ਬਰਨਾਲਾ: ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਐਸਡੀ ਕਾਲਜ ਬਰਨਾਲਾ 'ਚ ਲੜਕੇ ਤੇ ਲੜਕੀਆਂ ਦੀ ਦੋ ਰੋਜ਼ਾ ਅੰਤਰ ਕਾਲਜ ਨੈੱਟਬਾਲ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵੱਖ-ਵੱਖ ਕਾਲਜਾਂ ਦੀਆਂ ਟੀਮਾਂ ਵੱਲੋਂ ਭਾਗ ਲਿਆ ਗਿਆ।
ਡੀਐੱਸਪੀ ਬਰਨਾਲਾ ਰਾਜੇਸ਼ ਕੁਮਾਰ ਛਿੱਬਰ ਇਸ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚ ਕੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ ਤੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡਣ ਦੀ ਰਸਮ ਅਦਾ ਕੀਤੀ। ਉਨ੍ਹਾਂ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ।
ਇਹ ਮੁਕਾਬਲਾ ਡਾ.ਬਹਾਦਰ ਸਿੰਘ ਸੰਧੂ ਦੀ ਦੇਖ ਰੇਖ ਵਿੱਚ ਹੋਏ ਮੁਕਾਬਲਿਆਂ ਵਿੱਚ ਫਿਜ਼ੀਕਲ ਕਾਲਜ ਮਸਤੂਆਣਾ ਸਾਹਿਬ ਨੇ ਦੂਜਾ, ਰਾਜਿੰਦਰਾ ਕਾਲਜ ਬਠਿੰਡਾ ਨੇ ਤੀਜਾ ਅਤੇ ਐਸਡੀ ਕਾਲਜ ਬਰਨਾਲਾ ਨੇ ਚੌਥੇ ਸਥਾਨ ਹਾਸਲ ਕੀਤਾ। ਲੜਕੀਆਂ ਦੇ ਮੁਕਾਬਲਿਆਂ ਵਿਚ ਰਾਜਿੰਦਰਾ ਕਾਲਜ ਦੂਜੇ ਐਸਡੀ ਕਾਲਜ ਬਰਨਾਲਾ ਤੀਜੇ ਅਤੇ ਫਿਜ਼ੀਕਲ ਐਜੂਕੇਸ਼ਨ ਕਾਲਜ ਮਸਤੂਆਣਾ ਸਾਹਿਬ ਚੌਥੇ ਸਥਾਨ ਤੇ ਰਹੇ।
ਇਸ ਚੈਂਪੀਅਨਸ਼ਿਪ ਵਿੱਚ ਫਿਜ਼ੀਕਲ ਕਾਲਜ ਪਟਿਆਲਾ ਦੀਆਂ ਦੋਵੇਂ ਵਰਗਾਂ ਦੀਆਂ ਟੀਮਾਂ ਚੈਂਪੀਅਨ ਬਣੀਆਂ। ਜੇਤੂ ਟੀਮਾਂ ਨੇ ਆਪਣੇ ਸਾਰੇ ਲੀਗ ਮੁਕਾਬਲਿਆਂ ਵਿੱਚ ਚੰਗਾ ਪ੍ਰਦਰਸ਼ਨ ਕਰਦਿਆਂ ਚੈਂਪੀਅਨਸ਼ਿਪ ਤੇ ਕਬਜ਼ਾ ਹਾਸਿਲ ਕੀਤਾ। ਐਸਡੀ ਕਾਲਜ ਵੱਲੋਂ ਪ੍ਰੋਫੈਸਰ ਬਹਾਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਵੱਖ ਵੱਖ ਕਾਲਜਾਂ ਦੇ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਸਾਰੀਆਂ ਹੀ ਟੀਮਾਂ ਦੇ ਫਸਵੇਂ ਮੁਕਾਬਲੇ ਹੋਏ ਅਤੇ ਖਿਡਾਰੀਆਂ ਨੇ ਚੰਗੀ ਖੇਡ ਦਾ ਪ੍ਰਦਰਸ਼ਨ ਕੀਤਾ ਹੈ। ਇਸ ਸਮੇਂ ਡਾ.ਬਹਾਦਰ ਸਿੰਘ ਨੇ ਚੈਂਪੀਅਨਸ਼ਿਪ ਮੌਕੇ ਕੀਤੇ ਗਏ ਪ੍ਰਬੰਧਾਂ ਦੀ ਪ੍ਰਸੰਸਾ ਕੀਤੀ ਅਤੇ ਕਿਹਾ ਕਿ ਅਜਿਹੇ ਮੌਕੇ ਨਾਲ ਖਿਡਾਰੀਆਂ ਵਿੱਚ ਹੋਰ ਉਤਸ਼ਾਹ ਆਉਂਦਾ ਹੈ ਅਤੇ ਉਨ੍ਹਾਂ ਨੂੰ ਅੱਗੇ ਵਧਣ ਦੇ ਮੌਕੇ ਪ੍ਰਦਾਨ ਹੁੰਦੇ ਹਨ।