ਬਰਨਾਲਾ: ਸ਼ਹਿਰ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰਦੁਆਰਾ ਬਾਬਾ ਗਾਂਧਾ ਸਿੰਘ ਵਿਖੇ ਸਾਬਕਾ ਜਥੇਦਾਰ ਗਿਆਨੀ ਮੱਲ ਸਿੰਘ ਦੀ ਯਾਦ ਵਿੱਚ ਇੱਕ ਯਾਦਗਾਰੀ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ 'ਤੇ ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਧੁੰਮਾ ਸਮੇਤ ਹੋਰ ਕਈ ਪੰਥਕ ਸ਼ਖ਼ਸੀਅਤਾਂ ਪਹੁੰਚੀਆਂ।
ਇਸ ਸਮੇਂ ਗੋਬਿੰਦ ਸਿੰਘ ਲੌਂਗੋਵਾਲ ਅਤੇ ਹਰਨਾਮ ਸਿੰਘ ਧੁੰਮਾ ਨੇ ਕਿਹਾ ਕਿ ਬਰਨਾਲਾ ਦੀ ਧਰਤੀ 'ਤੇ ਜਨਮੇ ਸਾਬਕਾ ਜਥੇਦਾਰ ਗਿਆਨੀ ਮੱਲ ਸਿੰਘ ਦੀ ਯਾਦ ਵਿੱਚ ਅੱਜ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ ਹੈ। ਉਨ੍ਹਾਂ ਨੇ ਸਾਰੀ ਉਮਰ ਸਿੱਖ ਕੌਮ ਦੇ ਲਈ ਕੁਰਬਾਨ ਕਰ ਦਿੱਤੀ ਅਤੇ ਅੱਜ ਉਨ੍ਹਾਂ ਦਾ ਪਰਿਵਾਰ ਵੀ ਉਨ੍ਹਾਂ ਦੇ ਪਦ ਚਿੰਨ੍ਹਾਂ ਤੇ ਚੱਲਦੇ ਹੋਏ ਗੁਰੂ ਘਰਾਂ ਦੀ ਸੇਵਾ ਕਰ ਰਿਹਾ ਹੈ।
ਐੱਸਜੀਪੀਸੀ ਪ੍ਰਧਾਨ ਭਾਈ ਲੌਂਗੋਵਾਲ ਨੇ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਸਬੰਧੀ ਗੱਲਬਾਤ ਕਰਦੇ ਹੋਏ ਕਿਹਾ ਕਿ ਅਮਿਤ ਸ਼ਾਹ ਵੱਲੋਂ ਭਾਈ ਰਾਜੋਆਣਾ ਦੀ ਸਜ਼ਾ ਬਹਾਲ ਰੱਖਣ ਲਈ ਦਿੱਤਾ ਗਿਆ ਬਿਆਨ ਬਹੁਤ ਹੀ ਨਿੰਦਣਯੋਗ ਹੈ। ਅਮਿਤ ਸ਼ਾਹ ਦੇ ਇਸ ਫੈਸਲੇ ਨੇ ਸਮੁੱਚੀ ਸਿੱਖ ਕੌਮ ਦੇ ਦਿਲਾਂ ਨੂੰ ਭਾਰੀ ਠੇਸ ਪਹੁੰਚਾਈ ਹੈ, ਕਿਉਂਕਿ ਪਿਛਲੇ ਦਿਨੀਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਭਾਰਤ ਸਰਕਾਰ ਨੇ ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦਾ ਫ਼ੈਸਲਾ ਕੀਤਾ ਸੀ, ਇਨ੍ਹਾਂ ਕੈਦੀਆਂ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਵੀ ਸ਼ਾਮਿਲ ਸਨ, ਪਰ ਹੁਣ ਭਾਰਤ ਸਰਕਾਰ ਨੇ ਯੂ-ਟਰਨ ਲੈਂਦੇ ਹੋਏ ਭਾਈ ਰਾਜੋਆਣਾ ਦੀ ਸਜ਼ਾ ਮੁੜ ਬਹਾਲ ਰੱਖੀ ਹੈ।