਰੇ ਸੜਕਾਂ 'ਤੇ, ਬਰਨਾਲਾ 'ਚ ਦੋ ਨੈਸ਼ਨਲ ਹਾਈਵੇ ਕੀਤੇ ਜਾਮ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਰਾਜੇਵਾਲ ਅਤੇ ਸਿੱਧੂਪੁਰ ਵੱਲੋਂ ਇਕਜੁੱਟ ਹੋ ਕੇ ਬਰਨਾਲਾ ਦੇ ਦੋ ਨੈਸ਼ਨਲ ਹਾਈਵੇ ਨੂੰ ਜਾਮ ਕੀਤਾ ਗਿਆ। ਕਿਸਾਨਾਂ ਵੱਲੋਂ ਬਰਨਾਲਾ ਅੰਮ੍ਰਿਤਸਰ ਅਤੇ ਬਰਨਾਲਾ ਲੁਧਿਆਣਾ ਰੋਡ ਜਾਮ ਕਰਕੇ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤੇ ਗਏ।
ਇਸ ਮੌਕੇ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਨੇ ਕਿਹਾ ਕਿ ਇਹ ਆਰਡੀਨੈਂਸ ਪੰਜਾਬ ਦੀ ਕਿਸਾਨੀ ਨੂੰ ਬਿਲਕੁਲ ਬਰਬਾਦ ਕਰ ਦੇਣਗੇ। ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਸ਼੍ਰੋਮਣੀ ਅਕਾਲੀ ਦਲ, ਜੋ ਕਿਸਾਨਾਂ ਦੀ ਹਿਤੈਸ਼ੀ ਪਾਰਟੀ ਹੁੰਦੀ ਸੀ। ਦੇਸ਼ ਦੀ ਸੰਸਦ ਵਿੱਚ ਖੇਤੀ ਆਰਡੀਨੈਂਸ ਪੇਸ਼ ਕਰਨ ਸਮੇਂ ਇਸ ਦੇ ਦੋਵੇਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਗੈਰਹਾਜ਼ਰ ਰਹੇ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਵੀ ਦੋਗਲਾ ਚਿਹਰਾ ਸਾਹਮਣੇ ਆਇਆ ਹੈ, ਕਿਉਂਕਿ ਖੇਤੀ ਆਰਡੀਨੈਂਸਾਂ ਨੂੰ ਲਿਆਉਣ ਮੌਕੇ ਜੋ ਕਮੇਟੀ ਬਣਾਈ ਗਈ ਸੀ, ਉਸ ਵਿੱਚ ਕੈਪਟਨ ਅਮਰਿੰਦਰ ਸਿੰਘ ਵੀ ਸ਼ਾਮਲ ਸਨ ਅਤੇ ਉਨ੍ਹਾਂ ਨੇ ਖੇਤੀ ਆਰਡੀਨੈਸ ਲਿਆਉਣ ਲਈ ਕੇਂਦਰ ਸਰਕਾਰ ਦੀ ਹਮਾਇਤ ਕੀਤੀ ਸੀ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਸੰਸਦ ਮੈਂਬਰਾਂ ਨੂੰ ਖੇਤੀ ਆਰਡੀਨੈਂਸਾਂ ਦਾ ਸੰਸਦ ਵਿੱਚ ਵਿਰੋਧ ਕਰਨਾ ਚਾਹੀਦਾ ਹੈ। ਇਨ੍ਹਾਂ ਸੰਸਦ ਮੈਂਬਰਾਂ ਨੂੰ ਪੰਜਾਬ ਦੇ ਕਿਸਾਨਾਂ ਦੀ ਵਕਾਲਤ ਕਰਨੀ ਚਾਹੀਦੀ ਹੈ। ਇਸ ਮੌਕੇ ਕਿਸਾਨ ਆਗੂ ਬਲਵਿੰਦਰ ਸਿੰਘ ਦੁੱਗਲ ਨੇ ਕਿਹਾ ਕਿ ਕਿਸਾਨ ਇਨ੍ਹਾਂ ਆਰਡੀਨੈਂਸਾਂ ਦੇ ਸਬੰਧ ਵਿੱਚ ਘਰ ਵਿੱਚ ਟਿੱਕ ਕੇ ਨਹੀਂ ਬੈਠਣਗੇ ਅਤੇ ਇਸ ਦੀ ਦਿੱਲੀ ਤੱਕ ਗੂੰਜ ਲੈ ਕੇ ਜਾਣਗੇ।
ਇਸ ਮੌਕੇ ਐਡਵੋਕੇਟ ਮਨਦੀਪ ਕੌਰ ਰਾਹੀ ਨੇ ਕਿਹਾ ਕਿ ਇਹ ਆਰਡੀਨੈਂਸ ਇੱਕ ਕਿਸਾਨਾਂ ਲਈ ਨਵੇਂ ਇਨਕਲਾਬ ਦਾ ਯੁੱਗ ਸਾਬਤ ਹੋਣਗੇ। ਕਿਉਂਕਿ ਕਿਸਾਨਾਂ ਦੇ ਨਾਲ ਨਾਲ ਹੁਣ ਔਰਤਾਂ ਵੀ ਇਸ ਸੰਘਰਸ਼ ਵਿੱਚ ਨਿੱਤਰ ਆਈਆਂ ਹਨ। ਧਰਨੇ ਵਿੱਚ ਪਹੁੰਚੇ ਆੜ੍ਹਤੀਆ ਐਸੋਸੀਏਸ਼ਨ ਦੇ ਆਗੂ ਜਨਕ ਰਾਜ ਨੇ ਕਿਹਾ ਕਿ ਇਨ੍ਹਾਂ ਆਰਡੀਨੈਂਸਾਂ ਦੇ ਨਾਲ ਪੰਜਾਬ ਦੀ ਕਿਸਾਨੀ ਬਰਬਾਦ ਹੋ ਜਾਵੇਗੀ। ਕਿਸਾਨੀ ਦੇ ਨਾਲ ਹਰ ਤਰ੍ਹਾਂ ਦੇ ਕਾਰੋਬਾਰ ਜੁੜੇ ਹੋਏ ਹਨ। ਜੇਕਰ ਕਿਸਾਨੀ ਬਰਬਾਦ ਹੋ ਗਈ ਦਾ ਪੂਰਾ ਪੰਜਾਬ ਬਰਬਾਦ ਹੋ ਜਾਵੇਗਾ। ਜਿਸ ਕਰਕੇ ਇਨ੍ਹਾਂ ਆਰਡੀਨੈਂਸਾਂ ਨੂੰ ਵਾਪਸ ਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਵੱਡੀ ਗਿਣਤੀ ਵਿੱਚ ਆੜ੍ਹਤੀਆ ਵਰਗ ਆਪਣੇ ਕਾਰੋਬਾਰ ਬੰਦ ਕਰਕੇ ਕਿਸਾਨਾਂ ਦੇ ਧਰਨੇ ਵਿੱਚ ਸ਼ਾਮਲ ਹੋਏ ਹਨ।