ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਸੰਘਰਸ਼ ਲਗਾਤਾਰ ਦਿੱਲੀ ਦੇ ਬਾਰਡਰਾਂ ਉੱਤੇ ਜਾਰੀ ਹੈ। ਇਸੇ ਦਰਮਿਆਨ ਅੱਜ ਦਿੱਲੀ ਵਿਖੇ ਕਿਸਾਨ ਅੰਦੋਲਨ ਨੂੰ ਛੇ ਮਹੀਨੇ ਅਤੇ ਕੇਂਦਰ ਵਿੱਚ ਬੀਜੇਪੀ ਨੂੰ ਸੱਤਾ 'ਤੇ ਆਏ ਸੱਤ ਸਾਲ ਪੂਰੇ ਹੋ ਰਹੇ ਹਨ। ਇਸ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਮਈ ਨੂੰ ਕਾਲਾ ਦਿਨ ਮਨਾਉਣ ਦਾ ਐਲਾਨ ਕੀਤਾ ਗਿਆ ਸੀ। ਜਿਸ ਤਹਿਤ ਅੱਜ ਦਿਨ ਚੜ੍ਹਦੇ ਹੀ ਪੰਜਾਬ ਦੇ ਪਿੰਡਾਂ ਵਿੱਚ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਨਾਅਰੇ ਗੂੰਜਣੇ ਸ਼ੁਰੂ ਹੋ ਗਏ। ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੀ ਅਰਥੀ ਸਾੜ ਕੇ ਅਤੇ ਘਰਾਂ 'ਤੇ ਕਾਲੀਆਂ ਝੰਡੀਆਂ ਲਗਾ ਕੇ ਕਾਲ਼ਾ ਦਿਨ ਮਨਾਉਣ ਦੀ ਸ਼ੁਰੂਆਤ ਕੀਤੀ ਗਈ।
ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਪੰਜਾਬ ਸਮੇਤ ਪੂਰੇ ਦੇਸ਼ ਵਿੱਚ ਕਿਸਾਨਾਂ ਵੱਲੋਂ ਕਾਲਾ ਦਿਨ ਮਨਾਇਆ ਜਾ ਰਿਹਾ ਹੈ। ਕਿਉਂਕਿ ਕੇਂਦਰ ਸਰਕਾਰ ਛੇ ਮਹੀਨਿਆਂ ਤੋਂ ਦਿੱਲੀ ਵਿਖੇ ਬੈਠੇ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ। ਸਰਕਾਰ ਵੱਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਦਾ ਦੇਸ਼ ਭਰ ਦੇ ਕਿਸਾਨ ਲਗਾਤਾਰ ਵਿਰੋਧ ਕਰ ਰਹੇ ਹਨ। ਪਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਤੋਂ ਪਿੱਛੇ ਹਟ ਰਹੀ ਹੈ। ਜਿਸ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਅੱਜ ਦੇਸ਼ ਭਰ ਦੇ ਕਿਸਾਨ ਕਾਲਾ ਦਿਨ ਮਨਾ ਰਹੇ ਹਨ।