ਬਰਨਾਲਾ: ਜਮਹੂਰੀ ਅਧਿਕਾਰ ਸਭਾ ਨੇ ਮਨੁੱਖੀ ਅਧਿਕਾਰ ਦਿਵਸ ਨੂੰ ਸਮਰਪਿਤ 'ਮਨੁੱਖੀ ਅਧਿਕਾਰ ਅਤੇ ਅਜੋਕੇ ਹਾਲਤ' ਵਿਸ਼ੇ 'ਤੇ ਤਰਕਸ਼ੀਲ ਭਵਨ ਬਰਨਾਲਾ ਵਿੱਚ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਭਾਗ ਲਿਆ। ਇਸ ਮੌਕੇ ਬੁਲਾਰਿਆਂ ਨੇ ਦੇਸ਼ ਵਿੱਚ ਧਰਮ ਦੀ ਆੜ 'ਚ ਮਨੁੱਖੀ ਅਧਿਕਾਰਾਂ ਦੇ ਕੀਤੇ ਜਾ ਰਹੇ ਘਾਣ ਬਾਰੇ ਖੁੱਲ੍ਹ ਕੇ ਵਿਚਾਰ ਚਰਚਾ ਕੀਤੀ।
ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਐਨਆਰਸੀ ਲਾਗੂ ਕਰਕੇ ਮੁਸਲਮਾਨ ਤਬਕੇ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਫੌਜ ਅਤੇ ਪੁਲਿਸ ਬਲ ਦੇ ਜ਼ੋਰ 'ਤੇ ਇਸ ਦਾ ਵਿਰੋਧ ਕਰਨ ਵਾਲੇ ਲੋਕਾਂ 'ਤੇ ਭਾਰੀ ਤਸ਼ੱਦਦ ਕੀਤਾ ਜਾ ਰਿਹਾ ਹੈ। ਹੋਰ ਤਾਂ ਹੋਰ ਯੂਨੀਵਰਸਿਟੀਆਂ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਵੀ ਨਹੀਂ ਬਖ਼ਸ਼ਿਆ ਜਾ ਰਿਹਾ।
ਧਾਰਾ 370 ਦੀ ਵਰਤੋਂ ਕਰਕੇ ਜੰਮੂ ਕਸ਼ਮੀਰ ਦੇ ਲੋਕਾਂ ਦੇ ਹੱਕਾਂ 'ਤੇ ਡਾਕਾ ਮਾਰਿਆ ਜਾ ਰਿਹਾ ਹੈ। ਪਿਛਲੇ 100 ਦਿਨਾਂ ਤੋਂ ਜੰਮੂ ਕਸ਼ਮੀਰ ਵਿੱਚ ਇੰਟਰਨੈੱਟ ਅਤੇ ਫੋਨ ਸੇਵਾਵਾਂ ਹੀ ਬੰਦ ਕਰ ਦਿੱਤੇ ਗਏ ਹਨ, ਜੋ ਵੀ ਕੇਂਦਰ ਸਰਕਾਰ ਦੀਆਂ ਵਧੀਕੀਆਂ ਖ਼ਿਲਾਫ਼ ਬੋਲਦਾ ਹੈ ਉਸ 'ਤੇ ਤਸ਼ੱਦਦ ਢਾਇਆ ਜਾ ਰਿਹਾ ਹੈ।