ਬਰਨਾਲਾ:ਦੇਸ਼ ਦੀ ਆਜ਼ਾਦੀ ਦੀ 76ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਇੱਥੇ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਸ਼ਾਨੋ-ਸ਼ੌਕਤ ਨਾਲ ਕਰਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਕੌਮੀ ਝੰਡਾ ਲਹਿਰਾਇਆ। ਮੁੱਖ ਮਹਿਮਾਨ ਨੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ।
ਸਰਬਪੱਖੀ ਵਿਕਾਸ ਲਈ ਉਪਰਾਲੇ: ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਡਾ. ਬਲਬੀਰ ਸਿੰਘ ਨੇ ਕਿਹਾ ਕਿ ਅਸੀਂ ਦੇਸ਼ ਦੀ ਆਜ਼ਾਦੀ ਦੀ 76ਵੀਂ ਵਰ੍ਹੇਗੰਢ ਮਨਾ ਰਹੇ ਹਾਂ। ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਬਿਜਲੀ, ਖੇਤੀਬਾੜੀ, ਸਿੱਖਿਆ, ਲਾਅ ਐਂਡ ਆਡਰ, ਨਾਗਰਿਕ ਸੇਵਾਵਾਂ, ਬੁਨਿਆਦੀ ਢਾਂਚੇ, ਸ਼ਹਿਰੀ ਵਿਕਾਸ, ਪਿੰਡਾਂ ਦੇ ਸਰਵਪੱਖੀ ਵਿਕਾਸ, ਸਿਹਤ ਤੇ ਨਿਵੇਸ਼ ਪੱਖੀ ਮਾਹੌਲ ਸਿਰਜਣ ਦੇ ਖੇਤਰ ਵਿੱਚ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਸਿਹਤ ਸੇਵਾਵਾਂ ਦੇਣ ਲਈ ਖੋਲ੍ਹੇ ਕਲੀਨਿਕ: ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਖੋਲ੍ਹੇ ਗਏ 583 ਆਮ ਆਦਮੀ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ ਅਤੇ 76 ਹੋਰ ਨਵੇਂ ਕਲੀਨਿਕ ਖੋਲ੍ਹੇ ਗਏ ਹਨ। ਇਨ੍ਹਾਂ ਕਲੀਨਿਕਾਂ ਤੋਂ 80 ਤਰ੍ਹਾਂ ਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ ਅਤੇ 41 ਤਰ੍ਹਾਂ ਦੇ ਟੈਸਟ ਮੁਫਤ ਕੀਤੇ ਜਾਂਦੇ ਹਨ। ਹੁਣ ਤੱਕ ਸੂਬੇ ਭਰ ਵਿੱਚ 43.74 ਲੱਖ ਲੋਕਾਂ ਵੱਲੋਂ ਸਿਹਤ ਸੇਵਾਵਾਂ ਪ੍ਰਾਪਤ ਕੀਤੀਆਂ ਗਈਆਂ ਹਨ।