ਬਰਨਾਲਾ:ਲਵਪ੍ਰੀਤ ਦੀ ਮੌਤ ਦੇ ਮਾਮਲੇ ਵਿੱਚ ਉਸ ਦੀ ਪਤਨੀ ਬੇਅੰਤ ਅਤੇ ਉਸ ਦੇ ਪਰਿਵਾਰ ਵਿਰੁੱਧ ਕਾਰਵਾਈ ਦੀ ਮੰਗ ਨੂੰ ਲੈ ਕੇ ਲਵਪ੍ਰੀਤ ਦੇ ਪਰਿਵਾਰ ਅਤੇ ਉਸ ਦੇ ਪਿੰਡ ਵਾਸੀਆਂ ਦਾ ਇੱਕ ਵੱਡਾ ਇਕੱਠ ਰੱਖਿਆ ਗਿਆ। ਇਸ ਇਕੱਠ ਵਿੱਚ ਵੱਖ-ਵੱਖ ਸੰਸਥਾਵਾਂ ਅਤੇ ਜਥੇਬੰਦੀਆਂ ਦੇ ਨੁਮਾਇੰਦ ਸ਼ਾਮਲ ਹੋਏ। ਜਿਨ੍ਹਾਂ ਨੇ ਲਵਪ੍ਰੀਤ ਦੇ ਪਰਿਵਾਰ ਨੂੰ ਇਨਸਾਫ਼ ਦਵਾਉਣ ਲਈ ਹਰ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਇਸ ਦੇ ਨਾਲ ਹੀ ਲਵਪ੍ਰੀਤ ਦੀ ਮੌਤ ਲਈ ਜ਼ਿੰਮੇਵਾਰ ਉਸ ਦੀ ਪਤਨੀ ਅਤੇ ਉਸ ਦੇ ਸਹੁਰਾ ਪਰਿਵਾਰ ਵਿਰੁੱਧ ਪਰਚਾ ਦਰਜ਼ ਕਰਨ ਦੀ ਮੰਗ ਕੀਤੀ ਗਈ। ਪੁਲਿਸ ਵੱਲੋਂ ਕੋਈ ਕਾਰਵਾਈ ਨਾ ਹੋਣ ‘ਤੇ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਗਿਆ।
ਇਸ ਸਬੰਧੀ ਗੱਲਬਾਤ ਕਰਦਿਆਂ ਲਵਪ੍ਰੀਤ ਦੇ ਚਾਚਾ ਹਰਵਿੰਦਰ ਸਿੰਘ ਹਿੰਦੀ ਨੇ ਕਿਹਾ, ਕਿ ਅੱਜ ਪਿੰਡ ਦੇ ਲੋਕਾਂ ਨੇ ਪਰਿਵਾਰ ਨੂੰ ਇਨਸਾਫ਼ ਦਵਾਉਣ ਲਈ ਹਰ ਤਰ੍ਹਾਂ ਦਾ ਸਾਥ ਦੇਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਨੇ ਕਿਹਾ, ਕਿ ਲਵਪ੍ਰੀਤ ਦੀ ਮੌਤ ਦੇ ਮਾਮਲੇ ਵਿੱਚ ਪੁਲਿਸ ਜਲਦ ਤੋਂ ਜਲਦ ਬੇਅੰਤ ਅਤੇ ਉਸ ਦੇ ਪਰਿਵਾਰ ਵਿਰੁੱਧ ਪਰਚਾ ਦਰਜ਼ ਕਰੇ।
ਇਸ ਦੇ ਨਾਲ ਹੀ ਲਵਪ੍ਰੀਤ ਦੀ ਪਤਨੀ ਬੇਅੰਤ ਅਤੇ ਉਸ ਦੇ ਪਰਿਵਾਰ ਦੇ ਫ਼ੋਨ ਜ਼ਬਤ ਕਰਕੇ ਜਾਂਚ ਆਰੰਭ ਕੀਤੀ ਜਾਵੇ। ਉਨ੍ਹਾਂ ਨੇ ਦੱਸਿਆ, ਕਿ ਇਸ ਮਾਮਲੇ ਵਿੱਚ ਜ਼ਿਲ੍ਹੇ ਦੇ ਐੱਸ.ਐੱਸ.ਪੀ. ਨੂੰ ਵੀ ਕਈ ਵਾਰ ਮਿਲ ਚੁੱਕੇ ਹਨ। ਜਿੱਥੋਂ ਲਵਪ੍ਰੀਤ ਦੇ ਪਰਿਵਾਰ ਨੂੰ ਤਫਤੀਸ ਦਾ ਲਾਰਾ ਲਗਾ ਦਿੱਤਾ ਜਾਂਦਾ ਹੈ।
ਪੁਲਿਸ ਵੱਲੋਂ ਇਸ ਮਾਮਲੇ ਵਿੱਚ ਲਵਪ੍ਰੀਤ ਦੇ ਬੇਅੰਤ ਨਾਲ ਵਿਆਹ ਦੇ ਸਬੂਤ ਦੇ ਤੌਰ ‘ਤੇ ਪੈਲੇਸ ਮਾਲਕ, ਫ਼ੋਟੋਗ੍ਰਾਫ਼ਰ, ਵੀਜ਼ਾ ਲਗਾਉਣ ਵਾਲੇ ਏਜੰਟ ਦੇ ਬਿਆਨ ਕੀਤੇ ਜਾ ਰਹੇ ਹਨ। ਜੇਕਰ ਪੁਲਿਸ ਉਨ੍ਹਾਂ ਦੀ ਨਹੀਂ ਸੁਣਦੀ, ਤਾਂ ਉਹ ਜਲਦ ਪਿੰਡ ਵਾਸੀਆਂ ਨੂੰ ਨਾਲ ਲੈ ਕੇ ਸੰਘਰਸ਼ ਸ਼ੁਰੂ ਕਰਨਗੇ।