ਬਰਨਾਲਾ:ਸੇਵਾਵਾਂ ਰੈਗੂਲਰ ਕਰਨ ਦੀ ਮੰਗ ਲਈ ਹੜਤਾਲ ਉੱਤੇ ਚੱਲ ਰਹੇ ਕੌਮੀ ਸਿਹਤ ਮਿਸ਼ਨ (ਐਨਐਚਐਮ) ਮੁਲਾਜ਼ਮਾਂ ਵੱਲੋਂ ਜ਼ਿਲ੍ਹਾ ਪੱਧਰੀ ਇਕੱਤਰਤਾ ਸਥਾਨਕ ਸਿਵਲ ਹਸਪਤਾਲ ਦੇ ਪਾਰਕ ਵਿੱਚ ਕੀਤੀ ਗਈ। ਇਸ ਮੌਕੇ ਸਿਹਤ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ।
ਸਿਹਤ ਮੁਲਾਜ਼ਮਾਂ ਵੱਲੋਂ ਸੂਬਾ ਸਰਕਾਰ ਖਿਲਾਫ਼ ਜ਼ੋਰਦਾਰ ਰੋਸ ਮੁਜ਼ਾਹਰਾ - ਚੰਨੀ ਸਰਕਾਰ ਖਿਲਾਫ਼ ਜ਼ੋਰਦਾਰ ਰੋਸ ਮੁਜ਼ਾਹਰਾ
ਕੱਚੇ ਸਿਹਤ ਕਾਮਿਆਂ ਦੀ ਹੜਤਾਲ ਜਾਰੀ (Contract health workers continue strike) ਹੈ। ਬਰਨਾਲਾ ਵਿੱਚ ਐਨਐਚਐਮ ਮੁਲਾਜ਼ਮਾਂ ਚੰਨੀ ਸਰਕਾਰ ਖਿਲਾਫ਼ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ ਤੇ ਮੰਗਾਂ ਵੱਲ ਧਿਆਨ ਦੇਣ ਦੀ ਅਪੀਲ ਕੀਤੀ ਗਈ।
ਇਸ ਮੌਕੇ ਸੰਬੋਧਨ ਕਰਦਿਆਂ ਐਨਐਚਐਮ ਯੂਨੀਅਨ ਦੇ ਜ਼ਿਲ੍ਹਾ ਆਗੂ ਕਮਲਜੀਤ ਕੌਰ ਪੱਤੀ, ਸੰਦੀਪ ਕੌਰ ਸੀਐਚਓ, ਹਰਜੀਤ ਸਿੰਘ, ਯਾਦਵਿੰਦਰ ਸਿੰਘ, ਮਨਜਿੰਦਰ ਸਿੰਘ, ਨਵਦੀਪ ਸਿੰਘ, ਮਨਦੀਪ ਕੌਰ, ਜਸਵਿੰਦਰ ਸਿੰਘ, ਵਿਪਨ, ਵੀਰਪਾਲ ਕੌਰ, ਨਰਿੰਦਰ ਸਿੰਘ, ਸੁਖਪਾਲ ਸਿੰਘ, ਰੁਪਿੰਦਰ ਕੌਰ ਆਦਿ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਸਿਹਤ ਵਿਭਾਗ ਵੱਲ ਉੱਕਾ ਹੀ ਧਿਆਨ ਨਹੀਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੇ ਮੁਲਾਜ਼ਮ ਅਤੇ ਮਰੀਜ਼ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਉੱਪ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਓਪੀ ਸੋਨੀ ਦਾ ਫਰਜ਼ ਬਣਦਾ ਹੈ ਕਿ ਉਹ ਹੜਤਾਲ ‘ਤੇ ਚੱਲ ਰਹੇ ਐਨਐਚਐਮ ਮੁਲਾਜ਼ਮਾਂ ਦੀ ਗੱਲ ਸੁਣਨ ਅਤੇ ਸਾਰਥਿਕ ਹੱਲ ਕੱਢਣ। ਪ੍ਰਦਰਸ਼ਨਾਕਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਸਿਰਫ 2022 ਦੀ ਵਿਧਾਨ ਸਭਾ ਚੋਣ ਹੀ ਦਿਖਦੀ ਹੈ ਜਿਸਦੇ ਰੋਸ ਵਜੋਂ ਉਹੇ ਸਿਹਤ ਮੰਤਰੀ ਦੇ ਹਲਕੇ ਵਿੱਚ ਪ੍ਰਦਰਸ਼ਨ ਕਰਨਗੇ।
ਇਸ ਮੌਕੇ ਐਨਐਚਐਮ ਮੁਲਾਜ਼ਮਾਂ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਿੱਲੀ ਵਿਖੇ ਉੱਥੋਂ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਖਿਲਾਫ਼ ਧਰਨਾ ਦੇਣ ਵਾਲੇ ਅਧਿਆਪਕਾਂ ਨੂੰ ਹਮਾਇਤ ਦੇਣ ਤਾਂ ਪਹੁੰਚ ਗਏ, ਪਰ ਪਿਛਲੇ ਇੱਕ ਮਹੀਨੇ ਤੋਂ ਧਰਨੇ ‘ਤੇ ਚੱਲ ਰਹੇ ਆਪਣੇ ਸੂਬੇ ਵਿੱਚ ਸਿਹਤ ਮੁਲਾਜ਼ਮਾਂ ਦੇ ਚੱਲ ਰਹੇ ਧਰਨੇ ਵਿੱਚ ਪਹੁੰਚਣ ਤੋਂ ਇਨਕਾਰੀ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਪੰਜਾਬ ਵਿੱਚ ਸਿਰਫ ਮੁੱਖ ਮੰਤਰੀ ਦਾ ਚਿਹਰਾ ਬਦਲਿਆਂ ਤੇ ਸਰਕਾਰ ਦੀ ਕਾਰਜਪ੍ਰਣਾਲੀ ਵਿੱਚ ਕੋਈ ਫਰਕ ਨਜ਼ਰ ਨਹੀਂ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ 36 ਹਜ਼ਾਰ ਕੱਚੇ ਮੁਲਾਜ਼ਮ ਪੱਕੇ ਕਰਨ ਦਾ ਕੀਤਾ ਗਿਆ ਐਲਾਨ ਹਕੀਕਤ ਵਿੱਚ ਕਿਤੇ ਵੀ ਨਜ਼ਰ ਨਹੀਂ ਆ ਰਿਹਾ ਹੈ ਤੇ ਉਨ੍ਹਾਂ ਦੀ ਕਾਂਗਰਸ ਪਾਰਟੀ ਵੱਲੋਂ ਕੀਤਾ ਗਿਆ ‘ਘਰ ਘਰ ਰੁਜ਼ਗਾਰ’ ਅਤੇ ‘ਕੱਚੇ ਕਾਮੇ ਪੱਕੇ ਕਰਨ’ ਦਾ ਵਾਅਦਾ ਵੀ ਕੈਪਟਨ ਸਰਕਾਰ ਵਾਂਗ ਝੂਠਾ ਸਾਬਤ ਹੋ ਰਿਹਾ ਹੈ।
ਇਹ ਵੀ ਪੜ੍ਹੋ:ਓਟ ਸੈਂਟਰ ਦੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਮਰੀਜ਼ ਪਰੇਸ਼ਾਨ