ਬਰਨਾਲਾ: ਸ੍ਰੀ ਗੁਰੂ ਨਾਨਕ ਦੇਵ ਜੀ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸਿੱਖ ਸੰਗਤਾਂ ਵਿਚ ਪੂਰਾ ਉਤਸ਼ਾਹ ਪਾਇਆ ਜਾ ਰਿਹਾ ਹੈ। ਪੂਰੀ ਸਿੱਖ ਸੰਗਤ ਲਈ ਇਹ ਭਾਗਾਂ ਵਾਲਾ ਦਿਨ ਹੈ ਕਿ ਸਾਨੂੰ ਅਜਿਹਾ ਦਿਹਾੜਾ ਮਨਾਉਣ ਦਾ ਮੌਕਾ ਮਿਲਿਆ ਹੈ। ਇਹ ਵਿਚਾਰ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਬਰਨਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝੇ ਕੀਤੇ। ਉਨ੍ਹਾਂ ਨੇ ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਪਾਸਪੋਰਟ ਦੀ ਸ਼ਰਤ ਹਟਾਉਣ ਦੀ ਸ਼ਲਾਘਾ ਕੀਤੀ ਅਤੇ ਧੰਨਵਾਦ ਕੀਤਾ।
ਮੰਤਰੀ ਬਲਬੀਰ ਸਿੱਧੂ ਨੇ ਕਿਹਾ ਕਿ ਕਰਤਾਰਪੁਰ ਲਾਂਘਾ ਖੁੱਲ੍ਹਣ ਨਾਲ ਭਾਰਤ ਅਤੇ ਪਾਕਿਸਤਾਨ ਦੋਵਾਂ ਦੇਸ਼ਾਂ ਵਿੱਚ ਪਿਆਰ ਅਤੇ ਵਪਾਰ ਵਧੇਗਾ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਪੁਰਬ ਦੇ ਮਨਾਏ ਜਾ ਰਹੇ ਸਮਾਗਮਾਂ ਲਈ ਸੁਲਤਾਨਪੁਰ ਲੋਧੀ ਵਿਖੇ ਪੰਜਾਬ ਸਰਕਾਰ ਨੇ ਵੱਡੇ ਪੰਡਾਲ ਸਜਾ ਕੇ ਲੱਖਾਂ ਲੋਕਾਂ ਦੇ ਰਹਿਣ ਲਈ ਰਹਿਣ ਦੇ ਵਧੀਆ ਪ੍ਰਬੰਧ ਕੀਤੇ ਹਨ। ਲੰਗਰ ਮੈਡੀਕਲ ਸਹੂਲਤ ਸਮੇਤ ਹਰ ਪ੍ਰਕਾਰ ਦੇ ਪ੍ਰਬੰਧ ਕੀਤੇ ਗਏ ਹਨ। ਸਮਾਗਮਾਂ ਵਿੱਚ ਪਹੁੰਚਣ ਲਈ ਸਪੈਸ਼ਲ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ।
ਕੈਬਿਨੇਟ ਮੰਤਰੀ ਬਲਬੀਰ ਸਿੱਧੂ ਨੇ ਨਵਜੋਤ ਸਿੰਘ ਸਿੱਧੂ ਦੇ ਕਰਤਾਰਪੁਰ ਲਾਂਘੇ ਦੇ ਯੋਗਦਾਨ ਬਾਰੇ ਕਿਹਾ ਕਿ ਇਸ ਲਾਂਘੇ ਦੇ ਖੁੱਲ੍ਹਣ ਵਿੱਚ ਨਵਜੋਤ ਸਿੱਧੂ ਨੇ ਇੱਕ ਚੰਗੀ ਸ਼ੁਰੂਆਤ ਕਰਵਾਈ ਸੀ, ਜਿਸ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁਕੰਮਲ ਕਰਵਾਇਆ ਗਿਆ ਹੈ।