ਬਰਨਾਲਾ: ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਆਰਡੀਨੈਂਸਾਂ ਦੇ ਵਿਰੁੱਧ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਸਬੰਧੀ ਲੋਕ ਮੋਰਚਾ ਪੰਜਾਬ ਵੱਲੋਂ ਜ਼ਿਲ੍ਹਾ ਪੱਧਰੀ ਮੀਟਿੰਗਾਂ ਦਾ ਦੌਰ ਸ਼ੁਰੂ ਕੀਤਾ ਗਿਆ ਹੈ।
ਲੋਕ ਮੋਰਚਾ ਪੰਜਾਬ ਵੱਲੋਂ ਕਿਸਾਨਾਂ ਨੂੰ ਇਨ੍ਹਾਂ ਆਰਡੀਨੈਂਸਾਂ ਵਿਰੁੱਧ ਲਾਮਬੰਦ ਕੀਤਾ ਜਾ ਰਿਹਾ ਹੈ। ਇਸੇ ਤਹਿਤ ਬਰਨਾਲਾ ਦੇ ਪਿੰਡ ਚੀਮਾ ਵਿਖੇ ਜ਼ਿਲ੍ਹਾ ਪੱਧਰੀ ਇਕੱਤਰਤਾ ਕੀਤੀ ਗਈ, ਜਿਸ ਵਿੱਚ ਬੁਲਾਰਿਆਂ ਨੇ ਖੇਤੀ ਆਰਡੀਨੈਂਸਾਂ ਸਬੰਧੀ ਕਿਸਾਨਾਂ ਨੂੰ ਵਿਸਤਾਰ ਵਿੱਚ ਜਾਣਕਾਰੀ ਦਿੱਤੀ ਕਿ ਕਿਸ ਤਰ੍ਹਾਂ ਇਹ ਆਰਡੀਨੈਂਸ ਕਿਸਾਨ ਵਿਰੋਧੀ ਹਨ।
ਖੇਤੀ ਆਰਡੀਨੈਂਸਾਂ ਵਿਰੁੱਧ ਲੋਕ ਮੋਰਚਾ ਪੰਜਾਬ ਨੇ ਕਿਸਾਨਾਂ ਨੂੰ ਕੀਤਾ ਜਾਗਰੂਕ ਇਸ ਮੌਕੇ ਗੱਲਬਾਤ ਕਰਦਿਆਂ ਲੋਕ ਮੋਰਚਾ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਗੁਰਦੀਪ ਸਿੰਘ ਖੁੱਡੀਆਂ ਅਤੇ ਸਤਨਾਮ ਸਿੰਘ ਦੀਵਾਨਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਨਵੇਂ ਜਾਰੀ ਕੀਤੇ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਲੋਕ ਮੋਰਚਾ ਪੰਜਾਬ ਵੱਲੋਂ ਜ਼ਿਲ੍ਹਾ ਪੱਧਰ 'ਤੇ ਕਨਵੈਨਸ਼ਨਾਂ ਅਤੇ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ। ਇਸ ਦੇ ਤਹਿਤ ਅੱਜ ਬਰਨਾਲਾ ਜ਼ਿਲ੍ਹੇ ਵਿੱਚ ਇਹ ਕਨਵੈਨਸ਼ਨ ਕਰਕੇ ਕਿਸਾਨਾਂ ਨੂੰ ਖੇਤੀ ਆਰਡੀਨੈਂਸਾਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਨ੍ਹਾਂ ਆਰਡੀਨੈਂਸਾਂ ਰਾਹੀਂ ਠੇਕਾ ਖੇਤੀ, ਖੁੱਲ੍ਹੇ ਮੁਕਾਬਲੇ, ਅਨਾਜ ਦੀ ਜਮ੍ਹਾਂਖੋਰੀ, ਜਿਣਸ ਦੀ ਸਰਕਾਰੀ ਖ਼ਰੀਦ ਦੇ ਖਾਤਮੇ ਅਤੇ ਵੱਡੇ ਕਾਰਪੋਰੇਟਾਂ ਵੱਲੋਂ ਉਪਜ ਦੀ ਸਿੱਧੀ ਲੁੱਟ ਲਈ ਰਾਹ ਪੱਧਰਾ ਕਰ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਦੀ ਅੱਖ ਕਿਸਾਨਾਂ ਦੀਆਂ ਜ਼ਮੀਨਾਂ ਉੱਪਰ ਹੈ, ਜਿਸ ਕਰਕੇ ਇਨ੍ਹਾਂ ਖੇਤੀ ਆਰਡੀਨੈਂਸਾਂ ਰਾਹੀਂ ਕਿਸਾਨ ਸਰਕਾਰ ਕਿਸਾਨਾਂ ਤੋਂ ਜ਼ਮੀਨਾਂ ਖੋਹ ਕੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨਾ ਚਾਹੁੰਦੀ ਹੈ। ਜਿਸ ਕਰਕੇ ਲੋਕ ਮੋਰਚਾ ਪੰਜਾਬ ਵੱਲੋਂ ਕਿਸਾਨਾਂ ਨੂੰ ਜ਼ਿਲ੍ਹਾ ਪੱਧਰ, ਪਿੰਡ-ਪਿੰਡ ਅਤੇ ਘਰ-ਘਰ ਜਾ ਕੇ ਜਾਗਰੂਕ ਅਤੇ ਲਾਮਬੰਦ ਕੀਤਾ ਜਾ ਰਿਹਾ ਹੈ।