ਬਰਨਾਲਾ: ਪੜ੍ਹੇ ਲਿਖੇ ਬੇਰੁਜ਼ਗਾਰਾਂ ਨੂੰ ਈ-ਰਿਕਸ਼ੇ ਦਾ ਰੁਜ਼ਗਾਰ ਦੇਣ ਦੇ ਮਾਮਲੇ 'ਤੇ ਵਿਰੋਧੀ ਧਿਰ ਨੇ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਉਠਾਇਆ ਹੈ। ਬਰਨਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸੂਬਾ ਯੂਥ ਇੰਚਾਰਜ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਨੂੰ ਸਰਕਾਰ ਲਈ ਸ਼ਰਮਨਾਕ ਅਤੇ ਪੜ੍ਹੇ-ਲਿਖੇ ਬੇਰੁਜ਼ਗਾਰਾਂ ਲਈ ਕੋਝਾ ਮਜ਼ਾਕ ਕਰਾਰ ਦਿੱਤਾ ਹੈ।
ਸਰਕਾਰ ਵੱਲੋਂ ਪੜ੍ਹੇ ਲਿਖੇ ਬੇਰੁਜ਼ਗਾਰਾਂ ਨੂੰ ਈ-ਰਿਕਸ਼ੇ ਦਾ ਰੁਜ਼ਗਾਰ ਦੇਣ ਦੀ ਪੇਸ਼ਕਸ਼ ਸ਼ਰਮਨਾਕ: ਮੀਤ ਹੇਅਰ ਇਸ ਮਾਮਲੇ 'ਤੇ ਬਰਨਾਲਾ ਤੋਂ 'ਆਪ' ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਲਈ ਸ਼ਰਮ ਦੀ ਗੱਲ ਹੈ ਕਿ ਪੜ੍ਹੇ-ਲਿਖੇ ਬੇਰੁਜ਼ਗਾਰ ਨੌਜਵਾਨਾਂ ਨੂੰ ਈ-ਰਿਕਸ਼ਾ ਚਲਾਉਣ ਲਈ ਕਿਹਾ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀਆਂ 30000 ਅਸਾਮੀਆਂ ਖਾਲੀ ਪਈਆਂ ਹਨ। ਇਨ੍ਹਾਂ ਬੇਰੁਜ਼ਗਾਰ ਨੌਜਵਾਨਾਂ ਨੂੰ ਸਕੂਲਾਂ ਵਿੱਚ ਭਰਤੀ ਕਰਨ ਦੇ ਨਾਲ ਇੱਕ ਪਾਸੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਜਾਵੇਗਾ, ਦੂਜੇ ਪਾਸੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਵੀ ਪੂਰੀ ਹੋ ਜਾਵੇਗੀ।
ਇਹ ਵੀ ਪੜ੍ਹੋ: ਬਜਟ 'ਤੇ ਸੁਖਬੀਰ ਬਾਦਲ ਦੀ ਪ੍ਰਤੀਕਿਰਿਆ ਤਰਕਹੀਣ: ਕੈਪਟਨ
ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਸਾਰੇ ਵਿਭਾਗਾਂ ਵਿੱਚ ਲੱਖ ਤੋਂ ਵੱਧ ਅਸਾਮੀਆਂ ਖਾਲੀ ਹਨ। ਸਰਕਾਰ ਨੂੰ ਚਾਹੀਦਾ ਹੈ ਕਿ ਇਨ੍ਹਾਂ ਬੇਰੁਜ਼ਗਾਰ ਨੌਜਵਾਨਾਂ ਨੂੰ ਇਨ੍ਹਾਂ ਖਾਲੀ ਅਸਾਮੀਆਂ 'ਤੇ ਭਰਤੀ ਕਰੇ। ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਬੇਰੁਜ਼ਗਾਰ ਨੌਜਵਾਨਾਂ ਨੂੰ ਈ-ਰਿਕਸ਼ਾ ਚਲਾਉਣ ਲਈ ਕਹਿਣਾ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬੇਰੁਜ਼ਗਾਰ ਨੌਜਵਾਨਾਂ ਦਾ ਮਜ਼ਾਕ ਉਡਾ ਰਹੀ ਹੈ ਅਤੇ ਉਨ੍ਹਾਂ ਦੇ ਮੰਤਰੀ ਇਸ ਤੋਂ ਪਹਿਲਾਂ ਵੀ ਬੇਰੁਜ਼ਗਾਰ ਨੌਜਵਾਨਾਂ ਦਾ ਮਜ਼ਾਕ ਉਡਾ ਚੁੱਕੇ ਹਨ ਜਿਵੇਂ ਕਿ ਪੰਜਾਬ ਸਰਕਾਰ ਦੇ ਕਈ ਮੰਤਰੀ ਮੂੰਗਫਲੀ ਵੇਚਣ, ਕਬਾੜ ਇਕੱਠਾ ਕਰਨ ਅਤੇ ਵੇਚਣ ਨੂੰ ਵੀ ਰੁਜ਼ਗਾਰ ਆਖ ਰਹੇ ਹਨ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰ ਨੇ ਘਰ-ਘਰ ਰੁਜ਼ਗਾਰ ਦੇਣ ਦੇ ਨਾਮ 'ਤੇ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਨਾਲ ਧੋਖਾ ਕੀਤਾ ਹੈ ਅਤੇ ਹੁਣ ਜ਼ਿਲ੍ਹਾ ਪ੍ਰਸ਼ਾਸਨ ਬੇਰੁਜ਼ਗਾਰ ਨੌਜਵਾਨਾਂ ਨੂੰ ਈ-ਰਿਕਸ਼ਾ ਮੁਹੱਈਆ ਕਰਵਾਉਣਾ ਚਾਹੁੰਦਾ ਹੈ, ਇਹ ਬਹੁਤ ਗ਼ਲਤ ਹੈ।