26 ਜਨਵਰੀ ਨੂੰ ਕਿਸਾਨ ਕੇਂਦਰ ਖ਼ਿਲਾਫ਼ ਕਰਨਗੇ ਵੱਡਾ ਇਕੱਠ ਬਰਨਾਲਾ:ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਪੱਧਰੀ ਮੀਟਿੰਗ ਬਰਨਾਲਾ 'ਚ ਹੋਈ। ਮੀਟਿੰਗ 'ਚ ਸ਼ਾਮਲ ਹੋਣ ਲਈ ਯੂਨੀਅਨ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾ ਵਿਸ਼ੇਸ਼ ਤੌਰ 'ਤੇ ਪਹੁੰਚੇ। ਜੋਗਿੰਦਰ ਸਿੰਘ ਉਗਰਾਹਾਂ ਜਿੱਥੇ ਸੰਯੁਕਤ ਕਿਸਾਨ ਮੋਰਚੇ ਦੇ ਅਗਲੇ ਸੰਘਰਸ਼ ਦੀ ਰੂਪਰੇਖਾ ਬਾਰੇ ਜਾਣਕਾਰੀ ਸਾਂਝੀ ਕੀਤੀ, ਉਥੇ ਜਲੰਧਰ ਵਿੱਚ ਲੋਕਾਂ ਦੇ ਘਰ ਢਾਹੇ ਜਾਣ ਦੀ ਵੀ ਨਿੰਦਾ ਕੀਤੀ।
ਇਹ ਵੀ ਪੜੋ:ਬਹਿਬਲਕਲਾਂ ਇਨਸਾਫ ਮੋਰਚੇ ਵੱਲੋਂ ਅਣਮਿੱਥੇ ਸਮੇਂ ਲਈ ਫਰੀਦਕੋਟ ਦਾ ਨੈਸ਼ਨਲ ਹਾਈਵੇ ਕੀਤਾ ਗਿਆ ਜਾਮ
ਇਸ ਮੌਕੇ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਅੱਜ ਕਿਸਾਨ ਜਥੇਬੰਦੀ ਦੀ ਸੂਬਾ ਪੱਧਰੀ ਮੀਟਿੰਗ ਰੱਖੀ ਗਈ ਹੈ ਅਤੇ ਅੱਜ ਦੀ ਮੀਟਿੰਗ ਵਿੱਚ ਕਿਸਾਨ ਜਥੇਬੰਦੀ ਦੇ ਮਸਲੇ ਵਿਚਾਰੇ ਗਏ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਖ਼ਿਲਾਫ਼ ਆਉਣ ਵਾਲੇ ਸੰਘਰਸ਼ ਦੀ ਰੂਪ-ਰੇਖਾ ਨੂੰ ਲੈ ਕੇ 24 ਦਸੰਬਰ ਨੂੰ ਕਰਨਾਲ ਵਿਖੇ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਰੱਖੀ ਗਈ ਹੈ, ਜਿਸ ਵਿਚ ਅਗਲੇ ਸੰਘਰਸ਼ ਦੀ ਰੂਪ-ਰੇਖਾ ਉਲੀਕੀ ਜਾਵੇਗੀ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ 26 ਜਨਵਰੀ ਨੂੰ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ ਅਤੇ ਆਉਂਦੇ ਮਾਰਚ ਮਹੀਨੇ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਦਿੱਲੀ ਵਿੱਚ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਦੂਜੇ ਪਾਸੇ ਕੋਰਟ ਦੇ ਹੁਕਮਾਂ 'ਤੇ ਜਲੰਧਰ 'ਚ ਨਗਰ ਸੁਧਾਰ ਟਰੱਸਟ ਵੱਲੋਂ ਉਜਾੜੇ ਗਏ ਪਰਿਵਾਰਾਂ ਦੇ ਮੁੱਦੇ 'ਤੇ ਉਨ੍ਹਾਂ ਕਿਹਾ ਕਿ ਜੇਕਰ ਉਹ ਲੋਕ ਸਰਕਾਰੀ ਜ਼ਮੀਨ 'ਤੇ ਨਾਜਾਇਜ਼ ਤੌਰ 'ਤੇ ਬੈਠੇ ਹਨ ਤਾਂ ਪੰਜਾਬ ਸਰਕਾਰ ਨੂੰ ਪਹਿਲਾਂ ਉਨ੍ਹਾਂ ਦੇ ਰਹਿਣ ਦਾ ਪ੍ਰਬੰਧ ਕਰਨਾ ਚਾਹੀਦਾ ਸੀ।
ਇਹ ਵੀ ਪੜੋ:ਕਿਸਾਨਾਂ ਨੇ ਮੁਫ਼ਤ ਕਰਵਾਏ ਟੋਲ ਪਲਾਜ਼ੇ, ਜਾਣੋ ਕੀ ਰਿਹਾ ਅਸਰ, ਕਿੱਥੇ-ਕਿੱਥੇ ਹੋਇਆ ਹੰਗਾਮਾ