ਬਰਨਾਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਸੋਮਵਾਰ ਨੂੰ ਬਰਨਾਲਾ ਦੇ ਪਿੰਡ ਠੀਕਰੀਵਾਲ ਵਿਖੇ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ ਬਰਸੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਪਹੁੰਚੇ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਲੌਂਗੋਵਾਲ ਨੇ ਕਿਹਾ ਕਿ ਜਿਸ ਮੌਕੇ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੇ ਵਰਕਰਾਂ ਅਤੇ ਆਗੂਆਂ ਦੀ ਲੋੜ ਸੀ ਤਾਂ ਉਸ ਮੌਕੇ ਢੀਂਡਸਾ ਪਰਿਵਾਰ ਅਕਾਲੀ ਦਲ ਤੋਂ ਅਲੱਗ ਹੋਇਆ, ਜੋ ਬਹੁਤ ਦੁੱਖ ਦੀ ਗੱਲ ਹੈ।
ਭਾਰਤ ਨੂੰ ਹਿੰਦੂ ਰਾਸ਼ਟਰ ਕਹਿਣ ਵਾਲੇ ਮੋਹਨ ਭਾਗਵਤ ਖ਼ਿਲਾਫ਼ ਹੋਵੇ ਕਾਰਵਾਈ: ਲੌਂਗੋਵਾਲ - ਮੋਹਨ ਭਾਗਵਤ
ਭਾਰਤ ਨੂੰ ਹਿੰਦੂ ਰਾਸ਼ਟਰ ਕਹਿਣ ਵਾਲੇ ਮੋਹਨ ਭਾਗਵਤ 'ਤੇ ਕਾਰਵਾਈ ਹੋਣੀ ਚਾਹੀਦੀ ਹੈ। ਇਹ ਗੱਲ ਸੋਮਵਾਰ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਬਰਨਾਲਾ ਦੇ ਪਿੰਡ ਠੀਕਰੀਵਾਲ ਵਿਖੇ ਇੱਕ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖੀ।
ਉਨ੍ਹਾਂ ਕਿਹਾ ਕਿ ਤਿੰਨ ਵਾਰ ਹਾਰਨ ਦੇ ਬਾਵਜੂਦ ਸ਼੍ਰੋਮਣੀ ਅਕਾਲੀ ਦਲ ਦੇ ਸੁਖਦੇਵ ਸਿੰਘ ਢੀਂਡਸਾ ਨੂੰ ਰਾਜ ਸਭਾ ਮੈਂਬਰ ਬਣਾਇਆ ਗਿਆ। ਪਰ ਢੀਂਡਸਾ ਵੱਲੋਂ ਪਾਰਟੀ ਨਾਲ ਕੀਤਾ ਜਾ ਰਿਹਾ ਵਿਵਹਾਰ ਮੰਦਭਾਗਾ ਹੈ। ਅੰਮ੍ਰਿਤਸਰ ਵਿਖੇ ਦਰਬਾਰ ਸਾਹਿਬ ਦੇ ਬਾਹਰ ਕੰਪਲੈਕਸ ਵਿੱਚ ਤੋੜੇ ਗਏ ਬੁੱਤਾਂ ਸਬੰਧੀ ਉਨ੍ਹਾਂ ਕਿਹਾ ਕਿ ਇਹ ਮਾਮਲਾ ਪੰਥਕ ਆਗੂਆਂ ਅਤੇ ਸ਼੍ਰੋਮਣੀ ਕਮੇਟੀ ਦੇ ਮਾਹਰਾਂ ਨਾਲ ਵਿਚਾਰਿਆ ਜਾਵੇਗਾ, ਜਿਸ ਤੋਂ ਬਾਅਦ ਅਗਲੀ ਕਾਰਵਾਈ ਹੋਵੇਗੀ। ਉਨ੍ਹਾਂ ਬੁੱਤ ਢਾਉਣ ਵਾਲੇ ਨੌਜਵਾਨਾਂ 'ਤੇ ਕੀਤੇ ਗਏ ਪਰਚੇ ਸਬੰਧੀ ਅੰਮ੍ਰਿਤਸਰ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਵੀ ਗੱਲ ਆਖੀ।
ਆਰਐਸਐਸ ਮੁਖੀ ਮੋਹਨ ਭਾਗਵਤ ਵੱਲੋਂ ਵਾਰ-ਵਾਰ ਭਾਰਤ ਵਿੱਚ ਰਹਿਣ ਵਾਲੇ ਲੋਕਾਂ ਨੂੰ ਹਿੰਦੂ ਆਖਣ ਦੇ ਮਾਮਲੇ 'ਤੇ ਐਸਜੀਪੀਸੀ ਪ੍ਰਧਾਨ ਲੌਂਗੋਵਾਲ ਨੇ ਇਤਰਾਜ਼ ਜਤਾਉਂਦਿਆਂ ਕਿਹਾ ਕਿ ਇਹ ਬਿਆਨ ਬਹੁਤ ਮੰਦਭਾਗਾ ਹੈ ਅਤੇ ਅਜਿਹੇ ਬਿਆਨ ਨਹੀਂ ਦੇਣੇ ਚਾਹੀਦੇ। ਉਨ੍ਹਾਂ ਕਿਹਾ ਕਿ ਭਾਰਤ ਦੇਸ਼ ਬਹੁ ਭਾਸ਼ਾਈ, ਬਹੁ ਧਰਮੀ ਦੇਸ਼ ਹੈ। ਦੇਸ਼ ਵਿੱਚ ਕਈ ਧਰਮਾਂ ਦੇ ਲੋਕ ਰਹਿੰਦੇ ਹਨ ਅਤੇ ਭਾਰਤ ਨੂੰ ਹਿੰਦੂ ਰਾਸ਼ਟਰ ਕਹਿਣਾ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਬਿਆਨ ਨਾਲ ਦੇਸ਼ ਵਿੱਚ ਮਾਹੌਲ ਖ਼ਰਾਬ ਹੋ ਸਕਦਾ ਹੈ।