ਬਰਨਾਲਾ: ਜ਼ਿਲ੍ਹੇ ਦੀਆਂ ਸਹਿਕਾਰੀ ਸਭਾਵਾਂ ਵਿੱਚ ਯੂਰੀਏ ਦੀ ਵੱਡੀ ਘਾਟ (urea shortage) ਪਾਈ ਜਾ ਰਹੀ ਹੈ। ਇਸੇ ਦੇ ਚੱਲਦਿਆਂ ਸਹਿਕਾਰੀ ਸੋਸਾਇਟੀਆਂ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਵੱਲੋਂ ਯੂਰੀਏ ਦੀ ਕਮੀ ਦੇ ਚੱਲਦੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਸੁਸਾਇਟੀ ਕਰਮਚਾਰੀ ਯੂਨੀਅਨ ਦੇ ਆਗੂਆਂ ਅੰਮ੍ਰਿਤਪਾਲ ਸਿੰਘ, ਬੂਟਾ ਸਿੰਘ ਅਤੇ ਕੁਲਦੀਪ ਸਿੰਘ ਨੇ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਵਿੱਚ ਯੂਰੀਆ ਦੀ ਕਮੀ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਕਾਰਪੋਰੇਟ ਸੋਸਾਇਟੀ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਣਾ ਪੈ ਰਿਹਾ ਹੈ।
ਉਨ੍ਹਾਂ ਕਿਹਾ ਕਿ ਬਰਨਾਲਾ ਜ਼ਿਲ੍ਹੇ ਵਿੱਚ ਯੂਰੀਏ ਦੀ ਮੰਗ ਦੇ ਅਨੁਸਾਰ ਸਿਰਫ 20 ਤੋਂ 25% ਯੂਰੀਆ ਹੀ ਮਿਲ ਰਿਹਾ ਹੈ ਜਿਸ ਕਾਰਨ ਅਕਸਰ ਉਨ੍ਹਾਂ ਦਾ ਕਿਸਾਨਾਂ ਦੇ ਨਾਲ ਵਿਵਾਦ ਹੋ ਜਾਂਦਾ ਹੈ। ਯੂਰੀਆ ਦੀ ਕਮੀ ਨੂੰ ਪੂਰਾ ਕਰਨ ਲਈ ਉਨ੍ਹਾਂ ਨੇ ਕਈ ਵਾਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਵੀ ਅਪੀਲ ਕੀਤੀ ਹੈ ਪਰ ਹੁਣ ਤੱਕ ਜ਼ਿਲ੍ਹਾ ਬਰਨਾਲਾ ਵਿੱਚ ਜ਼ਰੂਰਤ ਦੇ ਅਨੁਸਾਰ ਯੂਰੀਆ ਨਹੀਂ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਕਾਰਨ ਕਿਸਾਨਾਂ ਦੀ ਕਣਕ ਦੀ ਫਸਲ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋ ਰਹੀ ਹੈ।