ਬਰਨਾਲਾ: ਦੇਸ਼ ਦੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੀ ਦੇਣ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ, ਜਿਨ੍ਹਾਂ ਬਦੌਲਤ ਸਾਨੂੰ ਦੁਨੀਆਂ ਵਿੱਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੋਇਆ। ਇਹ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗਣਤੰਤਰ ਦਿਵਸ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਮੌਕੇ ਕੀਤਾ। ਪਰੇਡ ਕਮਾਂਡਰ ਡੀਐਸਪੀ ਬਲਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਮਾਰਚ ਪਾਸਟ ਤੋਂ ਸਲਾਮੀ ਲਈ।
ਟੁਕੜੀਆਂ ਵਿੱਚ ਪੰਜਾਬ ਪੁਲਿਸ ਤੋਂ ਇਲਾਵਾ ਐਸਡੀ ਕਾਲਜ, ਲਾਲ ਬਹਾਦਰ ਸ਼ਾਸਤਰੀ ਕਾਲਜ, ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਦੀਆਂ ਐਨਸੀਸੀ ਯੂਨਿਟਾਂ ਦੀਆਂ ਟੁਕੜੀਆਂ ਤੇ ਬਰਨਾਲਾ ਪੁਲਿਸ ਦਾ ਬੈਂਡ ਸ਼ਾਮਲ ਰਿਹਾ। ਇਸ ਮੌਕੇ ਮੁੱਖ ਮਹਿਮਾਨ ਸਿੱਧੂ ਤੋਂ ਇਲਾਵਾ ਸੀਨੀਅਰ ਆਗੂ ਕੇਵਲ ਸਿੰਘ ਢਿੱਲੋਂ, ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਤੇ ਹੋਰ ਸ਼ਖ਼ਸੀਅਤਾਂ ਵੱਲੋਂ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਡਾ. ਭੀਮ ਰਾਓ ਅੰਬੇਦਕਰ ਦੀ ਦੇਣ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ: ਸਿੱਧੂ ਇਸ ਮਗਰੋਂ ਵੱਖ ਵੱਖ ਵਿਭਾਗਾਂ ਵੱਲੋਂ ਝਾਕੀਆਂ ਕੱਢੀਆਂ ਗਈਆਂ। ਖੇਤੀਬਾੜੀ ਵਿਭਾਗ ਵੱਲੋਂ ਧਰਤੀ ਦੇ ਉਪਜਾਊ ਤੱਤ ਬਚਾਉਣ ਸਬੰਧੀ, ਸਿਹਤ ਵਿਭਾਗ ਵੱਲੋਂ ਕੋਰੋਨਾ ਵੈਕਸੀਨੇਸ਼ਨ ਸਬੰਧੀ, ਪਸ਼ੂ ਪਾਲਣ ਵਿਭਾਗ ਵੱਲੋਂ ਬਰਡ ਫ਼ਲੂ ਵਿਰੁੱਧ, ਸਿੱਖਿਆ ਵਿਭਾਗ ਵੱਲੋਂ ਸਮਾਰਟ ਸਕੂਲਾਂ, ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਓਰੋ ਵੱਲੋਂ ਬਿਓਰੋ ਦੀਆਂ ਸੇਵਾਵਾਂ ਬਾਰੇ ਅਤੇ ਨਾਲ ਹੀ ਟਰਾਈਡੈਂਟ ਗਰੁੱਪ ਤੇ ਸਟੈਂਡਰਡ ਕੰਬਾਈਨ ਵੱਲੋਂ ਝਾਕੀ ਪੇਸ਼ ਕੀਤੀ ਗਈ।
ਇਸ ਮੌਕੇ ਮੁੱਖ ਮਹਿਮਾਨ ਤੇ ਹੋਰਾਂ ਵੱਲੋਂ ਜ਼ਿਲ੍ਹਾ ਰੈਡ ਕ੍ਰਾਸ ਸੁਸਾਇਟੀ ਤਰਫੋਂ 5 ਸਿਲਾਈ ਮਸ਼ੀਨਾਂ, 4 ਟਰਾਈ ਸਾਇਕਲਾਂ ਅਤੇ 2 ਵੀਲ ਚੇਅਰਾਂ ਦੀ ਵੰਡ ਜ਼ਰੂਰਤਮੰਦਾਂ ਨੂੰ ਕੀਤੀ ਗਈ। ਇਸ ਮੌਕੇ ਬਰਨਾਲਾ ਨਾਲ ਸਬੰਧਤ ਉਘੇ ਸਾਹਿਤਕਾਰ ਓਮ ਪ੍ਰਕਾਸ਼ ਗਾਸੋ ਦਾ ਵੀ ਸਨਮਾਨ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵੱਲੋਂ ਕਰੋਨਾ ਮਹਾਮਾਰੀ ਦੌਰਾਨ ਚੰਗੀਆਂ ਸੇਵਾਵਾਂ ਬਦਲੇ ਡੀਸੀ ਤੇਜ ਪ੍ਰਤਾਪ ਸਿੰਘ ਫੂਲਕਾ, ਐਸਐਸਪੀ ਸੰਦੀਪ ਗੋਇਲ ਤੇ ਡਾਇਰੈਕਟਰ (ਸਿਹਤ ਸੇਵਾਵਾਂ) ਡਾ. ਜੀਬੀ ਸਿੰਘ ਦਾ ਸਨਮਾਨ ਕੀਤਾ ਗਿਆ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਚੰਗੀਆਂ ਸੇਵਾਵਾਂ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਬਾਬਾ ਗਾਂਧਾ ਸਿੰਘ ਸਕੂਲ ਦੇ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ।