ਬਰਨਾਲਾ: ਪੰਜਾਬ ਦੇ ਵਿਵਾਦਤ ਗਾਇਕ ਸਿੱਧੂ ਮੂਸੇ ਵਾਲੇ ਵਿਰੁੱਧ ਪੱਤਰਕਾਰ ਭਾਈਚਾਰੇ ਨੇ ਰੋਸ ਮਾਰਚ ਕੀਤਾ। ਇਸ ਦੌਰਾਨ ਉਨ੍ਹਾਂ ਐਸਐਸਪੀ ਬਰਨਾਲਾ ਨੂੰ ਮੰਗ ਪੱਤਰ ਸੌਂਪ ਕੇ ਕਾਰਵਾਈ ਦੀ ਮੰਗ ਕੀਤੀ ਗਈ ਹੈ। ਪੱਤਰਕਾਰਾਂ ਨੇ ਪੁਲਿਸ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਿੱਧੂ ਮੂਸੇਵਾਲੇ 'ਤੇ ਪਰਚਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਜ਼ਿਲ੍ਹੇ ਦੀ ਸਮੂਹ ਪ੍ਰੈੱਸ ਪੁਲਿਸ ਪ੍ਰਸ਼ਾਸਨ ਦਾ ਬਾਈਕਾਟ ਕਰੇਗੀ।
ਇਸ ਮੌਕੇ ਬਰਨਾਲਾ ਪ੍ਰੈੱਸ ਕਲੱਬ ਦੇ ਅਹੁਦੇਦਾਰਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਗਾਇਕ ਵੱਲੋਂ ਸ਼ਰੇਆਮ ਹਥਿਆਰਾਂ ਦੇ ਕਲਚਰ ਨੂੰ ਪ੍ਰਫੁੱਲਤ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਦੀ ਨੌਜਵਾਨੀ ਨੂੰ ਕੁਰਾਹੇ ਪਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਇਸ ਗਾਇਕ ਨੂੰ ਪੂਰੀ ਤਰ੍ਹਾਂ ਸ਼ਹਿ ਦੇ ਰਿਹਾ ਹੈ। ਜੇਕਰ ਬਰਨਾਲਾ ਪੁਲਿਸ ਨੇ ਪੱਤਰਕਾਰਾਂ ਦੇ ਵਿਰੁੱਧ ਵਰਤੀ ਗਈ ਭੱਦੀ ਸ਼ਬਦਾਵਲੀ ਸਬੰਧੀ ਦਿੱਤੀ ਗਈ ਸ਼ਿਕਾਇਤ ਤੋਂ ਬਾਅਦ ਵੀ ਪਰਚਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਬਰਨਾਲਾ ਪੁਲਿਸ ਦਾ ਬਾਈਕਾਟ ਕਰਕੇ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ।
ਐੱਸਐੱਸਪੀ ਸੰਦੀਪ ਗੋਇਲ ਨੇ ਕਿਹਾ ਕਿ ਅੱਜ ਉਨ੍ਹਾਂ ਨੂੰ ਪੱਤਰਕਾਰਾਂ ਵੱਲੋਂ ਇੱਕ ਸ਼ਿਕਾਇਤ ਦਿੱਤੀ ਗਈ ਹੈ। ਇਸ ਦੀ ਜਾਂਚ ਪੜਤਾਲ ਕਰਨ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।