ਬਰਨਾਲਾ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਲਗਾਤਾਰ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਸੰਘਰਸ਼ ਕਰ ਰਹੀਆਂ ਹਨ। ਇਸੇ ਹਦਾਇਤਾਂ ਵਿੱਚ ਬਰਨਾਲਾ ਦੇ ਪਿੰਡ ਭੋਤਨਾ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਸੂਬਾ ਪੱਧਰੀ ਮੀਟਿੰਗ ਕੀਤੀ ਗਈ।
ਸੈਸ਼ਨ ਦੌਰਾਨ ਵਿਧਾਨ ਸਭਾ ਅੱਗੇ ਧਰਨੇ 'ਚ ਵੱਡੀ ਗਿਣਤੀ 'ਚ ਔਰਤਾਂ ਹੋਣਗੀਆਂ ਸ਼ਾਮਲ: ਹਰਿੰਦਰ ਬਿੰਦੂ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਮਹਿਲਾ ਆਗੂ ਹਰਿੰਦਰ ਬਿੰਦੂ ਨੇ ਦੱਸਿਆ ਕਿ 19 ਅਕਤੂਬਰ ਦੇ ਵਿਧਾਨ ਸਭਾ ਸੈਸ਼ਨ ਦੌਰਾਨ ਵਿਧਾਨ ਸਭਾ ਬਾਹਰ ਪ੍ਰਦਰਸ਼ਨ ਕੀਤਾ ਜਾਵੇਗਾ।
ਇਸ ਇਸ ਦੌਰਾਨ ਗੱਲਬਾਤ ਕਰਦੇ ਸੂਬਾ ਆਗੂ ਹਰਿੰਦਰ ਬਿੰਦੂ ਨੇ ਦੱਸਿਆ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਲਗਾਤਾਰ ਕਿਸਾਨ ਜਥੇਬੰਦੀਆਂ ਸੰਘਰਸ਼ ਕਰ ਰਹੀਆਂ ਹਨ। ਜਿਸ ਕਰ ਕੇ ਕਿਸਾਨਾਂ ਦਾ ਸੰਘਰਸ਼ ਦਿਨੋਂ-ਦਿਨ ਤੇਜ਼ ਹੋ ਰਿਹਾ ਹੈ। ਅੱਜ ਦੀ ਸੂਬਾ ਪੱਧਰੀ ਮੀਟਿੰਗ ਵਿੱਚ 19 ਅਕਤੂਬਰ ਨੂੰ ਸੈਸ਼ਨ ਦੌਰਾਨ ਵਿਧਾਨ ਸਭਾ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ। ਇਹ ਧਰਨਾ ਦੇਣ ਦਾ ਮੁੱਖ ਮਕਸਦ ਕੈਪਟਨ ਸਰਕਾਰ ਨੂੰ ਚੋਣਾਂ ਦੌਰਾਨ ਕੀਤੇ ਗਏ ਵਾਅਦੇ ਯਾਦ ਕਰਵਾਉਣਾ ਹੈ। ਇਸ ਤੋਂ ਇਲਾਵਾ ਖੇਤੀ ਕਾਨੂੰਨਾਂ ਵਿਰੁੱਧ ਮਤਾ ਪਾਉਣ, ਬਿਜਲੀ ਸੋਧ ਬਿੱਲ ਵਾਪਸ ਲੈਣ ਅਤੇ ਪੰਜਾਬ ਸਰਕਾਰ ਵੱਲੋਂ 2017 ਵਿੱਚ ਬਣਾਏ ਗਏ ਖੁੱਲ੍ਹੀ ਮੰਡੀ ਬਿੱਲ ਨੂੰ ਰੱਦ ਕਰਵਾਉਣ ਲਈ ਮਤਾ ਪਵਾਉਣਾ ਹੈ।
ਉਨ੍ਹਾਂ ਕਿਹਾ ਕਿ ਜਿੱਥੇ ਪੂਰੇ ਪੰਜਾਬ ਵਿੱਚ ਚੱਲ ਰਹੇ ਕਿਸਾਨੀ ਮੋਰਚੇ ਵਿਚ ਵੱਡੀ ਗਿਣਤੀ ਵਿੱਚ ਔਰਤਾਂ ਸ਼ਾਮਲ ਹੋ ਰਹੀਆਂ ਹਨ, ਉੱਥੇ ਚੰਡੀਗੜ੍ਹ ਵਿਖੇ ਲਗਾਏ ਜਾਣ ਵਾਲੇ ਵਿਧਾਨ ਸਭਾ ਅੱਗੇ ਧਰਨੇ ਵਿੱਚ ਵੀ ਵੱਡੀ ਗਿਣਤੀ ਵਿੱਚ ਪੰਜਾਬ ਦੀਆਂ ਔਰਤਾਂ ਸ਼ਾਮਿਲ ਹੋਣਗੀਆਂ।