ਬਰਨਾਲਾ: ਖੇਤੀ ਕਾਨੂੰਨਾਂ ਦੇ ਵਿਰੋਧ ’ਚ ਲਗਾਤਾਰ ਪੰਜਾਬ ਦਾ ਅੰਨਦਾਤਾ ਸੰਘਰਸ਼ ਦੇ ਮੈਦਾਨ ਵਿੱਚ ਡੱਟਿਆ ਹੋਇਆ ਹੈ। ਇਸ ਸੰਘਰਸ਼ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਦੇ ਘਰ ਅੱਗੇ ਲਗਾਤਾਰ ਪੱਕਾ ਮੋਰਚਾ ਜਾਰੀ ਹੈ। ਝੋਨੇ ਦੀ ਵਾਢੀ ਦਾ ਕੰਮ ਜ਼ੋਰਾਂ ’ਤੇ ਹੋਣ ਦੇ ਬਾਵਜੂਦ ਕਿਸਾਨਾਂ ਦੇ ਧਰਨਿਆਂ ’ਤੇ ਇਸ ਦਾ ਅਸਰ ਫ਼ਿਲਹਾਲ ਦਿਖਾਈ ਨਹੀਂ ਦੇ ਰਿਹਾ। ਕਿਸਾਨ, ਨੌਜਵਾਨ ਅਤੇ ਔਰਤਾਂ ਲਗਾਤਾਰ ਧਰਨਿਆਂ ਵਿੱਚ ਸ਼ਾਮਲ ਹੋ ਰਹੀਆਂ ਹਨ।
ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਉਹ ਲਗਾਤਾਰ ਆਪਣੇ ਪੱਕੇ ਮੋਰਚਿਆਂ ਵਿੱਚ ਡੱਟੇ ਹੋਏ ਹਨ। ਇਸ ਤਹਿਤ ਉਨ੍ਹਾਂ ਵੱਲੋਂ ਭਾਜਪਾ ਦੇ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਦਾ ਘਰ ਘੇਰਿਆ ਹੋਇਆ ਹੈ। ਕੇਂਦਰ ਸਰਕਾਰ ਕਿਸਾਨਾਂ ਦੇ ਸਬਰ ਦਾ ਇਮਤਿਹਾਨ ਲੈ ਰਹੀ ਹੈ। ਇਸ ਕਰਕੇ ਇਨ੍ਹਾਂ ਖੇਤੀ ਕਾਨੂੰਨਾਂ ਦੇ ਨਾਲ-ਨਾਲ ਪਰਾਲੀ ਦੇ ਮੁੱਦੇ ’ਤੇ ਵੀ ਆਰਡੀਨੈਂਸ ਲੈ ਕੇ ਆਈ ਹੈ। ਉਨ੍ਹਾਂ ਦੱਸਿਆ ਕਿ ਇਹ ਆਰਡੀਨੈਂਸ ਵੀ ਕਿਸਾਨ ਵਿਰੋਧੀ ਹੈ।