ਬਰਨਾਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ 9 ਨਵੰਬਰ ਨੂੰ ਹੋਣ ਜਾ ਰਹੀ ਚੋਣ ਨੂੰ ਲੈ ਕੇ ਸ੍ਰੋਮਣੀ ਅਕਾਲੀ ਦਲ ਸੰਯੁਕਤ ਦੇ ਆਗੂ ਪਰਮਿੰਦਰ ਸਿੰਘ ਢੀਂਡਸਾ ਵਲੋਂ ਬਾਦਲ ਵਿਰੋਧੀ ਖੇਮੇ ਨਾਲ ਰਾਬਤਾ ਜਾਰੀ ਹੈ। ਜਿਸ ਤਹਿਤ ਅੱਜ ਉਹ ਐਸਜੀਪੀਸੀ ਮੈਂਬਰ ਜੱਥੇਦਾਰ ਬਲਦੇਵ ਸਿੰਘ ਚੂੰਘਾਂ ਦੇ ਘਰ ਮੀਟਿੰਗ ਕਰਨ ਪਹੁੰਚੇ।
ਇਸ ਮੌਕੇ ਗੱਲਬਾਤ ਕਰਦਿਆਂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸਿੱਖਾਂ ਦੀ ਸਿਰਮੌਰ ਜੱਥੇਬੰਦੀ ਐਸਜੀਪੀਸੀ ਦਾ ਪ੍ਰਬੰਧ ਬਾਦਲ ਪਰਿਵਾਰ ਦੇ ਹੱਥਾਂ ਵਿੱਚੋਂ ਕੱਢਣ ਲਈ ਉਹ ਲਗਾਤਾਰ ਯਤਨ ਕਰ ਰਹੇ ਹਨ ਤਾਂ ਕਿ ਬਾਦਲਾਂ ਵਲੋਂ ਗੁਰਦੁਆਰਾ ਪ੍ਰਬੰਧ ਵਿੱਚ ਕੀਤੀਆਂ ਗਈਆਂ ਆਪਹੁਦਰੀਆਂ ਨੂੰ ਬੰਦ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਐਸਜੀਪੀਸੀ ਨੂੰ ਕੰਮ ਕਰਨਾ ਚਾਹੀਦਾ ਹੈ, ਜਿਸ ਲਈ ਉਹ ਲਗਾਤਾਰ ਕੰਮ ਕਰ ਰਹੇ ਹਨ।
ਇਸ ਲਈ ਉਹ ਐਸਜੀਪੀਸੀ ਦੇ ਮੈਂਬਰਾਂ ਨੂੰ ਪੰਜਾਬ ਭਰ ਵਿੱਚ ਮਿਲ ਰਹੇ ਹਨ। ਉਹਨਾਂ ਕਿਹਾ ਕਿ ਜਿਹੜੀਆਂ ਪੰਥਕ ਜੱਥੇਬੰਦੀਆਂ ਅਤੇ ਪੰਥਕ ਆਗੂ ਬਾਦਲਾਂ ਤੋਂ ਐਸਜੀਪੀਸੀ ਨੂੰ ਆਜ਼ਾਦ ਕਰਵਾਉਣਾ ਚਾਹੁੰਦੀ ਹੈ, ਉਹਨਾਂ ਨੂੰ ਇਕਜੁੱਟ ਹੋਣਾ ਚਾਹੀਦਾ ਹੈ। ਉਹਨਾਂ ਆਉਣ ਵਾਲੀ ਐਸਜੀਪੀਸੀ ਪ੍ਰਧਾਨਗੀ ਨੂੰ ਲੈ ਕੇ ਵੀ ਐਸਜੀਪੀਸੀ ਮੈਂਬਰਾਂ ਨੂੰ ਬਾਦਲ ਵਿਰੋਧੀ ਚਿਹਰੇ ਨੂੰ ਪ੍ਰਧਾਨ ਬਣਾਉਣ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ।