ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਦੇ ਕਿਸਾਨ ਲਗਾਤਾਰ ਤਿੰਨ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਹਨ। ਇਸੇ ਸੰਘਰਸ਼ ਦੇ ਚੱਲਦਿਆਂ ਦਿੱਲੀ ਵਿਖੇ ਲੱਗੇ ਪੱਕੇ ਮੋਰਚੇ ਨੂੰ ਇੱਕ ਮਹੀਨੇ ਦਾ ਸਮਾਂ ਬੀਤ ਗਿਆ ਹੈ। ਪਰ ਕੇਂਦਰ ਸਰਕਾਰ ਵੱਲੋਂ ਇੱਕ ਮਹੀਨੇ ਦਰਮਿਆਨ ਵੀ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਗਿਆ। ਇਹ ਇੱਕ ਮਹੀਨੇ ਦੇ ਸੰਘਰਸ਼ ਤੋਂ ਬਾਅਦ ਵੀ ਕਿਸਾਨਾਂ ਦੇ ਹੌਂਸਲੇ ਬੁਲੰਦ ਹਨ।
ਕਿਸਾਨਾਂ ਨੇ ਦਿੱਲੀ ਮੋਰਚੇ ਦੇ ਇੱਕ ਮਹੀਨੇ ਦੇ ਸੰਘਰਸ਼ ਦੀਆਂ ਗਿਣਾਈਆਂ ਪ੍ਰਾਪਤੀਆਂ
ਕਿਸਾਨਾਂ ਵਿੱਚ ਭਾਈਚਾਰਕ ਸਾਂਝ ਕੀਤੀ ਪੈਦਾ
ਗੱਲਬਾਤ ਕਰਦਿਆਂ ਕਿਸਾਨਾਂ ਨੇ ਕਿਹਾ ਕਿ ਲਗਾਤਾਰ ਇੱਕ ਮਹੀਨੇ ਤੋਂ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿੱਚ ਦੇਸ਼ ਭਰ ਦੇ ਕਿਸਾਨ ਦਿੱਲੀ ਦੀਆਂ ਹੱਦਾਂ 'ਤੇ ਸੰਘਰਸ਼ ਕਰ ਰਹੇ ਹਨ। ਇਸ ਸੰਘਰਸ਼ ਦੌਰਾਨ ਭਾਵੇਂ ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਰੱਦ ਨਹੀਂ ਕੀਤੇ, ਪਰ ਇਸਦੇ ਬਾਵਜੂਦ ਇਸ ਸੰਘਰਸ਼ ਦੀਆਂ ਬਹੁਤ ਪ੍ਰਾਪਤੀਆਂ ਹਨ। ਇਸ ਸੰਘਰਸ਼ ਨੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਦੇਸ਼ ਭਰ ਦੇ ਕਿਸਾਨਾਂ ਵਿੱਚ ਭਾਈਚਾਰਕ ਸਾਂਝ ਪੈਦਾ ਕੀਤੀ ਹੈ।
ਸਰਕਾਰ ਇਸ ਕਾਨੂੰਨ ਦੀਆਂ ਵਿਚਲੀਆਂ ਖਾਮੀਆਂ ਨੂੰ ਵੀ ਮੰਨਣ ਲੱਗੀ
ਉਨ੍ਹਾਂ ਕਿਹਾ ਕਿ ਜਿਹੜੀ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਦੇ ਫ਼ਾਇਦੇ ਗਿਣਾ ਰਹੀ ਸੀ, ਉਹੀ ਕੇਂਦਰ ਸਰਕਾਰ ਇਸ ਕਾਨੂੰਨ ਦੀਆਂ ਵਿਚਲੀਆਂ ਖਾਮੀਆਂ ਨੂੰ ਵੀ ਮੰਨਣ ਲੱਗੀ ਹੈ। ਜਿਸ ਕਰਕੇ ਸਰਕਾਰ ਵੱਲੋਂ ਕਿਸਾਨਾਂ ਨੂੰ ਕਾਨੂੰਨਾਂ ਵਿੱਚ ਸੋਧ ਦੀ ਗੱਲ ਹੋਣ ਲੱਗੀ। ਇੱਕ ਮਹੀਨਾ ਬੀਤ ਜਾਣ ਦੇ ਬਾਵਜੂਦ ਕਿਸਾਨਾਂ ਦੇ ਹੌਂਸਲੇ ਪੂਰੀ ਤਰ੍ਹਾਂ ਬੁਲੰਦ ਹਨ ਅਤੇ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਪੂਰੇ ਦ੍ਰਿੜ ਇਰਾਦੇ ਨਾਲ ਦਿੱਲੀ ਵਿਖੇ ਮੋਰਚਾ ਲਗਾਈ ਬੈਠੇ ਹਨ। ਜਿੰਨਾ ਸਮਾਂ ਇਹ ਕਾਨੂੰਨ ਰੱਦ ਨਹੀਂ ਹੁੰਦੇ ਉਹ ਘਰਾਂ ਵਿੱਚ ਬੈਠਣ ਵਾਲੇ ਨਹੀਂ ਹਨ।