ਬਰਨਾਲਾ:ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦੇ ਫੈਸਲੇ ਨਾਲ ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨਾਂ ਦੇ ਸੰਘਰਸ਼ ਦੀ ਵੱਡੀ ਜਿੱਤ (Big victory of farmers' agitation) ਹੋਈ ਹੈ। ਇਹ ਗੱਲ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਗੱਲਬਾਤ ਦੌਰਾਨ ਆਖੀ। ਉਨ੍ਹਾਂ ਕਿਹਾ ਕਿ ਸਾਡੇ ਕਿਸਾਨ ਭਰਾ ਪਿਛਲੇ ਕਰੀਬ ਇੱਕ ਸਾਲ ਤੋਂ ਦਿੱਲੀ ਦੀਆਂ ਬਰੂਹਾਂ 'ਤੇ ਸੰਘਰਸ਼ ਕਰ ਰਹੇ ਸਨ। 750 ਤੋਂ ਵੱਧ ਕਿਸਾਨ, ਬਜ਼ੁਰਗ, ਔਰਤਾਂ, ਬੀਬੀਆਂ ਅਤੇ ਨੌਜਵਾਨ ਇਸ ਅੰਦੋਲਨ ਦੌਰਾਨ ਸ਼ਹੀਦ ਹੋ ਗਏ, ਜਿਨ੍ਹਾਂ ਦੀ ਸ਼ਹਾਦਤ ਨੂੰ ਅਸੀਂ ਪ੍ਰਣਾਮ ਕਰ ਰਹੇ ਹਾਂ। ਇਤਿਹਾਸ ਵਿਚ ਇਹਨਾਂ ਸ਼ਹੀਦਾਂ ਨੂੰ ਯਾਦ ਰੱਖਿਆ ਜਾਵੇ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਜਪਾ ਸਰਕਾਰ ਵਲੋਂ ਖੇਤੀ ਕਾਨੂੰਨ ਲਿਆਉਣ ਦਾ ਫੈਸਲਾ ਹੀ ਕਿਸਾਨ ਵਿਰੋਧੀ ਸੀ। ਕਾਂਗਰਸ ਨੇ ਪਹਿਲੇ ਦਿਨ ਤੋਂ ਪਾਰਟੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ, ਸ੍ਰੀ ਰਾਹੁਲ ਗਾਂਧੀ ਅਤੇ ਸ੍ਰੀਮਤੀ ਪ੍ਰਿਅੰਕਾ ਗਾਂਧੀ ਵਾਡਰਾ ਦੀ ਅਗਵਾਈ ਵਿੱਚ ਇਹਨਾਂ ਕਾਨੂੰਨਾਂ ਦੇ ਵਿਰੁੱਧ ਕਿਸਾਨਾਂ ਦਾ ਸਾਥ ਦਿੰਦੀ ਆ ਰਹੀ ਹੈ। ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਪੰਜਾਬ ਕਾਂਗਰਸ ਸਰਕਾਰ ਵਲੋਂ ਪੰਜ ਲੱਖ ਮੁਆਵਜ਼ਾ ਰਾਸ਼ੀ ਸਮੇਤ ਸਰਕਾਰੀ ਨੌਕਰੀ ਦਿੱਤੀ ਜਾ ਰਹੀ ਹੈ।