ਬਰਨਾਲਾ: ਕੋਰੋਨਾ ਵਾਇਰਸ ਨੂੰ ਲੈ ਕੇ ਪੂਰੇ ਪੰਜਾਬ ਵਿੱਚ ਕਰਫਿਊ ਜਾਰੀ ਹੈ। ਇਸ ਕਰਫਿਊ ਦਾ ਸਭ ਤੋਂ ਵੱਧ ਅਸਰ ਮਜ਼ਦੂਰ ਵਰਗ 'ਤੇ ਦੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਮਜ਼ਦੂਰ ਪਰਿਵਾਰਾਂ ਦੇ ਘਰਾਂ ਵਿੱਚ ਰਾਸ਼ਨ ਤੱਕ ਖ਼ਤਮ ਹੋ ਗਿਆ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਰਨਾਲਾ ਵਿੱਚ ਮਜ਼ਦੂਰ ਪਰਿਵਾਰਾਂ ਨੂੰ ਘਰੋਂ-ਘਰੀਂ ਲੰਗਰ ਪਹੁੰਚਾਇਆ ਜਾ ਰਿਹਾ ਹੈ। ਇਨ੍ਹਾਂ ਮਜ਼ਦੂਰ ਪਰਿਵਾਰਾਂ ਨੂੰ ਲੰਗਰ ਦੀ ਸੇਵਾ ਦੇਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਖ਼ਾਲਸਾ ਵਿਸ਼ੇਸ਼ ਤੌਰ 'ਤੇ ਪਹੁੰਚੇ।
ਇਸ ਮੌਕੇ ਗੱਲਬਾਤ ਕਰਦਿਆਂ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਕਰਫਿਊ ਲਾਗੂ ਕੀਤਾ ਗਿਆ ਹੈ, ਉਦੋਂ ਤੋਂ ਸ਼੍ਰੋਮਣੀ ਕਮੇਟੀ ਪੰਜਾਬ ਸਰਕਾਰ ਨਾਲ ਹਰ ਤਰ੍ਹਾਂ ਤੋਂ ਤਾਲਮੇਲ ਕਰਕੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰ ਪਰਿਵਾਰ ਇੱਕ ਡੰਗ ਦੀ ਰੋਟੀ ਤੋਂ ਵੀ ਦੂਰ ਹੋ ਗਏ ਹਨ, ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਲੰਗਰ ਤਿਆਰ ਕਰਕੇ ਘਰੋਂ-ਘਰੀ ਪਹੁੰਚਾਇਆ ਜਾ ਰਿਹਾ ਹੈ।