ਬਰਨਾਲਾ: ਪੰਜਾਬ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ੇ ਛੁਡਾਉਣ ਦੀ ਵਿੱਢੀ ਮੁਹਿੰਮ ਨੂੰ ਜ਼ਿਲ੍ਹਾ ਬਰਨਾਲਾ ਵਿੱਚ ਅੱਜ ਉਸ ਵੇਲੇ ਵੱਡੀ ਸਫਲਤਾ ਮਿਲੀ, ਜਦੋਂ ਡਿਪਟੀ ਕਮਿਸ਼ਨਰ ਸ੍ਰੀ ਹਰੀਸ਼ ਨਈਅਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੇਂਡੂ ਵਿਕਾਸ ਤੇ ਪੰਚਾਇਤੀ ਰਾਜ ਵਿਭਾਗ ਦੇ ਅਧਿਕਾਰੀਆਂ ਨੇ ਪਿੰਡ ਮੂੰਮ ਦੀ 37 ਕਨਾਲ 8 ਮਰਲੇ ਵਾਹੀਯੋਗ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਾਇਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਹਰੀਸ਼ ਨਈਅਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਰਨਾਲਾ ’ਚ ਨਾਜਾਇਜ਼ ਕਬਜ਼ੇ ਛੁਡਾਉਣ ਦੀ ਮੁਹਿੰਮ ਵਿੱਢੀ ਗਈ ਹੈ। ਜ਼ਿਲ੍ਹੇ ਦੇ ਪਿੰਡ ਮੂੰਮ ’ਚ ਇਕ ਪਰਿਵਾਰ ਵੱਲੋਂ ਕਰੀਬ ਪੰਜ ਦਹਾਕਿਆਂ ਤੋਂ 37 ਕਨਾਲ 8 ਮਰਲੇ ਵਾਹੀਯੋਗ ਜ਼ਮੀਨ ’ਤੇ ਕਬਜ਼ਾ ਕੀਤਾ ਹੋਇਆ ਸੀ।
ਜਿਸ ਸਬੰਧੀ ਪਿਛਲੇ ਹਫਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਰੂਪ ਦੀ ਅਗਵਾਈ ’ਚ ਉਨਾਂ ਵੱਲੋਂ ਟੀਮ ਭੇਜੀ ਗਈ ਸੀ ਤਾਂ ਜੋ ਸਬੰਧਤ ਪਰਿਵਾਰ ਨਾਲ ਸਿੱਧਾ ਰਾਬਤਾ ਬਣਾਇਆ ਜਾ ਸਕੇ। ਇਸ ਮਗਰੋਂ ਅੱਜ ਗ੍ਰਾਮ ਪੰਚਾਇਤ ਮੂੰਮ ਵੱਲੋਂ ਸਬੰਧਤ ਜ਼ਮੀਨ ’ਤੇ ਕਬਜ਼ਾ ਲਿਆ ਜਾਣਾ ਸੀ। ਇਸ ਤੋਂ ਪਹਿਲਾਂ ਹੀ ਤੇਜਿੰਦਰ ਸਿੰਘ ਵਾਸੀ ਮੂੰਮ ਵੱਲੋਂ ਪ੍ਰਸ਼ਾਸਨ ਨੂੰ ਸਹਿਯੋਗ ਦਿੰਦੇ ਹੋਏ ਪੰਚਾਇਤੀ ਵਿਭਾਗ ਨਾਲ ਸੰਪਰਕ ਕੀਤਾ ਗਿਆ ਅਤੇ ਅੱਜ ਉਨਾਂ ਨੂੰ ਘੋਸ਼ਣਾ ਪੱਤਰ ਸੌਂਪ ਕੇ ਜ਼ਮੀਨ ਦਾ ਕਬਜ਼ਾ ਛੱਡ ਦਿੱਤਾ ਗਿਆ ਹੈੇੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਪਰਮਵੀਰ ਸਿੰਘ ਨੇ ਆਖਿਆ ਕਿ ਜ਼ਿਲ੍ਹੇ ਵਿੱਚ ਪੰਚਾਇਤੀ ਜ਼ਮੀਨ ’ਤੇ ਨਾਜਾਇਜ਼ ਕਬਜ਼ੇ ਛੁਡਾਉਣ ਦੀ ਮੁਹਿੰਮ ਜਾਰੀ ਹੈ ਅਤੇ ਆਉਦੇ ਦਿਨੀਂ ਹੋਰ ਵੀ ਕਬਜ਼ੇ ਛੁਡਾਏ ਜਾਣਗੇ।ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਰੂਪ ਸਿੰਘ ਨੇ ਕਾਬਜ਼ਕਾਰਾਂ ਨੂੰ ਅਪੀਲ ਕੀਤੀ ਕਿ ਉਹ ਖੁਦ ਹੀ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੱਡ ਦੇਣ, ਅਜਿਹਾ ਨਾ ਕਰਨ ’ਤੇ ਨੇਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।