ਬਰਨਾਲਾ: ਸਕੂਲ ਸਿੱਖਿਆ ਵਿਭਾਗ ਵੱਲੋਂ ਅਗਲੇ ਵਿੱਦਿਅਕ ਸੈਸ਼ਨ ਲਈ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਲਈ ਮਾਪਿਆਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ।
ਸੈਕੰਡਰੀ ਜ਼ਿਲ੍ਹਾ ਸਿੱਖਿਆ ਅਫ਼ਸਰ ਸਰਬਜੀਤ ਸਿੰਘ ਤੂਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵੱਲੋਂ ਅਗਲੇ ਵਿੱਦਿਅਕ ਸੈਸ਼ਨ ਦੇ ਦਾਖਲਿਆਂ ਲਈ ਗਤੀਵਿਧੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਸਕੂਲਾਂ ਦੇ ਅਧਿਆਪਕਾਂ ਵੱਲੋਂ ਟੀਮਾਂ ਬਣਾ ਕੇ ਬੱਚਿਆਂ ਦੇ ਘਰਾਂ 'ਚ ਪਹੁੰਚਦਿਆਂ ਮਾਪਿਆਂ ਨੂੰ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਪੜ੍ਹਾਉਣ ਲਈ ਇਸਤੇਮਾਲ ਕੀਤੀਆਂ ਜਾ ਰਹੀਆਂ ਅਤਿ ਆਧੁਨਿਕ ਸਹੂਲਤਾਂ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ।
ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਅਧਿਆਪਕਾਂ ਸਮੇਤ ਸਕੂਲਾਂ ਦੇ ਮੁਖੀ ਖੁਦ ਮਾਪਿਆਂ ਨੂੰ ਆਪਣੇ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ ਵਿੱਚ ਕਰਵਾ ਕੇ ਸਰਕਾਰੀ ਸਹੂਲਤਾਂ ਦਾ ਲਾਹਾ ਲੈਣ ਲਈ ਪ੍ਰੇਰਿਤ ਕਰਨ ਹਿੱਤ ਵਿਦਿਆਰਥੀਆਂ ਦੇ ਘਰਾਂ ਤੱਕ ਪਹੁੰਚ ਰਹੇ ਹਨ। ਸਿੱਖਿਆ ਅਧਿਕਾਰੀਆਂ ਨੇ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪੋ ਆਪਣੇ ਬੱਚਿਆਂ ਦੇ ਸਕੂਲ ਦਾਖਲੇ ਤੋਂ ਪਹਿਲਾਂ ਇੱਕ ਵਾਰ ਆਪਣੇ ਪਿੰਡ ਜਾਂ ਸ਼ਹਿਰ ਦੇ ਸਰਕਾਰੀ ਸਕੂਲ ਦੇ ਮੁਖੀ ਅਤੇ ਅਧਿਆਪਕਾਂ ਨੂੰ ਜ਼ਰੂਰ ਮਿਲ ਲਿਆ ਜਾਵੇ। ਸਕੂਲ ਵਿੱਚ ਜਾਣ ਨਾਲ ਮਾਪੇ ਖੁਦ ਸਰਕਾਰੀ ਸਕੂਲਾਂ 'ਚ ਉਪਲਬਧ ਬੁਨਿਆਦੀ ਸਹੂਲਤਾਂ ਅਤੇ ਪੜ੍ਹਾਉਣ ਦੀਆਂ ਅਤਿ ਆਧੁਨਿਕ ਸਹੂਲਤਾਂ ਬਾਰੇ ਜਾਣ ਸਕਣਗੇ।
ਸੈਕੰਡਰੀ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਕੰਵਲਜੀਤ ਕੌਰ ਨੇ ਦੱਸਿਆ ਕਿ ਵਿਭਾਗ ਵੱਲੋਂ ਅਗਲੇ ਸੈਸ਼ਨ ਦੇ ਦਾਖਲਿਆਂ ਦੀ ਰਜਿਸਟ੍ਰੇਸ਼ਨ ਲਈ ਈ-ਪੰਜਾਬ 'ਤੇ ਵਿਵਸਥਾ ਉਪਲਬਧ ਕਰਵਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦਾ ਬਦਲਿਆ ਮੁਹਾਂਦਰਾ ਮਾਪਿਆਂ ਅਤੇ ਬੱਚਿਆਂ ਨੂੰ ਵੱਡੇ ਪੱਧਰ 'ਤੇ ਆਕਰਸ਼ਿਤ ਕਰ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਉੱਚ ਯੋਗਤਾ ਪ੍ਰਾਪਤ ਅਧਿਆਪਕ ਵਿਦਿਆਰਥੀਆਂ ਨੂੰ ਸਰਲ ਤਰੀਕੇ ਅਤੇ ਵਿਸਥਾਰ ਵਿੱਚ ਪੜ੍ਹਾਉਣ ਦੀ ਸਮਰੱਥਾ ਰੱਖਦੇ ਹਨ।
ਉਨ੍ਹਾਂ ਕਿਹਾ ਕਿ ਬਹੁਗਿਣਤੀ ਮਾਪੇ ਆਪਣੇ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ ਵਿੱਚ ਕਰਵਾਉਣ ਲਈ ਸਹਿਮਤ ਹੋ ਰਹੇ ਹਨ। ਸਰਕਾਰੀ ਸਕੂਲਾਂ ਦੇ ਬਦਲੇ ਮੁਹਾਂਦਰੇ ਦੀ ਜਾਣਕਾਰੀ ਹਰ ਬੱਚੇ ਦੇ ਮਾਪੇ ਤੱਕ ਪਹੁੰਚਾਉਣ ਦਾ ਟੀਚਾ ਹੈ ਤਾਂ ਕਿ ਮਾਪੇ ਘਰਾਂ ਦੇ ਨਜ਼ਦੀਕ ਮੁਫਤ ਵਿੱਚ ਆਪੋ ਆਪਣੇ ਬੱਚਿਆਂ ਨੂੰ ਉੱਚ ਪੱਧਰ ਦੀ ਸਿੱਖਿਆ ਪ੍ਰਾਪਤ ਕਰਵਾ ਸਕਣ।