ਬਰਨਾਲਾ: ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਨੂੰ ਠੱਲ ਪਾਉਣ ਲਈ ਜ਼ਿਲ੍ਹਾ ਪੱਧਰ ਉੱਤੇ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਇਨ੍ਹਾਂ 'ਚ ਵੱਖ-ਵੱਖ ਸਰਕਾਰੀ ਅਫਸਰ ਅਤੇ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਜਿਹੜੇ ਕਿ ਮੌਕੇ 'ਤੇ ਜਾ ਕੇ ਮੁਆਇਨਾ ਕਰਦੇ ਹਨ ਅਤੇ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰ ਰਹੇ ਹਨ। ਇਸ ਦੇ ਨਾਲ ਹੀ ਉਹ ਅੱਗ ਲੱਗਣ ਦੇ ਕੇਸਾਂ ਬਾਰੇ ਰਿਪੋਰਟ ਕਰਦੇ ਹਨ।
ਇਸ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ ਨੇ ਦੱਸਿਆ ਕਿ 30 ਅਕਤੂਬਰ ਦਿਨ ਐਤਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੂਚਨਾ ਮਿਲੀ ਕਿ ਕੌਮੀ ਮਾਰਗ 'ਤੇ ਪਿੰਡ ਹਰੀਗੜ੍ਹ ਨੇੜੇ ਖੇਤਾਂ ਵਿਚ ਅੱਗ ਲੱਗੀ ਹੋਈ ਹੈ। ਇਸ ਦੀ ਸੂਚਨਾ ਮਿਲਦੇ ਹੀ ਕਲੱਸਟਰ ਕੋਆਰਡੀਨੇਟਰ ਦਿਲਦਾਰ ਸਿੰਘ ਅਤੇ ਪਟਵਾਰੀ ਲਵਪ੍ਰੀਤ ਸਿੰਘ ਮੌਕੇ ਉੱਤੇ ਪਹੁੰਚੇ। ਉਨ੍ਹਾਂ ਨੇ ਫਾਇਰ ਬ੍ਰਿਗੇਡ ਅਮਲੇ ਦੇ ਸਹਿਯੋਗ ਨਾਲ ਅੱਗ ਬੁਝਾਈ।
ਇਸ ਮੌਕੇ ਪੁੱਜੇ ਉਪ ਮੰਡਲ ਮੈਜਿਸਟ੍ਰੇਟ ਗੋਪਾਲ ਸਿੰਘ ਨੇ ਦੱਸਿਆ ਕਿ ਅੱਗ ਕਾਰਨ ਸੜਕ ਉੱਤੇ ਧੁੰਆਂ ਛਾ ਗਿਆ। ਜੇਕਰ ਅੱਗ 'ਤੇ ਕਾਬੂ ਨਾ ਪਾਇਆ ਜਾਂਦਾ ਤਾਂ ਸੜਕੀ ਆਵਾਜਾਈ ਵਿੱਚ ਵਿਘਨ ਪੈਣ ਕਾਰਨ ਵੱਡੇ ਨੁਕਸਾਨ ਦਾ ਖਦਸ਼ਾ ਸੀ।