ਬਰਨਾਲਾ: ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ 'ਚ ਠੇਕਾ ਆਧਾਰ 'ਤੇ ਕੰਮ ਕਰ ਰਹੇ ਮੁਲਾਜ਼ਮਾਂ ਵੱਲੋਂ ਵੀਰਵਾਰ ਨੂੰ ਬਰਨਾਲਾ ਵਿੱਖੇ ਪੰਜਾਬ ਸਰਕਾਰ ਅਤੇ ਮੋਂਟੇਕ ਸਿੰਘ ਆਹਲੂਵਾਲੀਆ ਦਾ ਪੁਤਲਾ ਸਾੜ ਕੇ ਪ੍ਰਦਰਸ਼ਨ ਕੀਤਾ ਗਿਆ।
ਪੰਜਾਬ ਸਰਕਾਰ ਅਤੇ ਮੋਂਟੇਕ ਸਿੰਘ ਆਹਲੂਵਾਲੀਆ ਦਾ ਪੁਤਲਾ ਸਾੜ ਕੇ ਕੀਤਾ ਪ੍ਰਦਰਸ਼ਨ
ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਠੇਕਾ ਆਧਾਰ 'ਤੇ ਕੰਮ ਕਰ ਰਹੇ ਮੁਲਾਜ਼ਮਾਂ ਵੱਲੋਂ ਬਰਨਾਲਾ ਵਿੱਚ ਪੰਜਾਬ ਸਰਕਾਰ ਅਤੇ ਮੋਂਟੇਕ ਸਿੰਘ ਆਹਲੂਵਾਲੀਆ ਦੀ ਅਰਥੀ ਸਾੜਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਦੇ ਆਗੂ ਭਗਤ ਸਿੰਘ ਭਗਤਾ ਅਤੇ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਸਾਢੇ ਤਿੰਨ ਲੱਖ ਦੇ ਕਰੀਬ ਮੁਲਾਜ਼ਮ ਠੇਕਾ ਆਧਾਰ 'ਤੇ ਕੰਮ ਕਰ ਰਹੇ ਹਨ। ਲੰਬੇ ਸਮੇਂ ਤੋਂ ਇਨ੍ਹਾਂ ਸਾਰੇ ਮੁਲਾਜ਼ਮਾਂ ਵੱਲੋਂ ਇਮਾਨਦਾਰੀ ਨਾਲ ਆਪਣੀ ਡਿਊਟੀ ਕੀਤੀ ਜਾ ਰਹੀ ਹੈ। ਮੁਲਾਜ਼ਮਾਂ ਦੇ ਹੱਕਾਂ ਵਿੱਚ 2016 ਵਿੱਚ 1 ਵੈਲਫੇਅਰ ਐਕਟ ਬਣਾਇਆ ਗਿਆ ਸੀ। ਜਿਸ ਨੂੰ ਪੰਜਾਬ ਸਰਕਾਰ ਮੋਂਟੇਕ ਸਿੰਘ ਆਹਲੂਵਾਲੀਆ ਦੀ ਰਿਪੋਰਟ ਦੇ ਆਧਾਰ 'ਤੇ ਭੰਗ ਕਰਨਾ ਚਾਹੁੰਦੀ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਸਮੂਹ ਠੇਕਾ ਮੁਲਾਜ਼ਮਾਂ ਨੂੰ ਪੱਕਾ ਤਾਂ ਕੀ ਕਰਨਾ ਸੀ, ਬਲਕਿ ਵੱਖ-ਵੱਖ ਵਿਭਾਗਾਂ ਵਿੱਚੋਂ ਮੁਲਾਜ਼ਮਾਂ ਦੀਆਂ ਛਾਂਟੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬਰਨਾਲਾ ਤੋਂ ਅਰਥੀ ਫੂਕ ਕੇ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ ਹੈ। 13 ਅਕਤੂਬਰ ਨੂੰ ਪਟਿਆਲਾ ਵਿੱਖੇ ਸਮੂਹ ਪੰਜਾਬ ਦੇ ਠੇਕਾ ਆਧਾਰਤ ਮੁਲਾਜ਼ਮ ਸਰਕਾਰ ਖਿਲਾਫ਼ ਵੱਡਾ ਸੰਘਰਸ਼ ਵਿੱਢਣਗੇ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਫਿਰ ਵੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਕਾਂਗਰਸੀ ਮੰਤਰੀਆਂ, ਵਿਧਾਇਕਾਂ ਅਤੇ ਲੀਡਰਾਂ ਦਾ ਬਾਈਕਾਟ ਕੀਤਾ ਜਾਵੇਗਾ ਅਤੇ ਕਿਸੇ ਵੀ ਪਿੰਡ ਵਿੱਚ ਕਾਂਗਰਸੀ ਉਮੀਦਵਾਰ ਨੂੰ ਆਉਣ ਨਹੀਂ ਦਿੱਤਾ ਜਾਵੇਗਾ।