ਬਰਨਾਲਾ: ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ 'ਤੇ ਦਰਜ ਕੀਤੇ ਗਏ ਪਰਚਿਆਂ ਨੂੰ ਰੱਦ ਕਰਵਾਉਣ ਲਈ ਸੋਮਵਾਰ ਨੂੰ ਡੀਐਸਪੀ ਮਹਿਲ ਕਲਾਂ ਦਾ ਅੱਜ ਘਿਰਾਓ ਕਰਕੇ ਕਿਸਾਨ ਜਥੇਬੰਦੀਆਂ ਵੱਲੋਂ ਧਰਨਾ ਦਿੱਤਾ ਗਿਆ। ਇਸ ਧਰਨੇ ਵਿੱਚ ਬਲਾਕ ਮਹਿਲ ਕਲਾਂ ਦੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨਾਲ ਜੁੜੇ ਕਿਸਾਨਾਂ ਨੇ ਵੱਡੇ ਪੱਧਰ ਤੇ ਸ਼ਮੂਲੀਅਤ ਕੀਤੀ। ਕਿਸਾਨਾਂ ਵੱਲੋਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਆਗੂ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਤੇ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ਤੇ ਪਰਚੇ ਦਰਜ ਕੀਤੇ ਗਏ ਹਨ, ਜਿਨ੍ਹਾਂ ਨੂੰ ਰੱਦ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਅਤੇ ਅਗਰਾਹਾਂ ਵੱਲੋਂ ਸਾਂਝੇ ਤੌਰ 'ਤੇ ਡੀਐੱਸਪੀ ਦਫ਼ਤਰਾਂ ਅੱਗੇ ਧਰਨੇ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਰਾਲੀ ਦੇ ਧੂੰਏਂ ਦੇ ਨਾਮ 'ਤੇ ਕਿਸਾਨਾਂ ਨੂੰ ਸਿਰਫ਼ ਬਦਨਾਮ ਕੀਤਾ ਜਾ ਰਿਹਾ ਹੈ, ਪਰ ਅਸਲ ਵਿੱਚ ਹਵਾ ਵਿੱਚ ਪ੍ਰਦੂਸ਼ਣ ਤਾਂ ਫੈਕਟਰੀਆਂ, ਉਦਯੋਗਿਕ ਘਰਾਣੇ ਕਰ ਰਹੇ ਹਨ। ਹਵਾ ਵਿੱਚ ਸਭ ਤੋਂ ਵੱਧ ਪ੍ਰਦੂਸ਼ਣ ਪੈਟਰੋਲ ਵਾਲਾ ਕੋਲਾ ਪੈਦਾ ਕਰਦਾ ਹੈ ਜਦੋਂ ਕਿ ਪਰਾਲੀ ਪ੍ਰਦੂਸ਼ਣ ਇਸ ਦੇ ਮੁਕਾਬਲੇ ਬਹੁਤ ਘੱਟ ਹੈ।