ਬਰਨਾਲਾ: ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਕੱਚੇ ਕਾਮਿਆਂ ਵੱਲੋਂ ਪਰਿਵਾਰਾਂ ਸਮੇਤ ਚੱਲ ਰਹੀ ਭੁੱਖ ਹੜਤਾਲ ਅੱਜ ਦੂਜੇ ਦਿਨ ਵੀ ਜਾਰੀ ਰਹੀ। ਕੱਚੇ ਕਾਮਿਆਂ ਦੇ ਸੰਘਰਸ਼ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਅਤੇ ਮਜ਼ਦੂਰ ਯੂਨੀਅਨਾਂ ਸ਼ਾਮਲ ਹੋਈਆਂ। ਧਰਨੇ ’ਤੇ ਬੈਠੇ ਲੋਕਾਂ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਵਾਅਦਿਆਂ ਤੋਂ ਮੁੱਕਰ ਗਈ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸ ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਭੁੱਖ ਹੜਤਾਲ 'ਤੇ ਬੈਠੇ ਠੇਕਾ ਮੁਲਾਜਮ ਸੰਘਰਸ਼ ਮੋਰਚਾ ਦੇ ਆਗੂ ਵੀਰਪਾਲ ਕੌਰ ਅਤੇ ਰਮਨਪ੍ਰੀਤ ਕੌਰ ਨੇ ਦੱਸਿਆ ਕਿ ਪਿਛਲੇ 13 ਸਾਲਾਂ ਤੋਂ ਬਰਨਾਲਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ 24 ਵਿਅਕਤੀ ਕੱਚੇ ਕਾਮੇ ਵਜੋਂ ਕੰਮ ਕਰ ਰਹੇ ਹਨ ਅਤੇ ਹੁਣ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਪੱਕਾ ਕਰਨ ਦੀ ਬਜਾਏ 24 ਪੱਕੇ ਮੁਲਾਜ਼ਮਾਂ ਨੂੰ ਤਾਇਨਾਤ ਕਰਕੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਬੇਰੁਜ਼ਗਾਰ ਕੀਤਾ ਜਾ ਰਿਹਾ ਹੈ, ਜਿਸ ਦੇ ਵਿਰੋਧ 'ਚ ਉਹ ਪਿਛਲੇ ਕਈ ਦਿਨਾਂ ਤੋਂ ਸੰਘਰਸ਼ ਕਰ ਰਹੇ ਹਨ। ਕੱਲ੍ਹ ਅਤੇ ਅੱਜ ਉਹ ਆਪਣੇ ਪਰਿਵਾਰਾਂ ਸਮੇਤ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨੇ 'ਤੇ ਭੁੱਖ ਹੜਤਾਲ 'ਤੇ ਬੈਠੇ ਸਨ।