ਬਰਨਾਲਾ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਲਗਾਤਾਰ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਬਰਨਾਲਾ ਦੇ ਰੇਲਵੇ ਸਟੇਸ਼ਨ ਉੱਪਰ ਲਗਾਤਾਰ ਬੀਤੇ ਕਈ ਦਿਨਾਂ ਤੋਂ ਕਿਸਾਨਾਂ ਦਾ ਧਰਨਾ ਜਾਰੀ ਹੈ। 19ਵੇਂ ਦਿਨ ਵੀ ਕਿਸਾਨ ਵੱਡੀ ਗਿਣਤੀ ਵਿੱਚ ਪੂਰੇ ਜੋਸ ਨਾਲ ਧਰਨੇ ਵਿੱਚ ਸ਼ਾਮਲ ਹੋਏ। ਇਸ ਮੋਰਚੇ ਵਿੱਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਵੱਲੋਂ ਹਾਜ਼ਰੀ ਲਵਾਈ ਗਈ।
ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਦਾ ਰੇਲ ਰੋਕੋ ਧਰਨਾ 19ਵੇਂ ਦਿਨ ਜਾਰੀ - ਭਾਰਤੀ ਕਿਸਾਨ ਯੂਨੀਅਨ ਕਾਦੀਆਂ
ਬਰਨਾਲਾ 'ਚ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਲਗਾਤਾਰ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਬਰਨਾਲਾ ਦੇ ਰੇਲਵੇ ਸਟੇਸ਼ਨ 'ਤੇ ਲਗਾਤਾਰ 19ਵੇਂ ਦਿਨਾਂ ਵੀ ਕਿਸਾਨਾਂ ਦਾ ਧਰਨਾ ਜਾਰੀ ਹੈ।
ਇਸ ਮੌਕੇ ਗੱਲਬਾਤ ਕਰਦਿਆਂ ਸੂਬਾ ਪ੍ਰਧਾਨ ਪੰਜਾਬ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਕਿਸਾਨਾਂ ਦੇ ਸੰਘਰਸ਼ ਦੇ ਦਬਾਅ ਕਾਰਨ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ। ਸੈਸ਼ਨ ਦੇ ਪਹਿਲੇ ਦਿਨ ਖੇਤੀ ਕਾਨੂੰਨਾਂ 'ਤੇ ਕੋਈ ਚਰਚਾ ਨਹੀਂ ਕੀਤੀ ਗਈ, ਜਿਸ ਦਾ ਉਨ੍ਹਾਂ ਨੂੰ ਬਹੁਤ ਅਫਸੋਸ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਤੀ ਕਾਨੂੰਨਾਂ ਨੂੰ ਲੈ ਕੇ ਕੀ ਏਜੰਡਾ ਬਣਾ ਰਹੀ ਹੈ।
ਇਸ ਬਾਰੇ ਨਾ ਤਾਂ ਵਿਰੋਧੀ ਧਿਰ ਨੂੰ ਦੱਸਿਆ ਗਿਆ ਹੈ ਅਤੇ ਨਾ ਹੀ ਕਿਸਾਨ ਜਥੇਬੰਦੀਆਂ ਨੂੰ ਭਰੋਸੇ ਵਿੱਚ ਲਿਆ ਗਿਆ ਹੈ। ਪੰਜਾਬ ਸਰਕਾਰ ਕਿਸਾਨਾਂ ਨਾਲ ਹੇਰ ਫੇਰ ਕਰਨ ਤੋਂ ਨਾ ਟਲੀ ਤਾਂ ਇਸ ਨੂੰ ਬਰਦਾਸ਼ਤ ਨਹੀਂ ਕਰਾਂਗੇ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਵਿਧਾਨ ਸਭਾ ਵਿੱਚ ਰੱਦ ਨਹੀਂ ਕਰਦੀ ਜਾਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਮੌਕੇ ਕੋਈ ਚੋਰ ਮੋਰੀ ਛੱਡਦੀ ਹੈ ਤਾਂ ਪੰਜਾਬ ਸਰਕਾਰ ਨੂੰ ਵੀ ਕਿਸਾਨਾਂ ਦੇ ਰੋਸ ਦਾ ਸਾਹਮਣਾ ਕਰਨਾ ਪਵੇਗਾ। ਖੇਤੀ ਕਾਨੂੰਨ ਪੰਜਾਬ ਦੀ ਹੋਂਦ ਨਾਲ ਜੁੜੇ ਹੋਏ ਹਨ। ਜਿਸ ਕਰਕੇ ਸਰਕਾਰ ਨੂੰ ਚਾਹੀਦਾ ਹੈ ਕਿ ਬਿਨਾਂ ਕਿਸੇ ਦੇਰੀ ਕੀਤੇ ਇਨ੍ਹਾਂ ਕਾਨੂੰਨਾਂ ਨੂੰ ਪੰਜਾਬ ਵਿਧਾਨ ਸਭਾ ਵਿੱਚ ਰੱਦ ਕੀਤਾ ਜਾਵੇ।