ਬਰਨਾਲਾ: ਅੱਜ ਬਰਨਾਲਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਖੇਡ ਤੇ ਯੁਵਕ ਸੇਵਾਵਾਂ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਕੀਤੀ ਗਈ। ਇਸ ਮੌਕੇ ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਰਿਸ਼ਵਤਖੋਰੀ ਨੂੰ ਪੂਰੀ ਤਰਾਂ ਨੱਥ ਪਾਉਣ ਦਾ ਅਹਿਦ ਲਿਆ ਹੈ। ਇਸ ਲਈ ਕਿਸੇ ਵੀ ਮਹਿਕਮੇ ਵਿੱਚ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਕੈਬਨਿਟ ਮੰਤਰੀ ਨੇ ਆਖਿਆ ਕਿ ਮੌਜੂਦਾ ਪੰਜਾਬ ਸਰਕਾਰ ਤੋਂ ਲੋਕਾਂ ਨੂੰ ਬੇਹੱਦ ਉਮੀਦਾਂ ਹਨ ਅਤੇ ਸਾਰੇ ਅਧਿਕਾਰੀਆਂ-ਕਰਮਚਾਰੀਆਂ ਦੇ ਸਹਿਯੋਗ ਨਾਲ ਹੀ ਇਨਾਂ ਉਮੀਦਾਂ ’ਤੇ ਖਰਾ ਉਤਰਿਆ ਜਾ ਸਕਦਾ ਹੈ। ਉਨਾਂ ਕਿਹਾ ਕਿ ਸਰਕਾਰੀ ਦਫਤਰਾਂ ਵਿੱਚ ਆਮ ਲੋਕਾਂ ਦੇ ਕੰਮ ਤਰਜੀਹੀ ਆਧਾਰ ’ਤੇ ਹੋਣ, ਇਹ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਮੀਤ ਹੇਅਰ ਨੇ ਜਿੱਥੇ ਵੱਖ ਵੱਖ ਵਿਭਾਗਾਂ ਦੇ ਚੱਲਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ, ਉਥੇ ਜ਼ਿਲ੍ਹਾ ਅਧਿਕਾਰੀਆਂ ਨੂੰ ਦਿੱਤੇ ਹੋਰ ਜ਼ਿਲਿਆਂ ਦੇ ਵਾਧੂ ਚਾਰਜਾਂ ਬਾਰੇ ਵੀ ਰਿਪੋਰਟ ਲਈ। ਉਨਾਂ ਕਿਹਾ ਕਿ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਦੀ ਬਰਨਾਲਾ ਦਫਤਰਾਂ ਵਿਖੇ ਤਾਇਨਾਤੀ ਲਈ ਕਵਾਇਦ ਵਿੱਢੀ ਜਾਵੇਗੀ ਤਾਂ ਜੋ ਬਰਨਾਲਾ ਦੇ ਲੋਕਾਂ ਨੂੰ ਆਪਣੇ ਕੰਮ ਕਰਾਉਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।