ਬਰਨਾਲਾ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪੰਜਾਬ ਦੇ ਕਿਸਾਨਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਸੰਘਰਸ਼ ਦੌਰਾਨ ਕਿਸਾਨਾਂ ਨੇ ਰੇਲ ਰੋਕੋ ਅੰਦੋਲਨ ਵਿੱਚ ਮਾਲ ਗੱਡੀਆਂ ਨੂੰ ਲੰਘਣ ਦੀ ਛੂਟ ਦਿੱਤੀ ਸੀ। ਇਸੇ ਦੌਰਾਨ ਕੇਂਦਰ ਦੀ ਮੋਦੀ ਸਰਕਾਰ ਨੇ ਪੰਜਾਬ ਵਿੱਚ ਮਾਲ ਗੱਡੀਆਂ ਦੀ ਆਵਾਜਾਈ ਵੀ ਰੋਕ ਦਿੱਤੀ ਹੈ। ਕੇਂਦਰ ਸਰਕਾਰ ਦੇ ਇਸ ਫੈਸਲੇ ਨੂੰ ਲੈ ਕੇ ਸੰਘਰਸ਼ੀਲ ਕਿਸਾਨਾਂ ਅੰਦਰ ਡਾਹਢਾ ਰੋਸ ਪਾਇਆ ਜਾ ਰਿਹਾ ਹੈ। ਕਿਸਾਨਾਂ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੇ ਸੰਘਰਸ਼ ਦੇ ਕਾਰਨ ਬੁਖਲਾਹਟ ਵਿੱਚ ਆ ਚੁੱਕੀ ਹੈ ਅਤੇ ਨਾਦਰਸ਼ਾਹੀ ਫੈਸਲੇ ਲੈ ਰਹੀ ਹੈ।
ਮੋਦੀ ਸਰਕਾਰ ਦੇ ਇਸ ਫ਼ੈਸਲੇ 'ਤੇ ਕਿਸਾਨ ਆਗੂ ਗੁਰਦੇਵ ਸਿੰਘ ਮਾਂਗੇਵਾਲ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੇ ਸੰਘਰਸ਼ ਦਾ ਸਾਹਮਣਾ ਕਰਨ ਤੋਂ ਡਰ ਰਹੀ ਹੈ, ਅਤੇ ਕੋਝੀ ਨਿਤੀਆਂ ਦਾ ਸਹਾਰਾ ਲੈ ਰਹੀ ਹੈ। ਉੱਥੇ ਹੀ ਕਿਸਾਨ ਆਗੂ ਦਾ ਕਹਿਣਾ ਹੈ ਕਿ ਇਸ ਤੋਂ ਪਹਿਲਾਂ ਕੈਪਟਨ ਸਰਕਾਰ ਨੇ ਕਿਸਾਨਾਂ ਨੂੰ ਬੇਨਤੀ ਕਰਦਿਆਂ ਰੇਲਵੇ ਟ੍ਰੈਕ ਖਾਲੀ ਕਰਨ ਦੀ ਅਪੀਲ ਕੀਤੀ ਸੀ ਉਸੇ ਤਰ੍ਹਾਂ ਹੀ ਇਹ ਕਿਸਾਨੀ ਸੰਘਰਸ਼ ਮੋਦੀ ਸਰਕਾਰ ਨੂੰ ਗੋਢੇ ਟੇਕਣ ਨੂੰ ਮਜਬੂਰ ਕਰੇਗਾ।