ਬਰਨਾਲਾ :ਸੰਯੁਕਤ ਕਿਸਾਨ ਮੋਰਚਾ ਦੇ ਅਗਲੇ ਸੰਘਰਸ਼ ਨੂੰ ਲੈ ਕੇ ਰਣਨੀਤੀ ਉਲੀਕਣ ਲਈ ਬਰਨਾਲਾ ਵਿਖੇ ਪੰਜਾਬ ਦੀਆਂ ਵੱਡੀਆਂ ਕਿਸਾਨ ਜੱਥੇਬੰਦੀਆਂ ਦੇ ਪ੍ਰਧਾਨ ਪੁੱਜੇ। ਇਸ ਮੌਕੇ ਵੱਡੇ ਇਕੱਠ ਵੱਲੋਂ ਸੰਯੁਕਤ ਕਿਸਾਨ ਮੋਰਚਾ ਦੇ ਸੰਘਰਸ਼ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਸਮੂਹ ਜਥੇਬੰਦੀਆਂ ਦੇ ਪ੍ਰਧਾਨਾਂ ਵੱਲੋਂ ਕਿਸਾਨ ਮੋਰਚੇ ਦੀ ਅਗਲੇ ਸੰਘਰਸ਼ਾਂ ਦੀ ਰਣਨੀਤੀ ਸਾਂਝੀ ਕੀਤੀ ਗਈ। ਇਸ ਮੌਕੇ ਮੌਜੂਦ ਆਗੂਆਂ ਨੇ ਦੱਸਿਆ ਕਿ 26 ਜਨਵਰੀ ਨੂੰ ਦੇਸ਼ ਭਰ ਦੇ ਕਿਸਾਨ ਕੇਂਦਰ ਸਰਕਾਰ ਵਿਰੁੱਧ ਦੇਸ਼ ਵਿਆਪੀ ਰੋਸ ਪ੍ਰਦਰਸ਼ਨ ਕਰਨ ਜਾ ਰਹੇ ਹਨ। ਆਗੂਆਂ ਵੱਲੋਂ ਕਿਹਾ ਗਿਆ ਕਿ ਇਸ ਦੇ ਨਾਲ ਹੀ ਜੀਂਦ ਵਿੱਚ ਵੱਡੀ ਰੈਲੀ ਕੀਤੀ ਜਾਵੇਗੀ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿੱਚ ਜਿੱਥੇ ਖੇਤੀ ਕਾਨੂੰਨਾਂ ਦੀ ਲੜਾਈ ਕਿਸਾਨਾਂ ਨੇ ਜਿੱਤੀ, ਉਥੇ ਹੀ ਕਿਸਾਨਾਂ ਦੀਆਂ ਅਜੇ ਵੀ ਐਮਐਸਪੀ ਵਰਗੀਆਂ ਅਧੂਰੀਆਂ ਮੰਗਾਂ ਲਟਕ ਰਹੀਆਂ ਹਨ, ਜਿਨ੍ਹਾਂ ਨੂੰ ਕੇਂਦਰ ਸਰਕਾਰ ਪੂਰਾ ਨਹੀਂ ਕਰ ਰਹੀ। ਜਿਸ ਕਰਕੇ 26 ਜਨਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਕਿਸਾਨ ਹਰਿਆਣਾ ਦੇ ਜੀਂਦ ਵਿੱਚ ਵੱਡੀ ਮਹਾਂ ਰੈਲੀ ਕਰ ਕੇ ਆਪਣੀ ਮੰਗ ਉਭਾਰਨਗੇ। ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਸਰਕਾਰ ਨੇ ਮੰਗ ਨਾ ਮੰਨੀ ਤਾਂ ਸੰਘਰਸ਼ ਵੱਡਾ ਕੀਤਾ ਜਾਵੇਗਾ। ਇਸ ਰੈਲੀ ਵਿੱਚ ਪੰਜਾਬ, ਹਰਿਆਣਾ, ਪੱਛਮੀ ਉਤਰ ਪ੍ਰਦੇਸ਼ ੳਤੇ ਰਾਜਸਥਾਨ ਦੇ ਕਿਸਾਨ ਸ਼ਾਮਲ ਹੋਣਗੇ ਅਤੇ ਅਗਲੇ ਸੰਘਰਸ਼ ਦਾ ਬਿਗੁਲ ਵਜਾਉਣਗੇ।