ਬਰਨਾਲਾ: ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਕੋਰੋਨਾ ਵਾਇਰਸ ਦੌਰਾਨ ਉਲੰਘਣਾ ਕਰਨ ਵਾਲੇ ਵਿਅਕਤੀਆਂ 'ਤੇ ਸਖ਼ਤੀ ਕੀਤੀ ਗਈ ਹੈ। ਪੁਲਿਸ ਵੱਲੋਂ ਲਗਾਤਾਰ ਨਾਕੇਬੰਦੀ ਕਰਕੇ ਮਾਸਕ ਨਾ ਪਾਉਣ ਵਾਲੇ ਵਿਅਕਤੀਆਂ ਦੇ ਚਲਾਨ ਕੱਟੇ ਜਾ ਰਹੇ ਹਨ। ਪੂਰੇ ਬਰਨਾਲਾ ਜ਼ਿਲ੍ਹੇ ਵਿੱਚ ਹੁਣ ਤੱਕ 5 ਹਜ਼ਾਰ ਤੋਂ ਵੱਧ ਲੋਕਾਂ ਦੇ ਚਲਾਨ ਕੱਟੇ ਜਾ ਚੁੱਕੇ ਹਨ। ਇਹ ਵੀ ਦੱਸ ਦਈਏ ਕਿ ਚਲਾਨਾਂ ਤੋਂ ਹੁਣ ਤੱਕ 23 ਲੱਖ ਦੇ ਕਰੀਬ ਦੀ ਰਾਸ਼ੀ ਇਕੱਤਰ ਕੀਤੀ ਜਾ ਚੁੱਕੀ ਹੈ।
ਇਸ ਸਬੰਧੀ ਗੱਲਬਾਤ ਕਰਦਿਆਂ ਏਐਸਆਈ ਹਰਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਰੋਜ਼ਾਨਾ ਨਾਕੇਬੰਦੀ ਕਰਕੇ ਮਾਸਕ ਨਾ ਪਾਉਣ ਵਾਲੇ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਚਲਾਨ ਵੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਇੱਕ ਭਿਆਨਕ ਮਹਾਂਮਾਰੀ ਹੈ ਪਰ ਇਸ ਦੇ ਬਾਵਜੂਦ ਕੁਝ ਲੋਕ ਅਜੇ ਵੀ ਇਸ ਤੋਂ ਬਚਣ ਲਈ ਮਾਸਕ ਨਹੀਂ ਪਾ ਰਹੇ, ਜਿਨ੍ਹਾਂ ਦੇ ਪੁਲਿਸ ਵੱਲੋਂ ਸਖ਼ਤੀ ਨਾਲ ਚਲਾਨ ਕੱਟੇ ਜਾ ਰਹੇ ਹਨ।