ਬਰਨਾਲਾ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਐਸਜੀਪੀਸੀ ਵਲੋਂ ਕੁਤਾਹੀ ਵਰਤਣ ਵਾਲੇ ਤਿੰਨ ਮੁਲਜ਼ਮ ਨੌਕਰੀ ਤੋਂ ਬਰਖ਼ਾਸਤ ਕੀਤੇ ਗਏ ਸਨ, ਜਿਹਨਾਂ ਦੀ ਬਰਖ਼ਾਸਤਗੀ 'ਤੇ ਪੰਜਾਬ ਹਰਿਆਣਾ ਹਾਈਕੋਰਟ ਵਲੋਂ ਰੋਕ ਲਗਾ ਦਿੱਤੀ ਗਈ ਹੈ। ਜਿਸ ਸਬੰਧੀ ਬਰਖ਼ਾਸਤ ਕੀਤੇ ਮੁਲਾਜ਼ਮਾਂ ਨੇ ਐਸਜੀਪੀਸੀ 'ਤੇ ਹਾਈਕੋਰਟ ਦੀ ਉਲੰਘਣਾ ਕਰਕੇ ਮੁੜ ਬਰਖ਼ਾਸਤ ਕਰਨ ਦੇ ਦੋਸ਼ ਲਗਾਏ ਹਨ।
ਇਸ 'ਤੇ ਪ੍ਰਤੀਕਿਰਿਆ ਦਿੰਦਿਆਂ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਉਹਨਾਂ ਵਲੋਂ ਐਸਜੀਪੀਸੀ ਦੇ ਅਧਿਕਾਰਾਂ ਦੀ ਵਰਤੋਂ ਕਰਕੇ ਹੀ ਦੋਸ਼ੀ ਮੁਲਾਜ਼ਮਾਂ ਨੂੰ ਬਰਖ਼ਾਸਤ ਕੀਤਾ ਗਿਆ ਹੈ ਅਤੇ ਇਸ ਮਾਮਲੇ ਵਿੱਚ ਹਾਈਕੋਰਟ ਦੇ ਹੁਕਮਾਂ ਦਾ ਕੋਈ ਉਲੰਘਣ ਨਹੀਂ ਹੋਇਆ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅੱਜ ਇਤਿਹਾਸਕ ਪਿੰਡ ਗਹਿਲ ਪੁੱਜੇ। ਜਿੱਥੇ ਉਹਨਾਂ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿੱਚ ਬਣਾਈ ਜਾ ਰਹੀ ਯਾਦਗਾਰ ਦਾ ਜਾਇਜ਼ਾ ਲਿਆ। ਇਸ ਮੌਕੇ ਉਹਨਾਂ ਕਿਹਾ ਕਿ ਪਿੰਡ ਵਾਸੀਆਂ ਦਾ ਇਹ ਬਹੁਤ ਵਧੀਆ ਉਪਰਾਲਾ ਹੈ ਅਤੇ ਇਸ ਯਾਦਗਾਰ ਲਈ ਐਸਜੀਪੀਸੀ ਆਪਣੇ ਵਲੋਂ ਵੀ ਫੰਡ ਜਲਦ ਜਾਰੀ ਕਰੇਗੀ।
ਪ੍ਰਧਾਨ ਧਾਮੀ ਨੇ ਕਿਹਾ ਕਿ ਐਸਜੀਪੀਸੀ ਦੀਆਂ ਵਿੱਦਿਅਕ ਸੰਸਥਾਵਾਂ ਲਗਾਤਾਰ ਭਾਵੇਂ ਘਾਟੇ ਵਿੱਚ ਜਾ ਰਹੀਆਂ ਹਨ, ਪਰ ਫਿਰ ਵੀ ਇਹਨਾਂ ਚੱਲ ਰਹੇ ਵਿੱਦਿਅਕ ਅਦਾਰਿਆਂ ਦੀ ਬੇਹਤਰੀ ਲਈ ਕੰਮ ਕੀਤਾ ਜਾਵੇਗਾ। ਇਸ ਮੌਕੇ ਐਸਜੀਪੀਸੀ ਮੈਂਬਰ ਜੱਥੇਦਾਰ ਬਲਦੇਵ ਸਿੰਘ ਚੂੰਘਾਂ ਅਤੇ ਵੱਡਾ ਘੱਲੂਘਾਰਾ ਕਮੇਟੀ ਗਹਿਲ ਦੇ ਸੁਰਜੀਤ ਸਿੰਘ, ਗੁਰਜੰਟ ਸਿੰਘ, ਬੇਅੰਤ ਸਿੰਘ, ਜਗਰੂਪ ਸਿੰਘ ਆਦਿ ਵਲੋਂ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਵੀ ਕੀਤਾ ਗਿਆ।
ਇਹ ਵੀ ਪੜ੍ਹੋ:ਸਿਰੋਪਾਓ ਅਤੇ ਹਾਰ ਲੈ ਖੜੇ ਉਡੀਕਦੇ ਰਹੇ ਵਰਕਰ ਪਰ ਨਹੀਂ ਪਹੁੰਚੇ ਮੰਤਰੀ ਸਾਬ