ਬਰਨਾਲਾ: ਪੰਜਾਬ ਦੀ ਮੌਜੂਦਾ ਸਰਕਾਰ ਵੱਲੋਂ ਆਮ ਲੋਕਾਂ ਨੂੰ ਉਨਾਂ ਦੇ ਘਰਾਂ ਨੇੜੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਹਸਪਤਾਲਾਂ ਦੇ ਗੇੜੇ ਨਾ ਮਾਰਨੇ ਪੈਣ। ਇਹ ਪ੍ਰਗਟਾਵਾ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਨੇ ‘ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ’ ਤਹਿਤ ਸਿਹਤ ਵਿਭਾਗ ਵੱਲੋਂ ਪ੍ਰਾਇਮਰੀ ਹੈਲਥ ਸੈਂਟਰ ਸ਼ਹਿਣਾ ਵਿਖੇ ਲਗਾਏ ਗਏ ਸਿਹਤ ਮੇਲੇ ਦਾ ਉਦਘਾਟਨ ਕਰਨ ਮੌਕੇ ਕੀਤਾ।
ਇਸ ਮੌਕੇ ਸੰਬੋਧਨ ਕਰਦੇ ਹੋਏ ਲਾਭ ਸਿੰਘ ਉਗੋਕੇ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ, ਸਿੱਖਿਆ ਤੇ ਹੋਰ ਲੋੜੀਂਦੀਆਂ ਸੇਵਾਵਾਂ ਬਿਹਤਰੀਨ ਬਣਾਉਣ ’ਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨਾਂ ਕਿਹਾ ਕਿ ਸਿਹਤ ਮੇਲੇ ਲਗਾ ਕੇ ਲੋਕਾਂ ਨੂੰ ਉਨਾਂ ਦੇ ਦਰਾਂ ’ਤੇ ਸਿਹਤ ਸੇਵਾਵਾਂ ਮੁਹੱਈਆ ਕਰਾਉਣਾ ਅਜਿਹੇ ਉਪਰਾਲਿਆਂ ਦਾ ਹੀ ਹਿੱਸਾ ਹੈੈ। ਇਸ ਮੌਕੇ ਉਨਾਂ ਸਿਹਤ ਮੇਲੇ ’ਚ ਵੱਖ ਵੱਖ ਬਿਮਾਰੀਆਂ ਦੇ ਚੈਕਅਪ, ਮੁਫਤ ਦਵਾਈਆਂ ਤੇ ਜਾਗਰੂਕਤਾ ਸਮੱਗਰੀ ਵਾਲੀਆਂ ਸਟਾਲਾਂ ਦਾ ਜਾਇਜ਼ਾ ਲਿਆ।
ਇਸ ਮੌਕੇ ਐਸਐਮਓ ਤਪਾ ਡਾ. ਨਵਜੋਤਪਾਲ ਭੁੱਲਰ ਨੇ ਦੱਸਿਆ ਕਿ ਸਿਹਤ ਬਲਾਕ ਤਪਾ ਦੇ ਇਸ ਸਿਹਤ ਮੇਲੇ ’ਚ ਅੱਜ 1000 ਤੋੋਂ ਵੱਧ ਵਿਅਕਤੀਆਂ ਨੇ ਸ਼ਮੂਲੀਅਤ ਕੀਤੀ ਤੇ ਵੱਖ-ਵੱਖ ਬਿਮਾਰੀਆਂ ਤੋਂ ਪੀੜਤ 800 ਤੋਂ ਵੱਧ ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਮੁਫਤ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਮੌਕੇ ਮੈਡੀਸਨ ਮਾਹਰ ਡਾ. ਕੰਵਲਜੀਤ ਸਿੰਘ ਬਾਜਵਾ, ਸਰਜਰੀ ਮਾਹਰ ਡਾ. ਗੁਰਪ੍ਰੀਤ ਸਿੰਘ ਮਾਹਲ, ਅੱਖਾਂ ਦੇ ਮਾਹਰ ਡਾ. ਗੁਰਸਿਮਰਨਜੀਤ ਸਿੰਘ, ਔਰਤ ਰੋਗਾਂ ਦੇ ਮਾਹਰ ਡਾ. ਅਮਨਦੀਪ ਕੌਰ, ਬੱਚਿਆਂ ਦੇ ਮਾਹਰ ਡਾ. ਕੁਨਾਲ ਗਰਗ, ਦੰਦਾਂ ਦਾ ਚੈੱਕਅਪ ਡਾ. ਗੁਰਪ੍ਰੀਤ ਕੌਰ ਧਾਲੀਵਾਲ, ਮੈਡੀਕਲ ਅਫ਼ਸਰ ਡਾ. ਅਰਮਾਨਦੀਪ ਸਿੰਘ ਵਲੋਂ ਮੁਫਤ ਕੀਤਾ ਗਿਆ ਅਤੇ ਦਵਾਈਆਂ ਵੀ ਮੁਫਤ ਦਿੱਤੀਆਂ ਗਈਆਂ।