ਬਰਨਾਲਾ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਰਾਜ਼ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਮੋਹਾਲੀ ਦੀਆਂ ਹਦਾਇਤਾਂ ਅਨੁਸਾਰ ਅਤੇ ਵਰਿੰਦਰ ਅੱਗਰਵਾਲ ਮਾਨਯੋਗ ਜ਼ਿਲਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਪ੍ਰਧਾਨਗੀ ਹੇਠ ਜ਼ਿਲਾ ਕੋਰਟ ਕੰਪਲੈਕਸ ਬਰਨਾਲਾ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਰਜ਼ਾਮੰਦੀ ਨਾਲ ਕਈ ਮਾਮਲਿਆਂ ਦਾ ਨਿਪਟਾਰਾ ਕਰਵਾਇਆ ਗਿਆ।
ਇਸ ਮੌਕੇ ਮਾਨਯੋਗ ਜੱਜ ਵਰਿੰਦਰ ਅਗਰਵਾਲ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ ਹਰ ਤਰ੍ਹਾਂ ਦੇ ਪੈਂਡਿੰਗ ਕੇਸਾਂ ਦੀ ਸੁਣਵਾਈ ਕਰਨ ਲਈ ਅਤੇ ਆਪਸੀ ਰਜ਼ਾਮੰਦੀ ਅਤੇ ਆਪਸੀ ਸਹਿਮਤੀ ਨਾਲ ਨਿਪਟਾਉਣ ਲਈ ਕੁੱਲ ਤਿੰਨ ਬੈਂਚਾਂ ਦਾ ਗਠਨ ਕੀਤਾ ਗਿਆ ਹੈ। ਜਿਸ ’ਚ ਸ਼੍ਰੀ ਕਪਿਲ ਅਗਰਵਾਲ, ਮਾਨਯੋਗ ਪ੍ਰਿੰਸੀਪਲ ਜੱਜ ਫੈਮਲੀ ਕੋਰਟ, ਸ਼੍ਰੀ ਵਨੀਤ ਕੁਮਾਰ ਨਾਰੰਗ, ਮਾਨਯੋਗ ਸਿਵਲ ਜੱਜ (ਸ.ਡ.) ਅਤੇ ਸ਼੍ਰੀਮਤੀ ਸੁਰੇਖਾ ਰਾਣੀ, ਮਾਨਯੋਗ ਏ.ਸੀ.ਜੇ.ਐੱਸ.ਡੀ. ਦੇ ਬੈਂਚ ਚ ਸ਼ਾਮਲ ਹਨ। ਜੱਜ ਵਰਿੰਦਰ ਅਗਰਵਾਲ ਨੇ ਦੱਸਿਆ ਕਿ ਕੌਮੀ ਲੋਕ ਅਦਾਲਤ ’ਚ 411 ਕੇਸਾਂ ਦੀ ਸੁਣਵਾਈ ਕੀਤੀ ਗਈ ਅਤੇ 334 ਕੇਸਾਂ ਦਾ ਆਪਸੀ ਰਜ਼ਾਮੰਦੀ ਨਾਲ ਨਿਪਟਾਰਾ ਕੀਤਾ ਅਤੇ 1,69,09,391/- ਰੁਪਏ ਦੇ ਐਵਾਰਡ ਪਾਸ ਕੀਤੇ ਗਏ।