ਬਰਨਾਲਾ: ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਜਾ ਰਹੇ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਪਿੰਡਾਂ ਵਿੱਚ ਲਾਮਬੰਦੀ ਕੀਤੀ ਜਾ ਰਹੀ ਹੈ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 21 ਤੋਂ 26 ਜੁਲਾਈ ਤੱਕ ਸਰਕਾਰ ਦੇ ਅਰਥੀ ਫ਼ੂਕ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਬੁੱਧਵਾਰ ਨੂੰ ਬਰਨਾਲਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਸਰਕਾਰ ਦੇ ਅਰਥੀ ਫ਼ੂਕ ਕੇ ਪ੍ਰਦਰਸ਼ਨ ਕੀਤੇ ਗਏ।
ਇਸ ਮੌਕੇ ਪ੍ਰਦਰਸ਼ਨ ਕਰ ਰਹੇ ਕਿਸਾਨ ਆਗੂ ਸੁਖਦੇਵ ਸਿੰਘ ਭੋਤਨਾ, ਦਰਸ਼ਨ ਸਿੰਘ ਚੀਮਾ ਅਤੇ ਮਜ਼ਦੂਰ ਆਗੂ ਗੁਰਨਾਮ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਜਾ ਰਹੇ ਖੇਤੀ ਆਰਡੀਨੈਂਸ ਕਿਸਾਨਾਂ ਲਈ ਬੇਹੱਦ ਖ਼ਤਰਨਾਕ ਹਨ। ਸਰਕਾਰ ਦੀ ਨੀਅਤ ਕਿਸਾਨਾਂ ਤੋਂ ਜ਼ਮੀਨਾਂ ਖੋਹ ਕੇ ਕਾਰਪੋਰੇਟ ਘਰਾਣਿਆਂ ਹਵਾਲੇ ਕਰਨ ਦੀ ਹੈ, ਜਿਸਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਿਸਾਨ ਸਰਕਾਰ ਦੀ ਇਸ ਕਿਸਾਨ ਵਿਰੋਧੀ ਨੀਤੀ ਦਾ ਡੱਟ ਕੇ ਵਿਰੋਧ ਕਰਨਗੇ।