ਬਰਨਾਲਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਬਿੱਲਾਂ ਨੂੰ ਲੈ ਕੇ ਲਗਾਤਾਰ ਪੰਜਾਬ ਦੇ ਕਿਸਾਨ ਸੰਘਰਸ਼ ਕਰ ਰਹੇ ਹਨ। ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਵੱਲੋਂ 25 ਸਤੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ ਜਿਸ ਨੂੰ ਲੈ ਕੇ ਅੱਜ ਪੂਰੇ ਬਰਨਾਲਾ ਜ਼ਿਲ੍ਹੇ ਵਿੱਚ ਇਸ ਦਾ ਅਸਰ ਦੇਖਣ ਨੂੰ ਮਿਲਿਆ ਹੈ। ਕਿਸਾਨ ਜਥੇਬੰਦੀਆਂ ਨੇ ਬਰਨਾਲਾ ਦੇ 5 ਮੁੱਖ ਮਾਰਗਾਂ 'ਤੇ ਵੱਡੇ ਜਾਮ ਲਗਾ ਕੇ ਕੇਂਦਰ ਸਰਕਾਰ ਨੂੰ ਲਲਕਾਰ ਮਾਰਦਿਆਂ ਇਨ੍ਹਾਂ ਖੇਤੀ ਬਿੱਲਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।
ਕਿਸਾਨ ਆਗੂ ਸਿਕੰਦਰ ਸਿੰਘ ਮਾਨ, ਦਰਸ਼ਨ ਸਿੰਘ ਉੱਗੋਕੇ ਅਤੇ ਜਗਰਾਜ ਸਿੰਘ ਨੇ ਕਿਹਾ ਕਿ ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਵੱਲੋਂ ਜੋ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ ਉਸ ਨੂੰ ਬਰਨਾਲਾ ਵਾਸੀਆਂ ਵੱਲੋਂ ਬਹੁਤ ਵੱਡਾ ਹੁੰਗਾਰਾ ਮਿਲਿਆ ਹੈ। ਵੱਡੀ ਗਿਣਤੀ ਵਿੱਚ ਕਿਸਾਨ, ਮਜ਼ਦੂਰ, ਔਰਤਾਂ, ਨੌਜਵਾਨ ਘਰਾਂ ਤੋਂ ਬਾਹਰ ਨਿਕਲ ਕੇ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਸੜਕਾਂ 'ਤੇ ਉੱਤਰੇ ਹਨ। ਉਨ੍ਹਾਂ ਕਿਹਾ ਕਿ ਇਹ ਖੇਤੀ ਬਿੱਲ ਪੰਜਾਬ ਦੀ ਕਿਸਾਨੀ ਅਤੇ ਆਰਥਿਕਤਾ ਨੂੰ ਬਿੱਲਕੁਲ ਉਜਾੜ ਕੇ ਰੱਖ ਦੇਣਗੇ ਜਿਸ ਤੋਂ ਪੰਜਾਬ ਦੇ ਕਿਸਾਨ ਭਲੀ ਭਾਂਤ ਜਾਣੂ ਹੋ ਚੁੱਕੇ ਹਨ। ਕਿਸਾਨ ਹੁਣ ਆਪਣੀ ਹੋਂਦ ਨੂੰ ਬਚਾਉਣ ਲਈ ਸੜਕਾਂ 'ਤੇ ਉੱਤਰ ਆਏ ਹਨ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਵੱਲੋਂ ਜਿਸ ਤਰ੍ਹਾਂ ਦੇ ਲੰਗਰ-ਪਾਣੀ ਦੇ ਪ੍ਰਬੰਧ ਕੀਤੇ ਗਏ ਹਨ, ਉਸ ਤੋਂ ਕਿਤੇ ਵੱਧ ਕੇ ਲੋਕ ਧਰਨਿਆਂ ਵਿੱਚ ਨਿਕਲੇ ਹਨ।